ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ:
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇੱਥੋਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਤੋਂ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਨਗਰ ਕੀਰਤਨ ਦੇਰ ਸ਼ਾਮ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਸੈਕਟਰ-66 ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ, ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਅਤੇ ‘ਆਪ’ ਵਲੰਟੀਅਰ ਹਰਬਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਅਤੇ 6 ਜਨਵਰੀ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ, ਉਪਰੰਤ ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਹਰਿ ਜਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ।
ਇਸ ਮੌਕੇ ‘ਆਪ’ ਕੌਂਸਲਰ ਗੁਰਮੀਤ ਕੌਰ, ਸਾਬਕਾ ਪ੍ਰਧਾਨ ਪ੍ਰੀਤਮ ਸਿੰਘ, ਨਿਰਮਲ ਸਿੰਘ ਭੂਰਜੀ, ਦਲਬੀਰ ਸਿੰਘ ਸੰਧੂ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬੈਰੀਅਰ ਦੇ ਪ੍ਰਧਾਨ ਸੁਰਜੀਤ ਸਿੰਘ ਮਠਾੜੂ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਕਰਮ ਸਿੰਘ ਬੱਬਰਾ, ਸੁਰਿੰਦਰ ਸਿੰਘ ਪ੍ਰਧਾਨ ਸੈਕਟਰ-71, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-2 ਦੇ ਪ੍ਰਧਾਨ ਜਗਜੀਤ ਸਿੰਘ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਇੰਜ: ਪੀਐਸ ਵਿਰਦੀ, ਸਾਬਕਾ ਕੌਂਸਲਰ ਰਜਨੀ ਗੋਇਲ ਤੇ ਅਰੁਣ ਗੋਇਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।