
ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਖ਼ੁਸ਼ੀ ਵਿੱਚ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਨਗਰ ਕੀਰਤਨ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਕਰਮਾ ਕਰਦਾ ਹੋਇਆ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਜਦੋਂਕਿ ਫੁੱਲਾਂ ਨਾਲ ਸ਼ਿੰਗਾਰੇ ਹੋਏ ਵਾਹਨ ਵਿੱਚ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਸਨ। ਇਸ ਦੇ ਪਿੱਛੇ ਵੱਖ ਵੱਖ ਰਾਗੀ ਸਿੰਘਾਂ ਅਤੇ ਇਲਾਕੇ ਦੀ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਸਮੇਤ ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।
ਇਸ ਦੌਰਾਨ ਰਸਤੇ ਵਿੱਚ ਥਾਂ ਥਾਂ ’ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਗਤ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ’ਤੇ ਸੁੱਕੇ ਮੇਵੇ, ਚਾਹ ਅਤੇ ਬੈ੍ਰੱਡ ਪਕੌੜਿਆਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 19 ਫਰਵਰੀ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਅਤੇ ਵੱਖ ਵੱਖ ਰਾਗੀ ਜਥਿਆਂ ਵੱਲੋਂ ਕਥ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੱੁਟ ਵਰਤੇਗਾ।