
ਸੁਰੱਖਿਆ ਪ੍ਰਬੰਧਾਂ ਵਿੱਚ ਘਾਟ ਕਾਰਨ ਹੋਲੇ ਮਹੱਲੇ ’ਤੇ ਵਾਪਰੀ ਕਤਲ ਦੀ ਘਟਨਾ: ਰਾਮੂਵਾਲੀਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਹਾਲਾਤ ਦਿਨ ਪ੍ਰਤੀ ਦਿਨ ਗੰਭੀਰ ਰੂਪ ਧਾਰਨ ਕਰ ਰਹੇ ਹਨ ਅਤੇ ਪਿਛਲੇ ਇਕ ਸਾਲ ਤੋਂ ਪੰਜਾਬ ਵਿੱਚ ਆਪ ਸਰਕਾਰ ਬਣਨ ਤੋਂ ਬਾਅਦ ਰੋਜ਼ਾਨਾ ਕੋਈ ਨਾ ਕੋਈ ਅਣਸੁਖਾਵੀਂ ਘਟਨਾ ਵਾਪਰ ਰਹੀ ਹੈ।
ਸ੍ਰੀ ਅਨੰਦਪੁਰ ਸਾਹਿਬ ਵਿੱਚ ਪਰਦੀਪ ਸਿੰਘ ਦੇ ਕਤਲ ਦੀ ਘਟਨਾ ਦੀ ਨਿਖੇਧੀ ਕਰਦਿਆਂ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਸਰਕਾਰ ਵੱਲੋਂ ਸੁਰੱਖਿਆ ਪ੍ਰਬੰਧਾਂ ਵਿੱਚ ਕੁਤਾਹੀ ਵਰਤੀ ਗਈ ਹੈ, ਜਿਸ ਕਰਕੇ ਹੋਲੇ ਮਹੱਲੇ ਦੌਰਾਨ ਸ਼ਰੇਆਮ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਦੀ ਘਾਟ ਕਰਕੇ ਇਹ ਦੁਖਦਾਈ ਘਟਨਾ ਵਾਪਰੀ। ਉਨ੍ਹਾਂ ਨੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਥੇਦਾਰ ਸਮੁੱਚੀ ਕੌਮ ਦੇ ਰਹਿਨੁਮਾ ਹਨ ਅਤੇ ਉਨ੍ਹਾਂ ਨੂੰ ਸੋਚ-ਸਮਝ ਕੇ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਾਤ ਕਰਫਿਊ ਵਰਗੇ ਬਣਦੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਨੂੰ ਰਾਜ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉੁਣ ਲਈ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ।