Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਨਾਨਕ ਝੀਰਾ ਤੋਂ ਪਹੁੰਚੇ ਨਗਰ ਕੀਰਤਨ ਦਾ ਗੁਰਦੁਆਰਾ ਅੰਬ ਸਾਹਿਬ ਵਿੱਚ ਸ਼ਾਨਦਾਰ ਸਵਾਗਤ ਗੁਰਦੁਆਰਾ ਅੰਬ ਸਾਹਿਬ ਵਿੱਚ ਰਾਤ ਨੂੰ ਵਿਸ਼ਰਾਮ ਕੀਤਾ, ਅੱਜ ਸਵੇਰੇ ਅਗਲੇ ਪੜਾਅ ਲਈ ਰਵਾਨਾ ਹੋਇਆ ਨਗਰ ਕੀਰਤਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੁਲਾਈ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਤੋਂ ਚੱਲੇ ਅਲੌਕਿਕ ਨਗਰ ਕੀਰਤਨ ਦੇਰ ਰਾਤ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਪਹੁੰਚਿਆ। ਜਿੱਥੇ ਇਲਾਕੇ ਦੀ ਸੰਗਤ ਨੇ ਸ਼ਾਨਦਾਰ ਸਵਾਗਤ ਕੀਤਾ। ਰਾਤ ਇੱਥੇ ਵਿਸ਼ਰਾਮ ਕਰਨ ਤੋਂ ਬਾਅਦ ਅੱਜ ਸਵੇਰੇ ਇਹ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਸੰਗਤ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ, ਜੋ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਅਤੇ ਨਿੱਜੀ ਪੱਧਰ ਤੋਂ ਉੱਪਰ ਉੱਠ ਕੇ ਇਨ੍ਹਾਂ ਮਹਾਨ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਸਰਕਾਰ ਵੱਲੋਂ ਕਈ ਪ੍ਰੋਗਰਾਮ ਉਲੀਕੇ ਗਏ ਹਨ। ਜਿਸ ਤਹਿਤ ਜਿੱਥੇ ਪਿੰਡਾਂ ਵਿੱਚ 550 ਪੌਦੇ ਲਗਾਏ ਜਾ ਰਹੇ ਹਨ, ਉੱਥੇ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਵੱਡੇ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਇਕ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੇਗਾ, ਜਿਸ ਦਾ ਚੜ੍ਹਦੇ ਪੰਜਾਬ ਵਿੱਚ ਸੂਬਾ ਸਰਕਾਰ ਅਤੇ ਸੰਗਤ ਵੱਲੋਂ ਥਾਂ ਥਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਨਗਰ ਕੀਰਤਨ ਵਿੱਚ ਪੁੱਜੀ ਸੰਗਤ ਅਤੇ ਗੁਰਦੁਆਰਾ ਨਾਨਕ ਝੀਰਾ (ਬਿਦਰ) ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਲੰਗਰ ਸਾਹਿਬ ਨਾਂਦੇੜ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਬੀਬੀ ਹਰਜਿੰਦਰ ਕੌਰ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਰਾਜਾ ਕੰਵਰਜੋਤ ਸਿੰਘ, ਜਸਪ੍ਰੀਤ ਸਿੰਘ ਗਿੱਲ, ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ, ਕੁਲਜੀਤ ਸਿੰਘ ਬੇਦੀ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ ਐਨ.ਐਸ. ਰੰਗੀ, ਅਮਰੀਕ ਸਿੰਘ ਸੋਮਲ, ਰਾਮ ਸਰੂਪ ਜੋਸ਼ੀ, ਗੁਰਸਾਹਿਬ ਸਿੰਘ, ਨਵਨੀਤ ਤੋਖੀ, ਜਸਪਾਲ ਟਿਵਾਣਾ, ਸ਼ਾਰਦਾ, ਜਸਵੀਰ ਮਣਕੂ, ਪਰਮਜੀਤ ਸਿੰਘ, ਸਿਮਰਨਜੀਤ ਸਿੰਘ ਚੰਦੂਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ