ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ:
ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਪ੍ਰਬੰਧਕ ਕਮੇਟੀ ਅਤੇ ਹਾਜ਼ਰ ਸੰਗਤ ਨੇ ਪਾਲਕੀ ਸਾਹਿਬ ਅਤੇ ਪੰਜ ਪਿਆਰਿਆਂ ’ਤੇ ਫੁੱਲਾਂ ਦੀ ਵਰਖਾ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਫੁੱਲਾਂ ਨਾਲ ਬਹੁਤ ਵਧੀਆ ਤਰੀਕੇ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸਨ। ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਧੁਨਾਂ ਵਜਾ ਰਹੇ ਸਨ। ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਦੌਰਾਨ ਵੱਖ-ਵੱਖ ਰਾਗੀ, ਢਾਡੀ, ਕੀਰਤਨੀ ਜਥਿਆਂ ਅਤੇ ਇਸਤਰੀ ਸਤਿਸੰਗ ਜਥੇ ਦੀਆਂ ਬੀਬੀਆਂ ਨੇ ਸਿੱਖ ਇਤਿਹਾਸ ਅਤੇ ਸਰਬੰਸਦਾਨੀ ਦਸਮੇਸ਼ ਪਿਤਾ ਦੇ ਪਰਿਵਾਰ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਰਸਤੇ ਵਿੱਚ ਥਾਂ-ਥਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਬ੍ਰੈੱਡ ਪਕੌੜਿਆਂ, ਬਿਸਕੁਟ, ਦੁੱਧ, ਕੜਾਹ ਪ੍ਰਸਾਦਿ ਦੇ ਲੰਗਰ ਲਾਏ ਗਏ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੋਢੀ ਅਤੇ ਤਰਲੋਚਨ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਪੂਰੇ ਇਲਾਕੇ ਦੀ ਪਰਿਕਰਮਾ ਕਰਦੇ ਹੋਏ ਵਾਪਸ ਗੁਰੂ-ਘਰ ਪਹੁੰਚ ਕੇ ਸੰਪੂਰਨ ਹੋਇਆ। ਉਨ੍ਹਾਂ ਦੱਸਿਆ ਕਿ ਭਲਕੇ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਵੇਰੇ 10 ਵਜੇ ਭੋਗ ਪਾਏ ਜਾਣਗੇ, ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।