
ਪਿੰਡ ਸਿਉਂਕ ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ ਬਰਖ਼ਾਸਤ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਕੇਸ ਦਾ ਵੀ ਸਾਹਮਣਾ ਕਰ ਰਿਹਾ ਹੈ ਵਰਿੰਦਰਪਾਲ ਸਿੰਘ ਧੂਤ
ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਸੀ ਤਬਦੀਲ
ਨਬਜ਼-ਏ-ਪੰਜਾਬ, ਮੁਹਾਲੀ, 26 ਫਰਵਰੀ:
ਪੰਜਾਬ ਸਰਕਾਰ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਿਉਂਕ ਦੀ ਸ਼ਾਮਲਾਤ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਮਾਜਰੀ ਬਲਾਕ ਦੇ ਤਤਕਾਲੀ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮਾਲ ਅਧਿਕਾਰੀ ’ਤੇ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਤਬਦੀਲ ਕਰਨ ਦਾ ਦੋਸ਼ ਹੈ। ਇਸ ਸਮੇਂ ਉਹ ਮੁਅੱਤਲ ਚੱਲ ਰਿਹਾ ਸੀ। ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ। ਉਹ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਕੇਸ ਦਾ ਵੀ ਸਾਹਮਣਾ ਕਰ ਰਿਹਾ ਹੈ। ਇਸ ਕੇਸ ਵਿੱਚ ਵਿਜੀਲੈਂਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਸ ਨੂੰ ਮੁਅੱਤਲ ਕੀਤਾ ਗਿਆ ਸੀ।
ਜਾਂਚ ਦੌਰਾਨ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ (ਮੁਹਾਲੀ) ਵਿਖੇ ਨਾਇਬ ਤਹਿਸੀਲਦਾਰ ਵਜੋਂ ਤਾਇਨਾਤੀ ਦੌਰਾਨ 28 ਸਤੰਬਰ 2016 ਨੂੰ ਇੰਤਕਾਲ ਨੰਬਰ-1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ। ਇਹ ਇੰਤਕਾਲ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਫ਼ੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂ ’ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ ’ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆ ਕਰਕੇ ਕੀਤਾ ਗਿਆ ਸੀ।
ਸੇਵਾਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀਆਰ ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ ’ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ਾਧਾਰਕਾਂ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿੱਚ ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ, ਜਿਨ੍ਹਾਂ ਦਾ ਜ਼ਮੀਨ ’ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ। ਮਾਲ ਅਧਿਕਾਰੀ ਦੀਆਂ ਇਨ੍ਹਾਂ ਕਾਰਵਾਈਆਂ ਨੂੰ ‘‘ਸੌੜੀ ਨੀਅਤ’’ ਦੱਸਦਿਆਂ ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਬਰਖ਼ਾਸਤਗੀ ਦੇ ਹੁਕਮਾਂ ਵਿੱਚ ਕਿਹਾ, ’’ਅਜਿਹੀਆਂ ਕਾਰਵਾਈਆਂ ਵਿਰੁੱਧ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਇਸ ਲਈ ਉਕਤ ਤੱਥਾਂ ਅਤੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਮੁਅੱਤਲ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1970 ਦੇ ਉਪਨਿਯਮ 5 ਤਹਿਤ ਸਰਕਾਰੀ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ।