ਹੱਤਿਆ ਕਾਂਡ: ਮੁਹਾਲੀ ਏਅਰਪੋਰਟ ਸੜਕ ’ਤੇ ਚੱਕਾ ਜਾਮ ਕਾਰਨ ਰਾਹਗੀਰ ਪ੍ਰੇਸ਼ਾਨ

ਸ਼ਹਿਰ ਵਿੱਚ ਸੋਗ ਦੀ ਲਹਿਰ, ਪਿੰਡ ਵਾਸੀਆਂ ਦੇ ਦਿੱਤਾ ਏਕੇ ਦਾ ਸਬੂਤ

ਮੁਹਾਲੀ ਵਿੱਚ ਅਣਅਧਿਕਾਰਤ ਪੀਜੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਉੱਠੀ

ਨਬਜ਼-ਏ-ਪੰਜਾਬ, ਮੁਹਾਲੀ, 14 ਨਵੰਬਰ:
ਮੁਹਾਲੀ ਦੇ ਪਿੰਡ ਕੁੰਭੜਾ ਵਿੱਚ ਦੋ ਨੌਜਵਾਨਾਂ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਵੀਰਵਾਰ ਨੂੰ ਇਨਸਾਫ਼ ਪ੍ਰਾਪਤੀ ਲਈ ਦਮਨਪ੍ਰੀਤ ਸਿੰਘ ਲਾਸ਼ ਨੂੰ ਸੜਕ ’ਤੇ ਰੱਖ ਕੇ ਮੁਹਾਲੀ ਏਅਰਪੋਰਟ ਸੜਕ ’ਤੇ ਚੱਕਾ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ। ਸਾਰਾ ਦਿਨ ਅਤੇ ਦੇਰ ਸ਼ਾਮ ਤੱਕ ਸੜਕ ਦੇ ਦੋਵੇਂ ਪਾਸੇ ਆਵਾਜਾਈ ਠੱਪ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕੁੰਭੜਾ ਤੋਂ ਰਾਏਪੁਰ ਸੜਕ, ਸੋਹਾਣਾ ਤੋਂ ਏਅਰਪੋਰਟ ਅਤੇ ਏਅਰਪੋਰਟ ਤੋਂ ਬਲੌਂਗੀ ਜਾਣ ਵਾਲੀ 200 ਫੁੱਟ ਮੁੱਖ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ।
ਧਰਨਾ ਪ੍ਰਦਰਸ਼ਨ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਸਮੇਤ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ। ਦੋ ਨੌਜਵਾਨਾਂ ਦੀ ਮੌਤ ਕਾਰਨ ਜਿੱਥੇ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ, ਉੱਥੇ ਪ੍ਰਵਾਸੀਆਂ ਪਰਿਵਾਰਾਂ ਦੀ ਲਗਾਤਾਰ ਵਧ ਰਹੀ ਆਮਦ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ਦਾ ਕਹਿਣਾ ਸੀ ਕਿ ਧਰਨਾ ਪ੍ਰਦਰਸ਼ਨ ਲੋਕਾਂ ਦੀ ਮਜਬੂਰੀ ਬਣ ਗਈ ਹੈ ਕਿਉਂਕਿ ਪਿੱਟ ਸਿਆਪਾ ਕਰਨ ਤੋਂ ਬਗੈਰ ਸਰਕਾਰ ਦੇ ਕੰਨਾਂ ਤੱਕ ਪੀੜਤਾਂ ਦੀ ਆਵਾਜ਼ ਨਹੀਂ ਪਹੁੰਚਦੀ।
ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ ਅਤੇ ਸ਼ਹਿਰ ਦੇ ਕਈ ਕੌਂਸਲਰਾਂ ਅਤੇ ਸਾਬਕਾ ਕੌਂਸਲਰਾਂ ਨੇ ਕਿਹਾ ਕਿ ਸ਼ਹਿਰ ਵਿੱਚ ਅਣਅਧਿਕਾਰਤ ਪੀਜੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜੇਕਰ ਪਿਛਲੇ ਸਮੇਂ ਦੌਰਾਨ ਮੁਹਾਲੀ ਵਿੱਚ ਵਾਪਰੀਆਂ ਅਪਰਾਧਿਕ ਘਟਨਾਵਾਂ ’ਤੇ ਝਾਤ ਮਾਰ ਕੇ ਦੇਖੀਏ ਤਾਂ ਪਤਾ ਚਲਦਾ ਹੈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਮੁਲਜ਼ਮ\ਹਮਲਾਵਰ ਪੀਜੀ ਵਿੱਚ ਰਹਿੰਦੇ ਸਨ। ਕਿਉਂਕਿ ਪੀਜੀ ਵਿੱਚ ਹਰੇਕ ਵਿਅਕਤੀ ਨੂੰ ਆਸਾਨੀ ਨਾਲ ਰਹਿਣ ਲਈ ਥਾਂ ਮਿਲ ਜਾਂਦੀ ਹੈ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਨੌਜਵਾਨਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਪਿੰਡ ਕੁੰਭੜਾ ਅਤੇ ਸੋਹਾਣਾ ਸਮੇਤ ਹੋਰਨਾਂ ਥਾਵਾਂ ’ਤੇ ਬਹੁਮੰਜ਼ਲਾ ਅਣਅਧਿਕਾਰਤ ਪੀਜੀ ਖ਼ਿਲਾਫ਼ ਸ਼ਿਕਾਇਤਾਂ ਅਤੇ ਧਰਨਾ ਦੇ ਕੇ ਥੱਕ ਚੁੱਕੇ ਹਨ ਲੇਕਿਨ ਹੁਣ ਮੁਹਾਲੀ ਪੁਲੀਸ ਸਮੇਤ ਗਮਾਡਾ ਅਤੇ ਨਗਰ ਨਿਗਮ ਨੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਢੁਕਵੀਂ ਅਮਲ ਵਿੱਚ ਨਹੀਂ ਲਿਆਂਦੀ ਗਈ। ਜਦੋਂਕਿ ਕਈ ਬਹੁਮੰਜ਼ਲਾਂ ਪੀਜੀ ਨੇੜੇ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਆਉਣ\ਨੁਕਸਾਨੇ ਜਾਣ ਬਾਰੇ ਖ਼ਬਰਾਂ ਮੀਡੀਆ ਦੀ ਸੁਰਖੀਆਂ ਬਣੀਆਂ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੁਹਾਲੀ ਪੁਲੀਸ ਕੋਲ ਕਿਰਾਏਦਾਰਾਂ ਅਤੇ ਨੌਕਰਾਂ ਦਾ ਡਾਟਾ ਤੱਕ ਨਹੀਂ ਹੈ। ਕਿਉਂਕਿ ਪੀਜੀ ਵਿੱਚ ਰਹਿੰਦੇ ਵਿਅਕਤੀਆਂ ਦੀ ਪੁਲੀਸ ਨੇ ਵੈਰੀਫ਼ਿਕੇਸ਼ਨ ਕਰਨ ਲਈ ਬਹੁਤੀ ਤਵੱਜੋ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕੁੰਭੜਾ ਸਮੇਤ ਵੱਖ-ਵੱਖ ਥਾਵਾਂ ’ਤੇ ਪੀਜੀ ਦਾ ਪੂਰਾ ਜਾਲ ਵਿਛਿਆ ਹੋਇਆ ਹੈ। ਜਿੱਥੇ ਵੱਡੀ ਗਿਣਤੀ ਵਿੱਚ ਬਾਹਰਲੇ ਸੂਬਿਆਂ ਦੇ ਲੋਕ ਆ ਕੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਜੁਰਮ ਨੂੰ ਠੱਲ੍ਹ ਪਾਉਣ ਲਈ ਅਜਿਹੇ ਵਿਅਕਤੀਆਂ ਦੇ ਪਿਛੋਕੜ ਬਾਰੇ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …