ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਨਬਜ਼-ਏ-ਪੰਜਾਬ, ਮੁਹਾਲੀ, 11 ਫਰਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਭਲਕੇ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 648ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਨਗਰ ਕੀਰਤਨ ਦੀ ਅਰੰਭਤਾ ਐਸਪੀ (ਸੇਵਾਮੁਕਤ) ਜਗਜੀਤ ਸਿੰਘ ਜੱਲ੍ਹਾ ਨੇ ਕੀਤੀ। ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਤੋਂ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਸ਼ਹਿਰ ਵਾਸੀਆਂ, ਨੌਜਵਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਇਸ ਦੌਰਾਨ ਰਾਗੀ ਸਿੰਘਾਂ ਅਤੇ ਇਸਤਰੀ ਸਤਿਸੰਗ ਜਥਿਆਂ ਨੇ ਗੁਰੂ ਜੀ ਦੀ ਬਾਣੀ ਦਾ ਜਸ ਗਾਇਨ ਕੀਤਾ। ਰਸਤੇ ਵਿੱਚ ਥਾਂ-ਥਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਚਾਹ-ਪਾਣੀ, ਸੁੱਕੇ ਮੇਵਿਆਂ ਦਾ ਲੰਗਰ ਵਰਤਾਇਆ ਗਿਆ। ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਭੇਟ ਕੀਤੇ ਗਏ। ਗ੍ਰੰਥੀ ਸਿੰਘ ਅਤੇ ਸਭਾ ਦੇ ਪ੍ਰਧਾਨ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੇ ਪ੍ਰਧਾਨ ਤਰਸੇਮ ਲਾਲ ਬਾਦਲਾ, ਜਨਰਲ ਸਕੱਤਰ ਡੀਆਰ ਪਾਲ ਅਤੇ ਪ੍ਰੈਸ ਸਕੱਤਰ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਭਲਕੇ ਬੁੱਧਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਵੱਖ-ਵੱਖ ਰਾਗੀ ਜਥਿਆਂ ਵੱਲੋਂ ਗੁਰੂ ਦੀ ਮਹਿਮਾ ਦਾ ਗਾਇਨ ਕੀਤਾ ਜਾਵੇਗਾ। ਇੰਜ ਹੀ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਪਿੰਡ ਕੰਬਾਲਾ ਅਤੇ ਹੋਰਨਾਂ ਪਿੰਡਾਂ ਤੇ ਸ਼ਹਿਰੀ ਸੰਸਥਾਵਾਂ ਵੱਲੋਂ ਨਗਰ ਕੀਰਤਨ ਸਜਾਏ ਗਏ।