Nabaz-e-punjab.com

ਨਗਰ ਨਿਗਮ ਚੋਣਾਂ: ਮੁਹਾਲੀ ਦੀ ਵਾਰਡਬੰਦੀ ਸਬੰਧੀ ਹੁਣ 1 ਸਤੰਬਰ ਨੂੰ ਹੋਵੇਗੀ ਮੀਟਿੰਗ

ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਨੇ ਪੱਤਰ ਲਿਖ ਕੇ ਮੀਟਿੰਗ ਬਾਰੇ ਦਿੱਤੀ ਸੂਚਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਮੁਹਾਲੀ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਸਬੰਧੀ ਸ਼ਹਿਰ ਦੀ ਨਵੇਂ ਸਿਰਿਓਂ ਵਾਰਡਬੰਦੀ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਬਣਾਏ ਗਏ ਵਾਰਡਬੰਦੀ ਬੋਰਡ ਦੀ ਹੁਣ 1 ਸਤੰਬਰ ਨੂੰ ਡਾਇਰੈਕਟੋਰੇਟ ਦਫ਼ਤਰ ਵਿੱਚ ਮੀਟਿੰਗ ਹੋਵੇਗੀ। ਪ੍ਰਸ਼ਾਸਕੀ ਕਾਰਨਾਂ ਕਰਕੇ ਬੀਤੀ 24 ਅਗਸਤ ਨੂੰ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ ਸੀ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਨਗਰ ਨਿਗਮ ਦੀ ਨਵੇਂ ਸਿਰਿਓਂ ਵਾਰਡਬੰਦੀ ਤਜਵੀਜ਼ ਤਿਆਰ/ਵਿਚਾਰ ਕਰਨ ਸਬੰਧੀ ਸੂਬਾ ਸਰਕਾਰ ਵੱਲੋਂ ਗਠਿਤ ਡੀ-ਲਿਮਿਟੇਸ਼ਨ ਬੋਰਡ ਦੀ ਮੀਟਿੰਗ 1 ਸਤੰਬਰ ਨੂੰ ਪੰਜਾਬ ਮਿਉਂਸਪਲ ਭਵਨ ਦੇ ਕਮੇਟੀ ਰੂਮ ਵਿੱਚ ਕੀਤੀ ਜਾਵੇਗੀ। ਜਿਸ ਵਿੱਚ ਪ੍ਰਸਤਾਵਿਤ ਵਾਰਡਬੰਦੀ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਕਰੋਨਾ ਮਹਾਮਾਰੀ ਦੇ ਚੱਲਦਿਆਂ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਪਿਛਲੇ ਕਈ ਦਿਨਾਂ ਤੋਂ ਆਪਣੇ ਘਰ ਇਕਾਂਤਵਾਸ ਵਿੱਚ ਹਨ ਅਤੇ ਬੀਤੀ 24 ਅਗਸਤ ਨੂੰ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਦੀ ਵੀ ਅਚਾਨਕ ਤਬੀਅਤ ਵਿਗੜ ਗਈ ਸੀ। ਦੱਸਿਆ ਗਿਆ ਹੈ ਕਿ ਦਫ਼ਤਰ ਦੇ ਦੋ ਕਰਮਚਾਰੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਦਫ਼ਤਰੀ ਕੰਮ ਅਤੇ ਵਾਰਡਬੰਦੀ ਦੇ ਕੰਮ ਨੂੰ ਅੰਤਿਮ ਛੋਹਾਂ ਦੇਣ ਦਾ ਕੰਮ ਲਟਕਿਆ ਹੋਇਆ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਹੁਕਮਰਾਨਾਂ ਨੇ ਆਪਣੇ ਪੱਧਰ ’ਤੇ ਵਾਰਡਬੰਦੀ ਦਾ ਨਕਸ਼ਾ ਤਿਆਰ ਕਰ ਲਿਆ ਗਿਆ ਹੈ, ਬੱਸ ਵਾਰਡਬੰਦੀ ਬੋਰਡ ਦੀ ਮੀਟਿੰਗ ਕਰਕੇ ਰਸਮੀ ਕਾਰਵਾਈ ਪੂਰੀ ਕੀਤੀ ਜਾਣੀ ਬਾਕੀ ਹੈ। ਸੂਤਰ ਦੱਸਦੇ ਹਨ ਕਿ ਅਕਾਲੀ-ਭਾਜਪਾ ਦੇ ਜ਼ਿਆਦਾਤਰ ਸਾਬਕਾ ਕੌਂਸਲਰਾਂ ਦੇ ਵਾਰਡਾਂ ਨਾਲ ਕਾਫੀ ਛੇੜਛਾੜ ਕੀਤੀ ਗਈ ਹੈ। ਸੱਤਾਧਾਰੀ ਧਿਰ ਵੱਲੋਂ ਅਜਿਹਾ ਨਿਗਮ ਚੋਣਾਂ ਵਿੱਚ ਹੂੰਝਾਫੇਰ ਜਿੱਤ ਹਾਸਲ ਕਰਨ ਲਈ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਮੁਹਾਲੀ ਦੇ ਪੁਰਾਣੇ 50 ਵਾਰਡਾਂ ਦੀ ਨਵੇਂ ਸਿਰਿਓਂ ਵਾਰਡਬੰਦੀ ਦਾ ਕੰਮ ਪਿਛਲੇ ਇੱਕ ਮਹੀਨੇ ਤੋਂ ਲਟਕਦਾ ਆ ਰਿਹਾ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੇ ਬੀਤੀ 24 ਜੁਲਾਈ ਨੂੰ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ 30 ਜੁਲਾਈ ਤੱਕ ਵਾਰਡਬੰਦੀ ਦਾ ਕੰਮ ਮੁਕੰਮਲ ਕਰਕੇ ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਇਸ ਮਗਰੋਂ ਨਗਰ ਅਧਿਕਾਰੀਆਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਪੱਤਰ ਲਿਖ ਕੇ ਰੂਲਾਂ ਸਬੰਧੀ ਜਾਣਕਾਰੀ ਮੰਗੀ ਗਈ। ਜਿਨ੍ਹਾਂ ਤਹਿਤ ਵਾਰਡਬੰਦੀ ਕੀਤੀ ਜਾਣੀ ਹੈ। ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਵਾਰਡਬੰਦੀ ਦੇ ਪ੍ਰਸਤਾਵਿਤ ਖਰੜੇ ਨੂੰ ਪ੍ਰਵਾਨ ਕਰਕੇ ਪਹਿਲੀ ਪ੍ਰਕਾਸ਼ਨਾਂ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਸ਼ਹਿਰ ਵਾਸੀਆਂ ਤੋਂ ਇਤਰਾਜ਼ ਮੰਗੇ ਜਾਣਗੇ। ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਜ਼ੋਰਾਂ ’ਤੇ ਹੈ ਕਿ ਹੁਕਮਰਾਨ ਐਤਕੀਂ ਕਿਸੇ ਵੀ ਤਰੀਕੇ ਨਾਲ ਨਗਰ ਨਿਗਮ ’ਤੇ ਕਾਬਜ਼ ਹੋਣਾ ਚਾਹੁੰਦੇ ਹਨ ਅਤੇ ਉਹ ਅਧਿਕਾਰੀਆਂ ਨਾਲ ਮਿਲ ਕੇ ਅਕਾਲੀ ਦਲ ਅਤੇ ਭਾਜਪਾ ਦੇ ਪ੍ਰਮੁੱਖ ਆਗੂਆਂ ਜੋ ਆਪਣੇ ਪੁਰਾਣੇ ਵਾਰਡਾਂ ’ਚੋਂ ਮੁੜ ਜਿੱਤਣ ਦੀ ਸਮਰਥਾ ਰੱਖਦੇ ਹਨ, ਉਨ੍ਹਾਂ ਦੇ ਮੌਜੂਦਾ ਵਾਰਡਾਂ ਨਾਲ ਛੇੜਛਾੜ ਕਰਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਲਾਭ ਮਿਲ ਸਕੇ।
ਉਧਰ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਸਪੱਸ਼ਟ ਸ਼ਬਦਾ ਵਿੱਚ ਆਖਿਆ ਹੈ ਕਿ ਜੇਕਰ ਸਰਕਾਰ ਨੇ ਵਾਰਡਬੰਦੀ ਸਬੰਧੀ ਨਿਯਮਾਂ ਦੇ ਖ਼ਿਲਾਫ਼ ਜਾ ਕੇ ਕੋਈ ਕਾਰਵਾਈ ਕੀਤੀ ਤਾਂ ਉਹ ਇਨਸਾਫ਼ ਪ੍ਰਾਪਤੀ ਲਈ ਹਾਈ ਕੋਰਟ ਦਾ ਬੂਹਾ ਖੜਕਾਉਣਗੇ ਅਤੇ ਪਟੀਸ਼ਨ ਵਿੱਚ ਵਾਰਡਬੰਦੀ ਬੋਰਡ ਦੇ ਮੈਂਬਰਾਂ ਸਮੇਤ ਹੋਰ ਸਬੰਧਤ ਉੱਚ ਅਧਿਕਾਰੀਆਂ ਨੂੰ ਪਾਰਟੀ ਬਣਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…