
ਨਗਰ ਨਿਗਮ ਚੋਣਾਂ: ਦੂਜੇ ਦਿਨ 129 ਉਮੀਦਵਾਰਾਂ ਨੇ ਕੀਤੇ ਨਾਮਜ਼ਦਗੀ ਪੱਤਰ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਮੁਹਾਲੀ ਜ਼ਿਲ੍ਹੇ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਸੋਮਵਾਰ ਨੂੰ ਦੂਜੇ ਦਿਨ 129 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਮੁਹਾਲੀ ਦੇ ਵਾਰਡ ਨੰਬਰ 1 ਤੋ 25 ਤੱਕ ਐਸਡੀਐਮ ਜਗਦੀਪ ਸਹਿਗਲ ਨੂੰ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਜਦੋਂਕਿ ਵਾਰਡ ਨੰਬਰ-26 ਤੋਂ 50 ਤੱਕ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਵਿੱਚ ਵਿਵਸਥਾ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਵਿੱਚ 33, ਨਵਾਂ ਗਾਉਂ ਵਿੱਚ 5, ਖਰੜ ਵਿੱਚ 31, ਕੁਰਾਲੀ ਵਿੱਚ 2, ਬਨੂੜ ਵਿੱਚ 6, ਜ਼ੀਰਕਪੁਰ ਵਿੱਚ 9, ਡੇਰਾਬੱਸੀ ਵਿੱਚ 10 ਅਤੇ ਲਾਲੜੂ ਵਿੱਚ 33 ਉਮੀਦਵਾਰਾਂ ਨੇ ਪੇਪਰ ਦਾਖ਼ਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਿਗਮ ਚੋਣਾਂ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀ ਸੁਵਿਧਾ ਲਈ ਘਰਾਂ ਦੇ ਨੇੜੇ ਹੀ ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਪੱਖ ਚੋਣਾਂ ਲਈ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਅਤੇ ਸਾਬਕਾ ਕੌਂਸਲਰ ਮਨਮੋਹਨ ਸਿੰਘ ਲੰਗ ਨੇ ਆਜ਼ਾਦ ਉਮੀਦਵਾਰ ਵਜੋਂ ਪੇਪਰ ਦਾਖ਼ਲ ਕੀਤੇ ਹਨ ਜਦੋਂ ਕਿ ਅਕਾਲੀ ਦਲ ਦੇ ਉਮੀਦਵਾਰਾਂ ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਉਸ ਦੀ ਪਤਨੀ ਇੰਦਰਪ੍ਰੀਤ ਕੌਰ ਪ੍ਰਿੰਸ, ਸਾਬਕਾ ਕੌਂਸਲਰ ਕਮਲਜੀਤ ਸਿੰਘ ਰੂਬੀ, ਅਜੈਪਾਲ ਸਿੰਘ ਮਿੱਡੂ ਖੇੜਾ, ਸੁਰੇਸ਼ ਕੁਮਾਰੀ ਨੇ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਦੀ ਮੌਜੂਦਗੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਹੋਰ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਬਰਾੜ ਅਤੇ ਚੰਦੂਮਾਜਰਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਹਿਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਤੋਂ ਬਾਗੀ ਹੋ ਕੇ ਆਜ਼ਾਦ ਗਰੁੱਪ ਬਣਾ ਕੇ ਚੋਣ ਲੜ ਰਹੇ ਉਮੀਦਵਾਰਾਂ ਅਤੇ ਕਾਂਗਰਸ ਨੂੰ ਮੁਹਾਲੀ ਦੇ ਲੋਕ ਮੂੰਹ ਨਹੀਂ ਲਗਾਉਣਗੇ।