ਨਗਰ ਨਿਗਮ ਚੋਣਾਂ: ਨਿਸ਼ਚਿਤ ਸਮੇਂ ਵਿੱਚ ਵੋਟਰ ਸੂਚੀਆਂ ਨੂੰ ਜਨਤਕ ਨਾ ਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਸ਼ਹਿ ’ਤੇ ਸ਼ਰੇਆਮ ਧੱਕੇਸ਼ਾਹੀ ਕਰ ਰਹੇ ਨੇ ਅਧਿਕਾਰੀ: ਅਕਾਲੀ ਆਗੂ

ਵੋਟਰ ਸੂਚੀਆਂ ਬਾਰੇ ਜਾਣਕਾਰੀ ਜਨਤਕ ਦੀ ਜ਼ਿੰਮੇਵਾਰੀ ਨਗਰ ਨਿਗਮ ਦੀ ਨਹੀਂ ਪ੍ਰਸ਼ਾਸਨ ਦੀ ਹੈ: ਕਮਲ ਗਰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਮੁਹਾਲੀ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਨਿਸ਼ਚਿਤ ਸਮੇਂ ਅੰਦਰ ਵੋਟਰ ਸੂਚੀਆਂ ਬਾਰੇ ਕੋਈ ਜਨਕ ਸੂਚਨਾ ਪ੍ਰਕਾਸ਼ਿਤ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰਾਂ ਅਤੇ ਚੋਣ ਲੜਨ ਦੇ ਚਾਹਵਾਨ ਵੱਖ-ਵੱਖ ਸੰਭਾਵੀ ਉਮੀਦਵਾਰਾਂ ਨੇ ਨਗਰ ਨਿਗਮ ਦਫ਼ਤਰ ਪਹੁੰਚ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਿਯਮਾਂ ਦੀਆਂ ਧੱਜੀਆਂ ਉਡਾਣ ਦਾ ਦੋਸ਼ ਲਾਇਆ।
ਜਾਣਕਾਰੀ ਅਨੁਸਾਰ ਵੋਟਰ ਲਿਸਟਾਂ ਬਾਰੇ ਪਤਾ ਕਰਨ ਲਈ ਅੱਜ ਕਈ ਸਾਬਕਾ ਕੌਂਸਲਰ ਨਗਰ ਨਿਗਮ ਦਫ਼ਤਰ ਪਹੁੰਚੇ ਤਾਂ ਉੱਥੇ ਕੋਈ ਅਜਿਹੀ ਸੂਚਨਾ ਨਹੀਂ ਮਿਲੀ। ਬਾਅਦ ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਸੋਹਾਣਾ, ਇਸਤਰੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਬੀਸੀ ਸੈਲ ਦੇ ਜ਼ਿਲ੍ਹਾ (ਸ਼ਹਿਰੀ) ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਸੁਖਦੇਵ ਸਿੰਘ ਪਟਵਾਰੀ, ਆਰਪੀ ਸ਼ਰਮਾ, ਪਰਮਜੀਤ ਸਿੰਘ ਕਾਹਲੋਂ, ਹਰਪਾਲ ਸਿੰਘ ਚੰਨਾ (ਸਾਰੇ ਸਾਬਕਾ ਕੌਂਸਲਰ), ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਜਸਪਾਲ ਸਿੰਘ ਮਟੌਰ, ਹਰਮੇਸ਼ ਸਿੰਘ ਕੁੰਭੜਾ ਅਤੇ ਅਰੁਣ ਗੋਇਲ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕਰਦਿਆਂ ਹੁਕਮਰਾਨਾਂ ਅਤੇ ਅਧਿਕਾਰੀਆਂ ਨੂੰ ਰੱਜ ਕੇ ਕੋਸ਼ਿਆ। ਉਨ੍ਹਾਂ ਦੋਸ਼ ਲਾਇਆ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਸ਼ਹਿ ’ਤੇ ਅਧਿਕਾਰੀ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਮਨਮਾਨੀ ਕਰ ਰਹੇ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਦੀ ਅੰਤਿਮ ਤਰੀਕ 10 ਦਸੰਬਰ ਨਿਰਧਾਰਿਤ ਕੀਤੀ ਗਈ ਸੀ ਅਤੇ ਐਸਡੀਐਮ ਵੱਲੋਂ ਵੋਟਰ ਸੂਚੀਆਂ ਸਬੰਧੀ ਜਨਤਕ ਸੂਚਨਾ ਨਗਰ ਨਿਗਮ ਦਫ਼ਤਰ ਵਿੱਚ ਨੋਟਿਸ ਬੋਰਡ ’ਤੇ ਚਿਪਕਾਈ ਜਾਣੀ ਸੀ। ਵੋਟਰ ਸੂਚੀਆਂ ਦੀ ਲਿਸਟ ਪ੍ਰਕਾਸ਼ਿਤ ਹੋਣ ਮਗਰੋਂ ਲੋਕਾਂ ਤੋਂ ਇਤਰਾਜ਼ ਮੰਗੇ ਜਾਣੇ ਸਨ ਪ੍ਰੰਤੂ ਦੋ ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਵੋਟਰ ਸੂਚੀਆਂ ਬਾਰੇ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਜਿਸ ਕਾਰਨ ਸੰਭਾਵੀ ਉਮੀਦਵਾਰਾਂ ਨੂੰ ਆਪੋ ਆਪਣੇ ਵਾਰਡਾਂ ਵਿੱਚ ਵੋਟਰਾਂ ਨਾਲ ਤਾਲਮੇਲ ਕਰਨ ਵਿੱਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਹੁਕਮਰਾਨ ਧੱਕੇਸ਼ਾਹੀ ਨਾਲ ਚੋਣਾਂ ਜਿੱਤਣ ਦੇ ਰੌਂਅ ਵਿੱਚ ਹੈ।
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਆਪਣੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਵਾਰਡਬੰਦੀ ਕਮੇਟੀ ਦਾ ਗੈਰ ਸਰਕਾਰੀ ਮੈਂਬਰ ਨਾਮਜ਼ਦ ਕਰਵਾ ਕੇ ਨਵੇਂ ਸਿਰਿਓਂ ਕੀਤੀ ਗਈ ਵਾਰਡਬੰਦੀ ਵਿੱਚ ਵੱਡੇ ਪੱਧਰ ’ਤੇ ਰੱਦੋਬਦਲ ਕੀਤੀ ਗਈ ਹੈ ਅਤੇ ਅਕਾਲੀ ਦਲ ਅਤੇ ਭਾਜਪਾ ਦੇ ਸਾਬਕਾ ਕੌਂਸਲਰਾਂ ਦੇ ਪੁਰਾਣੇ ਵਾਰਡਾਂ ਨਾਲ ਕਥਿਤ ਛੇੜਛਾੜ ਕਰਕੇ ਕਈ ਪੁਰਸ਼ ਕੌਂਸਲਰਾਂ ਦੇ ਵਾਰਡਾਂ ਨੂੰ ਅੌਰਤਾਂ ਲਈ ਰਾਖਵਾਂ ਕੀਤਾ ਗਿਆ ਹੈ ਅਤੇ ਇਹ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ।
ਉਧਰ, ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ ਨੇ ਸਪੱਸ਼ਟ ਕੀਤਾ ਕਿ ਵੋਟਰ ਸੂਚੀਆਂ ਬਾਰੇ ਜਾਣਕਾਰੀ ਜਨਤਕ ਕਰਨ ਦੀ ਜ਼ਿੰਮੇਵਾਰੀ ਸਿਵਲ ਪ੍ਰਸ਼ਾਸਨ ਦੀ ਹੈ ਅਤੇ ਸ਼ੁੱਕਰਵਾਰ ਸ਼ਾਮ ਤੱਕ ਐਸਡੀਐਮ ਦਫ਼ਤਰ ਵੱਲੋਂ ਅਜਿਹੀ ਕੋਈ ਸੂਚਨਾ ਨਗਰ ਨਿਗਮ ਦਫ਼ਤਰ ਵਿੱਚ ਨਹੀਂ ਭੇਜੀ ਗਈ ਸੀ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਐਸਡੀਐਮ ਜਗਦੀਪ ਸਹਿਗਲ ਨੇ ਦੱਸਿਆ ਕਿ ਨਵੀਂ ਵਾਰਡਬੰਦੀ ਵਿੱਚ ਸ਼ਾਮਲ ਰਕਬੇ ਅਧੀਨ ਆਉਂਦੇ ਘਰਾਂ ਦੀ ਜਾਣਕਾਰੀ ਪਹਿਲਾਂ ਹੀ ਪ੍ਰਕਾਸ਼ਿਤ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀ ਕਾਰਵਾਈ ਵੀ ਜਲਦੀ ਨੇਪਰੇ ਚਾੜ ਕੇ ਵੋਟਰ ਸੂਚੀਆਂ ਬਾਰੇ ਜਾਣਕਾਰੀ ਜਨਤਕ ਕਰ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…