ਨਗਰ ਨਿਗਮ ਚੋਣਾਂ: ਚੰਗੇ ਕਿਰਦਾਰ ਵਾਲੇ ਆਜ਼ਾਦ ਉਮੀਦਵਾਰਾਂ ਦੀ ਮਦਦ ਕਰਾਂਗੇ: ਕੈਪਟਨ ਸਿੱਧੂ

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਪਾਰਟੀ ਪੱਧਰ ’ਤੇ ਨਿਗਮ ਚੋਣਾਂ ਨਾ ਲੜਨ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣ ਪਾਰਟੀ ਪੱਧਰ ਉੱਤੇ ਨਾ ਲੜਨ ਦਾ ਫੈਸਲਾ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਸੇਵਾ ਦੀ ਭਾਵਨਾ ਰੱਖਣ ਵਾਲੇ ਉੱਚੇ-ਸੁੱਚੇ ਕਿਰਦਾਰ ਵਾਲੇ ਆਜ਼ਾਦ ਉਮੀਦਵਾਰਾਂ ਦੀ ਮਦਦ ਕੀਤੀ ਜਾਵੇਗੀ, ਬਸ਼ਰਤੇ ਉਹ ਉਮੀਦਵਾਰ ਅਕਾਲੀ ਦਲ (ਬਾਦਲ), ਭਾਜਪਾ ਅਤੇ ਕਾਂਗਰਸ ਨਾਲ ਸਬੰਧ ਨਾ ਰੱਖਦੇ ਹੋਵੇ, ਕਿਉਂਕਿ ਇਨ੍ਹਾਂ ਤਿੰਨਾਂ ਸਿਆਸੀ ਪਾਰਟੀਆਂ ਤੋਂ ਪੰਜਾਬ ਦੇ ਲੋਕਾਂ ਦਾ ਭਰੋਸਾ ਉੱਠ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਪੰਜਾਬ ਵਿਰੋਧੀ ਅਤੇ ਸਵਾਰਥੀ ਸੋਚ ਲੈ ਕੇ ਚੱਲਣ ਵਾਲੀਆਂ ਰਾਜਨੀਤਿਕ ਪਾਰਟੀਆਂ ਸਿੱਧ ਕੀਤੀਆਂ ਜਾ ਚੁੱਕੀਆਂ ਹਨ।
ਕੈਪਟਨ ਸਿੱਧੂ ਨੇ ਕਿਹਾ ਕੇ ਅੱਜ ਪੰਜਾਬ ਜਿਨ੍ਹਾਂ ਹਾਲਾਤਾਂ ’ਚੋਂ ਗੁਜ਼ਰ ਰਿਹਾ ਹੈ, ਉਸ ਲਈ ਇਹ ਤਿੰਨੇ ਪਾਰਟੀਆਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਜਦੋਂ ਪੰਜਾਬ ਦਾ ਅੰਨਦਾਤਾ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਹੈ ਤਾਂ ਅਜਿਹੇ ਸਮੇਂ ਮਿਉਂਸਪਲ ਚੋਣਾਂ ਕਰਵਾਉਣ ਦਾ ਮੁੱਖ ਮੰਤਵ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨਾ ਹੈ ਜੋ ਕਿ ਇਨ੍ਹਾਂ ਪਾਰਟੀਆਂ ਦੀ ਸੋਚ ਨੂੰ ਉਜਾਗਰ ਕਰਦਾ ਹੈ।
ਉਧਰ, ਆਮ ਆਦਮੀ ਪਾਰਟੀ (ਆਪ) ਨੇ ਵੀ ਹਾਲੇ ਤਾਈਂ ਆਪਣੇ ਪੱਤੇ ਨਹੀਂ ਖੋਲ੍ਹੇ ਹਨ। ਉਂਜ ਆਪ ਵਲੰਟੀਅਰ ਅੰਦਰਖਾਤੇ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ ਅਤੇ ਕਈ ਥਾਵਾਂ ’ਤੇ ਆਪ ਵਲੰਟੀਅਰਾਂ ਨੇ ਮਿਉਂਸਪਲ ਚੋਣਾਂ ਸਬੰਧੀ ਫਲੈਕਸ ਬੋਰਡ ਵੀ ਲਗਾਏ ਗਏ ਹਨ। ਕਾਲੇ ਖੇਤੀ ਕਾਨੂੰਨਾਂ ਨੂੰ ਦੇਖਦੇ ਹੋਏ ਭਾਜਪਾ ਵੀ ਖੁੱਲ੍ਹ ਕੇ ਸਾਹਮਣੇ ਨਹੀਂ ਆਈ ਹੈ। ਭਾਜਪਾ ਦੇ ਸਾਬਕਾ ਕੌਂਸਲਰ ਆਪਣੇ ਪੱਧਰ ’ਤੇ ਲੋਕਾਂ ਵਿੱਚ ਗੁਪਤ ਤਰੀਕੇ ਨਾਲ ਵਿਚਰ ਰਹੇ ਹਨ ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਅਤੇ ਆਜ਼ਾਦ ਗਰੁੱਪ ਵੱਲੋਂ ਚੋਣ ਸਰਗਰਮੀਆਂ ਵੱਡੇ ਪੱਧਰ ’ਤੇ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…