Share on Facebook Share on Twitter Share on Google+ Share on Pinterest Share on Linkedin ਨਗਰ ਨਿਗਮ ਚੋਣਾਂ: ਮੁਹਾਲੀ ਦੀ ਵਾਰਡਬੰਦੀ ਤੇ ਰਾਖਵਾਂਕਰਨ ਬਾਰੇ ਹਾਈ ਕੋਰਟ ਵਿੱਚ ਸ਼ੁੱਕਰਵਾਰ ਨੂੰ ਹੋਵੇਗੀ ਸੁਣਵਾਈ ਪੰਜਾਬ ਸਰਕਾਰ ਨੇ ਦੋਵੇਂ ਪਟੀਸ਼ਨਾਂ ਬਾਰੇ ਜਵਾਬ ਦਾਇਰ ਕੀਤਾ ਪਟੀਸ਼ਨਰਾਂ ਵੱਲੋਂ ਹੁਕਮਰਾਨਾਂ ’ਤੇ ਗਲਤ ਤਰੀਕੇ ਨਾਲ ਵਾਰਡਬੰਦੀ ਤੇ ਰਾਖਵਾਂਕਰਨ ਦਾ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ: ਮੁਹਾਲੀ ਨਗਰ ਨਿਗਮ ਦੀ ਚੋਣਾਂ ਸਬੰਧੀ ਨਵੀਂ ਵਾਰਡਬੰਦੀ ਅਤੇ ਰਾਖਵੇਂਕਰਨ ਦਾ ਮਾਮਲਾ ਫਿਰ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਅਕਾਲੀ ਦਲ ਦੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਗਲਤ ਤਰੀਕੇ ਨਾਲ ਵਾਰਡਬੰਦੀ ਕਰਨ ਅਤੇ ਫੇਜ਼-6 ਦੇ ਵਸਨੀਕ ਬਚਨ ਸਿੰਘ ਨੇ ਰਾਖਵੇਂਕਰਨ ਖ਼ਿਲਾਫ਼ ਵੱਖੋ-ਵੱਖ ਪਟੀਸ਼ਨਾਂ ਦਾਇਰ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਇਨ੍ਹਾਂ ਪਟੀਸ਼ਨਾਂ ’ਤੇ ਭਲਕੇ 4 ਦਸੰਬਰ ਨੂੰ ਜਸਟਿਸ ਗਿਰੀਸ਼ ਅਗਨੀਹੋਤਰੀ ਅਤੇ ਜਤਿੰਦਰਾ ਚੌਹਾਨ ਦੀ ਅਗਵਾਈ ਵਾਲੇ ਡਬਲ ਬੈਂਚ ਸੁਣਵਾਈ ਕਰੇਗਾ। ਉਧਰ, ਪੰਜਾਬ ਸਰਕਾਰ ਨੇ ਉਕਤ ਦੋਵੇਂ ਪਟੀਸ਼ਨਾਂ ਬਾਰੇ ਆਪਣਾ ਜਵਾਬ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਸਾਰੀਆਂ ਧਿਰਾਂ ਨੂੰ ਸੁਣਿਆ ਜਾਵੇਗਾ। ਇਸ ਤੋਂ ਪਹਿਲਾਂ ਵੀ ਅਕਾਲੀ ਦਲ ਨੇ ਦੋ ਵਾਰ ਵੱਖੋ ਵੱਖਰੀਆਂ ਪਟੀਸ਼ਨਾਂ ਦਾਇਰ ਕਰਕੇ ਨਵੀਂ ਵਾਰਡਬੰਦੀ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰਨ ਖ਼ਿਲਾਫ਼ ਹਾਈ ਕੋਰਟ ਦਾ ਬੂਹਾ ਖੜਕਾਇਆ ਜਾ ਚੁੱਕਾ ਹੈ ਪ੍ਰੰਤੂ ਵਿਰੋਧੀ ਧਿਰ ਨੂੰ ਉੱਚ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਦੇ ਡਬਲ ਬੈਂਚ ਨੇ ਪਹਿਲੀਆਂ ਪਟੀਸ਼ਨਾਂ ’ਤੇ ਵੀ ਸੁਣਵਾਈ 6 ਜਨਵਰੀ 2021 ਤੱਕ ਅੱਗੇ ਟਾਲ ਦਿੱਤੀ ਸੀ। ਸਾਬਕਾ ਮੇਅਰ ਕੁਲਵੰਤ ਸਿੰਘ ਧੜੇ ਦੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਨੇ ਦੱਸਿਆ ਕਿ ਇੱਥੋਂ ਦੇ ਫੇਜ਼-6 (ਨਵਾਂ ਵਾਰਡ ਨੰਬਰ-49) ਨੂੰ ਜਨਰਲ ਪੁਰਸ਼ ਤੋਂ ਅਨੁਸੂਚਿਤ ਜਾਤੀ ਦੀ ਅੌਰਤਾਂ ਲਈ ਰਾਖਵਾਂ ਕਰ ਦਿੱਤਾ ਗਿਆ ਹੈ। ਜਦੋਂਕਿ ਇਸ ਇਲਾਕੇ ਵਿੱਚ ਜ਼ਿਆਦਾਤਰ ਵਸੋਂ ਜਨਰਲ ਵਰਗ ਦੇ ਲੋਕਾਂ ਦੀ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ-49 ਵਿੱਚ 250 ਘਰ ਹਨ। ਨਵੀਂ ਵਾਰਡਬੰਦੀ ਤੋਂ ਬਾਅਦ ਇਨ੍ਹਾਂ ਘਰਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਇੱਥੇ ਰਹਿੰਦੇ ਲੋਕਾਂ ਤੋਂ ਲਿਖਤੀ ਸਹਿਮਤੀ ਲਈ ਗਈ ਹੈ। ਜਿਸ ਤੋਂ ਪਤਾ ਚਲਦਾ ਹੈ ਕਿ ਇੱਥੇ ਸਿਰਫ਼ 9 ਘਰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨ ਗਲਤ ਤਰੀਕੇ ਨਾਲ ਚੋਣਾਂ ਜਿੱਤਣ ਲਈ ਹਰ ਹੀਲਾ ਵਰਤ ਰਹੇ ਹਨ। ਇੰਜ ਹੀ ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਸੈਕਟਰ-70 ਸਥਿਤ ਉਸ ਦੇ ਵਾਰਡ ਨੂੰ ਜਾਣਬੁੱਝ ਕੇ ਰਾਖਵੇਂਕਰਨ ਦੇ ਤਹਿਤ ਲਿਆਂਦਾ ਗਿਆ ਹੈ ਤਾਂ ਜੋ ਉਹ ਜਾਂ ਉਸ ਦੇ ਪਰਿਵਾਰ ਦਾ ਕੋਈ ਮੈਂਬਰ ਚੋਣ ਨਾ ਲੜ ਸਕੇ। ਉਨ੍ਹਾਂ ਕਿਹਾ ਕਿ ਇਸ ਵਾਰਡ ਨੂੰ ਸੋਹਾਣਾ ਪਿੰਡ ਨਾਲ ਜੋੜਿਆ ਗਿਆ ਹੈ, ਜਦੋਂਕਿ ਪਿੰਡ ਸੋਹਾਣਾ ਇੱਥੋਂ ਕਾਫੀ ਫਰਕ ਨਾਲ ਹੈ। ਇਹੀ ਨਹੀਂ ਪਿੰਡ ਦੀਆਂ 500 ਵੋਟਾਂ ਸ਼ਹਿਰੀ ਖੇਤਰ ਨਾਲ ਜੋੜੀਆਂ ਗਈਆਂ ਹਨ। ਲੋਕਾਂ ਨੂੰ ਇੱਧਰ ਉਧਰ ਆਉਣ ਜਾਣ ਲਈ ਏਅਰਪੋਰਟ ਸੜਕ ਰਾਹੀਂ ਹੋ ਕੇ ਲੰਘਣਾ ਪਵੇਗਾ। ਇਸ ਸੜਕ ’ਤੇ 24 ਘੰਟੇ ਬਹੁਤ ਜ਼ਿਆਦਾ ਆਵਾਜਾਈ ਹੋਣ ਕਾਰਨ ਹਾਦਸੇ ਵਾਪਰਨ ਦਾ ਖ਼ਦਸ਼ਾ ਹੈ। ਪਟਵਾਰੀ ਨੇ ਕਿਹਾ ਕਿ ਸੋਹਾਣਾ ਪਿੰਡ ਦਾ ਜਲ ਸਪਲਾਈ ਅਤੇ ਬਿਜਲੀ ਫੀਡਰ ਵੀ ਦਿਹਾਤੀ ਹੈ ਅਤੇ ਸਮੱਸਿਆਵਾਂ ਵੀ ਸ਼ਹਿਰ ਤੋਂ ਵੱਖਰੀਆਂ ਹਨ। ਜਿਸ ਕਾਰਨ ਪਿੰਡ ਦੀਆਂ ਵੋਟਾਂ ਸ਼ਹਿਰੀ ਵਾਰਡ ਨਾਲ ਜੋੜਨ ਦੀ ਕੋਈ ਤੁਕ ਨਹੀਂ ਬਣਦੀ ਹੈ। ਉਧਰ, ਇਸੇ ਦੌਰਾਨ ਮੁਹਾਲੀ ਨਗਰ ਨਿਗਮ ਚੋਣਾਂ ਸਬੰਧੀ ਵਾਰਡਬੰਦੀ ਅਤੇ ਰਾਖਵੇਂਕਰਨ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਤੇ ਵਾਰਡਬੰਦੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਆਪਣੇ ਵਕੀਲ ਰਾਹੀਂ ਵੱਖੋ-ਵੱਖਰੀਆਂ ਅਰਜ਼ੀਆਂ ਦਾਇਰ ਕਰਕੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਪਾਰਟੀ ਬਣਾਉਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਘਰ-ਘਰ ਜਾ ਕੇ ਸਰਵੇ ਕੀਤਾ ਗਿਆ ਹੈ ਅਤੇ ਸਰਵੇ ਰਿਪੋਰਟ ਨੂੰ ਆਧਾਰ ਬਣਾ ਕੇ ਨਵੀਂ ਵਾਰਡਬੰਦੀ ਬਣਾਈ ਗਈ ਹੈ ਪ੍ਰੰਤੂ ਅਕਾਲੀ ਦਲ ਦੇ ਨੁਮਾਇੰਦੇ ਜਾਣਬੁੱਝ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨਾ ਚਾਹੁੰਦੇ ਹਨ ਜਦੋਂਕਿ ਕਰੋਨਾ ਮਹਾਮਾਰੀ ਕਾਰਨ ਪਹਿਲਾਂ ਹੀ ਨਿਗਮ ਚੋਣਾਂ ਸਮੇਂ ਤੋਂ ਪਛੜ ਕੇ ਹੋਣ ਜਾ ਰਹੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ