ਮਾਈ ਭਾਗੋ ਇੰਸਟੀਚਿਊਟ ਮੁਹਾਲੀ: ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ਵਿੱਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫ਼ਟੀਨੈਂਟ ਵਜੋਂ ਚੋਣ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੈਫ਼ਟੀਨੈਂਟ ਪੱਲਵੀ ਰਾਜਪੂਤ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੱੁਭਕਾਮਨਾਵਾਂ

ਨਬਜ਼-ਏ-ਪੰਜਾਬ, ਮੁਹਾਲੀ, 7 ਸਤੰਬਰ:
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਮੁਹਾਲੀ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫ਼ਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ੀਸਰਜ਼ ਟਰੇਨਿੰਗ ਅਕੈਡਮੀ ’ਚੋਂ ਸਫਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫ਼ਟੀਨੈਂਟ ਜਨਰਲ ਐਨਐਸ ਰਾਜਾ ਸੁਬਰਾਮਣੀ ਨੇ ਕੀਤਾ। ਆਰਟਿਲਰੀ ਰੈਜ਼ੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫ਼ਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ।
ਲੈਫ਼ਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸੇਵਾ ਨਿਭਾਉਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਮਾਈ ਭਾਗੋ ਇੰਸਟੀਚਿਊਟ ਮੁਹਾਲੀ ਵਿੱਚ ਮੌਜੂਦ ਗਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ਵਿੱਚ ਕੁੜੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਦੀ ਵੀ ਸਥਾਪਨਾ ਕੀਤੀ ਹੈ।
ਅਮਨ ਅਰੋੜਾ ਨੇ ਦੱਸਿਆ ਕਿ ਐਨਡੀਏ ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ, ਜਿੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਕੈਂਪਸ ਵੀ ਹੈ। ਸੰਸਥਾ ਦੇ ਸਾਬਕਾ ਕੈਡਿਟਾਂ ਦੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰਾਂ ਵਜੋਂ ਨਿਯਮਤ ਤੌਰ ’ਤੇ ਨਿਯੁਕਤੀ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸਦਕਾ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਵਧਾਉਣ ਸਬੰਧੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਨੇ ਲੈਫ਼ਟੀਨੈਂਟ ਪੱਲਵੀ ਰਾਜਪੂਤ ਨੂੰ ਭਾਰਤੀ ਫੌਜ ਵਿੱਚ ਸ਼ਾਨਦਾਰ ਭਵਿੱਖ ਲਈ ਸ਼ੱੁਭਕਾਮਨਾਵਾਂ ਦਿੱਤੀਆਂ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…