nabaz-e-punjab.com

ਨਗਰ ਨਿਗਮ ਚੋਣਾਂ: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵਾਰਡਬੰਦੀ ਬੋਰਡ ਦਾ ਗਠਨ, ਨੋਟੀਫ਼ਿਕੇਸ਼ਨ ਜਾਰੀ

ਵਾਰਡਬੰਦੀ ਬੋਰਡ ਵਿੱਚ ਸਿੱਧੂ ਦਾ ਭਰਾ ਜੀਤੀ ਸਿੱਧੂ ਤੇ ਸਾਬਕਾ ਕੌਂਸਲਰ ਕੁਲਜੀਤ ਬੇਦੀ ਗੈਰ ਸਰਕਾਰੀ ਮੈਂਬਰ ਨਾਮਜ਼ ਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਮੁਹਾਲੀ ਦੇ ਪੁਰਾਣੇ 50 ਵਾਰਡਾਂ ਦੀ ਨਵੇਂ ਸਿਰਿਓਂ ਵਾਰਡਬੰਦੀ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵੱਲੋਂ ਸ਼ਹਿਰ ਦੀ ਵਾਰਡਬੰਦੀ ਦਾ ਕੰਮ ਨੇਪਰੇ ਚਾੜ੍ਹਨ ਲਈ ਵਾਰਡਬੰਦੀ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਜਲਦੀ ਹੀ ਮੀਟਿੰਗ ਕਰਕੇ ਨਗਰ ਨਿਗਮ ਦੀ ਪ੍ਰਸਤਾਵਿਤ ਵਾਰਡਬੰਦੀ ਸਬੰਧੀ ਵਿਚਾਰ ਕਰਕੇ ਨਵੀਂ ਵਾਰਡਬੰਦੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਅਕਾਲੀ ਦਲ ਤੇ ਭਾਜਪਾ ਦੇ ਸਾਬਕਾ ਕੌਂਸਲਰਾਂ ਨੇ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਇਸ ਵਾਰ ਨਗਰ ਨਿਗਮ ’ਤੇ ਕਾਬਜ਼ ਹੋਣ ਲਈ ਹੁਕਮਰਾਨ ਆਪਣੀ ਮਰਜ਼ੀ ਅਨੁਸਾਰ ਪੁਰਾਣੇ ਵਾਰਡਾਂ ਦੇ ਖੇਤਰਫਲ ਅਤੇ ਰਾਖਵੇਂਕਰਨ ਨਾਲ ਛੇੜਛਾੜ ਕਰ ਸਕਦੇ ਹਨ। ਉਧਰ, ਸੂਤਰ ਦੱਸਦੇ ਹਨ ਕਿ ਸ਼ਹਿਰ ਦੀ ਵਾਰਡਬੰਦੀ ਦਾ ਕੰਮ ਅੰਦਰਖਾਤੇ ਲਗਭਗ ਮੁਕੰਮਲ ਕਰ ਲਿਆ ਗਿਆ ਹੈ। ਸਿਰਫ਼ ਵਾਰਡਬੰਦੀ ਬੋਰਡ ਦੇ ਗਠਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਅਤੇ ਹੁਣ ਵਾਰਡਬੰਦੀ ਦੇ ਕੰਮ ਨੂੰ ਅੰਤਿਮ ਰੂਪ ਦੇ ਕੇ ਲੋਕਾਂ ਦੇ ਇਤਰਾਜ਼ ਸੁਣੇ ਜਾਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਨਵੇਂ ਗਠਿਤ ਕੀਤੇ ਗਏ ਵਾਰਡਬੰਦੀ ਬੋਰਡ ਵਿੱਚ ਹਲਕਾ ਵਿਧਾਇਕ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਜਾਂ ਉਨ੍ਹਾਂ ਵੱਲੋਂ ਨਾਮਜ਼ਦ ਕੋਈ ਅਧਿਕਾਰੀ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ, ਸੰਯੁਕਤ ਕਮਿਸ਼ਨਰ ਡਾ. ਡਾ. ਕਨੂ ਥਿੰਦ ਨੂੰ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਸਿਹਤ ਮੰਤਰੀ ਦੇ ਛੋਟੇ ਭਰਾ ਅਤੇ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਸਿੱਧੂ ਉਰਫ਼ ਜੀਤੀ ਸਿੱਧੂ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੂੰ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਸ੍ਰੀ ਬੇਦੀ ਪਿਛਲੇ ਕਾਫੀ ਸਮੇਂ ਤੋਂ ਮੁਹਾਲੀ ਦੀ ਨਵੇਂ ਸਿਰਿਓਂ ਵਾਰਡਬੰਦੀ ਕਰਨ ਦੀ ਮੰਗ ਚੁੱਕਦੇ ਆ ਰਹੇ ਹਨ। ਇਸ ਸਬੰਧੀ ਉਹ ਕਮਿਸ਼ਨਰ ਅਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਪੱਤਰ ਵੀ ਲਿਖ ਚੁੱਕੇ ਹਨ।
ਉਧਰ, ਸੰਪਰਕ ਕਰਨ ’ਤੇ ਨਗਰ ਨਿਗਮ ਦੇ ਕਮਿਸ਼ਨਰ-ਕਮ-ਪ੍ਰਸ਼ਾਸਕ ਕਮਲ ਗਰਗ ਨੇ ਦੱਸਿਆ ਕਿ ਵਾਰਡਬੰਦੀ ਬੋਰਡ ਦੀ ਜਲਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਮੁਹਾਲੀ ਦੀ ਵਾਰਡਬੰਦੀ ਦਾ ਖਰੜਾ ਤਿਆਰ ਕਰਕੇ ਪਹਿਲੀ ਪ੍ਰਕਾਸ਼ਨਾਂ ਕੀਤੀ ਜਾਵੇਗੀ ਅਤੇ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇਗਾ। ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਸ਼ਹਿਰ ਵਾਸੀਆਂ ਦੇ ਇਤਰਾਜ਼ ਸੁਣੇ ਜਾਣਗੇ। ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਵਾਰਡਬੰਦੀ ਸਬੰਧੀ ਜੋ ਵੀ ਕਾਰਵਾਈ ਹੋਣੀ ਹੈ, ਉਹ ਵਾਰਡਬੰਦੀ ਬੋਰਡ ਨੇ ਹੀ ਕਰਨੀ ਹੈ।
ਜ਼ਿਕਰਯੋਗ ਕਿ ਕੋਵਿਡ-19 ਦੇ ਚੱਲਦਿਆਂ ਮੁਹਾਲੀ ਨਗਰ ਨਿਗਮ ਦੀ ਸਮੇਂ ਸਿਰ ਚੋਣ ਨਹੀਂ ਹੋ ਸਕੀ ਹੈ। ਜਿਸ ਕਾਰਨ ਦਫ਼ਤਰੀ ਕੰਮ ਚਲਾਉਣ ਲਈ ਕਮਿਸ਼ਨਰ ਕਮਲ ਗਰਗ ਨੂੰ ਪ੍ਰਸ਼ਾਸਕ ਲਗਾਇਆ ਗਿਆ ਸੀ। ਹੁਣ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਤੂਬਰ ਵਿੱਚ ਨਿਗਮ ਚੋਣਾਂ ਕਰਵਾਉਣ ਦੇ ਸੰਕੇਤ ਦੇਣ ਮਗਰੋਂ ਸ਼ਹਿਰ ਵਿੱਚ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਅਕਾਲੀਭਾਜਪਾ ਦੇ ਸਾਬਕਾ ਕੌਂਸਲਰਾਂ ਨੇ ਜਿੱਥੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਸਾਰੇ ਅਧਿਕਾਰ ਦਿੱਤੇ ਗਏ ਹਨ। ਉੱਥੇ ਕਾਂਗਰਸ ਦੇ ਸਾਬਕਾ ਕੌਂਸਲਰਾਂ ਦਾ ਕਹਿਣਾ ਹੈ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਹਰ ਫੈਸਲਾ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ। ਇਸ ਵਾਰ 50 ਫੀਸਦੀ ਵਾਰਡ ਅੌਰਤਾਂ ਲਈ ਰਾਖਵੇਂ ਹੋਣ ਕਾਰਨ ਨਵੇਂ ਚਿਹਰੇ ਵੀ ਸਾਹਮਣੇ ਆਉਣਗੇ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…