
ਜਲ ਨਿਕਾਸੀ ਦੇ ਕੁ-ਪ੍ਰਬੰਧਾਂ ਲਈ ਗਮਾਡਾ, ਨਗਰ ਨਿਗਮ ਤੇ ਪੰਜਾਬ ਸਰਕਾਰ ਜਿੰਮੇਵਾਰ
ਕਿਹਾ, ਜੇਕਰ ਸਰਕਾਰ ਨੇ ਫੌਰੀ ਤੌਰ ’ਤੇ ਠੋਸ ਕਦਮ ਨਾ ਚੁੱਕੇ ਤਾਂ ਅਕਾਲੀ ਦਲ ਸੰਘਰਸ਼ ਕਰੇਗਾ: ਪਰਵਿੰਦਰ ਸੋਹਾਣਾ
ਨਬਜ਼-ਏ-ਪੰਜਾਬ, ਮੁਹਾਲੀ, 22 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਮੁਹਾਲੀ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਪੰਜਾਬ ਸਰਕਾਰ, ਗਮਾਡਾ ਅਤੇ ਨਗਰ ਨਿਗਮ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਅੱਜ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਦੇ ਵਸਨੀਕ ਇਨ੍ਹਾਂ ਦੀ ਲਾਪ੍ਰਵਾਹੀ ਕਾਰਨ ਆਹਮੋ ਸਾਹਮਣੇ ਹੋ ਗਏ ਹਨ ਅਤੇ ਆਪਸੀ ਭਾਈਚਾਰਾ ਖਰਾਬ ਹੋ ਰਿਹਾ ਹੈ। ਅੱਜ ਸੈਕਟਰ-71 ਦੇ ਵਸਨੀਕਾਂ ਨੇ ਫੇਜ਼-3ਬੀ2 ਵਾਲੀ ਸੜਕ ਉੱਤੇ ਜਾਮ ਲਗਾ ਦਿੱਤਾ ਤੇ ਮੰਗ ਕੀਤੀ ਕਿ ਫੇਜ਼-3ਬੀ2 ਦਾ ਪਾਣੀ ਸੈਕਟਰ-71 ਵਾਲੇ ਪਾਸੇ ਨਾ ਛੱਡਿਆ ਜਾਵੇ।
ਪਰਵਿੰਦਰ ਸੋਹਾਣਾ ਨੇ ਕਿਹਾ ਕਿ ਮੋਹਾਲੀ ਪੰਜਾਬ ਦਾ ਇਕ ਅਤਿ ਵਿਕਸਿਤ ਸ਼ਹਿਰ ਹੈ ਅਤੇ ਇਸ ਨੂੰ ਪੰਜਾਬ ਦੀ ਮਿੰਨੀ ਰਾਜਧਾਨੀ ਕਿਹਾ ਜਾਂਦਾ ਹੈ। ਉਹਨਾਂ ਕਿਹਾ ਕਿ ਮੋਹਾਲੀ ਨੂੰ ਸਮਾਰਟ ਸਿਟੀ ਬਣਾਉਣ ਦੀਆਂ ਸਕੀਮਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕੇ ਦੂਜੇ ਪਾਸੇ ਮੁਹਾਲੀ ਦੇ ਕਈ ਅਜਿਹੇ ਇਲਾਕੇ ਹਨ ਜੋ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਾਰਨ ਪਾਣੀ ਵਿੱਚ ਡੁੱਬਦੇ ਹਨ ਅਤੇ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਅਜਿਹਾ ਹੁੰਦਾ ਆ ਰਿਹਾ ਹੈ ਪਰ ਇਸਦਾ ਪੱਕਾ ਹੱਲ ਨਹੀਂ ਕੱਢਿਆ ਜਾ ਰਿਹਾ।
ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਰਸਾਤ ਦੌਰਾਨ ਫੇਜ਼-11 ਅਤੇ ਹਲਕੇ ਦੇ ਹੋਰਨਾਂ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਵੱਲੋਂ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਰਾਸ਼ਨ ਵੀ ਵੰਡਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਮੁੱਖ ਤੌਰ ਤੇ ਫੇਜ਼-3ਬੀ2, ਫੇਜ਼-4, ਫੇਜ਼-5, ਫੇਜ਼-11, ਸੈਕਟਰ-71 ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਲਾਂ ਦਰ ਸਾਲ ਇਹ ਉਪਰੋਕਤ ਇਲਾਕੇ ਬਰਸਾਤ ਦੇ ਮੌਸਮ ਦੌਰਾਨ ਬਹੁਤ ਤੰਗ ਹੁੰਦੇ ਰਹੇ ਹਨ। ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ ਅਤੇ ਪ੍ਰਸ਼ਾਸਨ ਅਤੇ ਨਗਰ ਨਿਗਮ ਵਲੋਂ ਵੱਡੇ ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਕੋਈ ਕਾਰਵਾਈ ਨਾ ਹੋਣ ਕਾਰਨ ਅਗਲੇ ਸਾਲ ਫੇਰ ਇਹੀ ਸਾਰਾ ਕੁਝ ਮੁੜ ਉਸੇ ਤਰ੍ਹਾਂ ਵਾਪਰਦਾ ਹੈ। ਉਹਨਾਂ ਕਿਹਾ ਕਿ ਜੋ ਲੋਕ ਸਰਕਾਰ ਨੂੰ ਹਰ ਤਰ੍ਹਾਂ ਦਾ ਟੈਕਸ ਦੇ ਰਹੇ ਹਨ ਅਤੇ ਨਗਰ ਨਿਗਮ ਨੂੰ ਪ੍ਰਾਪਰਟੀ ਟੈਕਸ ਵੀ ਦੇ ਰਹੇ ਹਨ, ਬਿਨਾਂ ਕਿਸੇ ਕਸੂਰ ਦੇ ਸਜ਼ਾ ਭੁਗਤ ਰਹੇ ਹਨ।
ਉਨ੍ਹਾਂ ਮੰਗ ਕੀਤੀ ਕਿ ਗਮਾਡਾ, ਨਗਰ ਨਿਗਮ, ਪੰਜਾਬ ਸਰਕਾਰ ਤੇ ਜਨ ਸਿਹਤ ਵਿਭਾਗ ਆਪਸੀ ਤਾਲ ਮੇਲ ਨਾਲ ਮੁਹਾਲੀ ਵਿੱਚੋਂ ਪਾਣੀ ਨਿਕਾਸੀ ਦੇ ਪ੍ਰਬੰਧ ਕਰਨ ਲਈ ਮੀਟਿੰਗਾਂ ਕਰਨ ਅਤੇ ਖਾਸ ਤੌਰ ਤੇ ਉਪਰੋਕਤ ’ਚੋਂ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਫੌਰੀ ਤੌਰ ’ਤੇ ਅਜਿਹੇ ਪ੍ਰਬੰਧ ਕਰਨ ਲਈ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਦੇ ਖ਼ਿਲਾਫ ਸੰਘਰਸ਼ ਦਾ ਰਾਹ ਅਖ਼ਤਿਆਰ ਕਰੇਗਾ ਅਤੇ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।