Nabaz-e-punjab.com

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਪਾਲਕੀ ਸਾਹਿਬ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ।
ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਭਾਗ ਲਿਆ। ਨਗਰ ਕੀਰਤਨ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ । ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈੱਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ 2 ਜਨਵਰੀ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਅਨੰਦਪੁਰ ਸਾਹਬਿ ਵਾਲੇ, ਭਾਈ ਗੁਰਦੇਵ ਸਿੰਘ ਮਸੌਲ ਦਾ ਇੰਟਰਨੇਸ਼ਨਲ ਪੰਥਕ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਹਰਦੀਪ ਸਿੰਘ ਪੰਜੋਖਰਾ ਸਾਹਿਬ ਵਾਲੇ, ਭਾਈ ਰਵਿੰਦਰ ਸਿੰਘ ਜੀ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਅਮਰੀਕ ਸਿੰਘ ਦਾ ਪੰਥਕ ਢਾਡੀ ਜਥਾ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …