ਸਿੰਚਾਈ ਘੁਟਾਲਾ: ਦੋ ਸਾਬਕਾ ਅਕਾਲੀ ਮੰਤਰੀਆਂ ਤੇ ਆਈਏਐਸ ਅਫ਼ਸਰਾਂ ਦਾ ਨਾਂ ਸਾਹਮਣੇ ਆਇਆ

ਮੁਹਾਲੀ ਅਦਾਲਤ ਨੇ ਸੇਵਾਮੁਕਤ ਮੁੱਖ ਇੰਜਨੀਅਰ ਹਰਵਿੰਦਰ ਸਿੰਘ ਨੂੰ ਭੇਜ ਭੇਜਿਆ, ਠੇਕੇਦਾਰ ਦਾ ਪੁਲੀਸ ਰਿਮਾਂਡ ਵਧਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਹੁਚਰਚਿਤ ਸਿੰਚਾਈ ਘੁਟਾਲੇ ਵਿੱਚ ਗ੍ਰਿਫ਼ਤਾਰ ਸਿੰਚਾਈ ਵਿਭਾਗ ਦੇ ਸੇਵਾਮੁਕਤ ਮੁੱਖ ਇੰਜਨੀਅਰ ਹਰਵਿੰਦਰ ਸਿੰਘ ਅਤੇ ਠੇਕੇਦਾਰ ਗੁਰਿੰਦਰ ਸਿੰਘ ਦੀ ਪੁੱਛਗਿੱਛ ਦੌਰਾਨ ਦੋ ਸਾਬਕਾ ਅਕਾਲੀ ਮੰਤਰੀਆਂ ਅਤੇ ਆਈਏਐਸ ਅਫ਼ਸਰਾਂ ਦੇ ਨਾਂ ਸਾਹਮਣੇ ਆਏ ਹਨ। ਇਸ ਗੱਲ ਦਾ ਖੁਲਾਸਾ ਵਿਜੀਲੈਂਸ ਨੇ ਕੇਸ ਦੀ ਸੁਣਵਾਈ ਦੌਰਾਨ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲੈਣ ਲਈ ਜਿਰ੍ਹਾ ਕਰਦਿਆਂ ਕੀਤਾ। ਸੇਵਾਮੁਕਤ ਮੁੱਖ ਇੰਜਨੀਅਰ ਹਰਵਿੰਦਰ ਸਿੰਘ ਅਤੇ ਠੇਕੇਦਾਰ ਗੁਰਿੰਦਰ ਸਿੰਘ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸਨੀਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਸੇਵਾਮੁਕਤ ਅਧਿਕਾਰੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ ਜਦੋਂ ਕਿ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਦੇ ਪੁਲੀਸ ਰਿਮਾਂਡ ਵਿੱਚ ਤਿੰਨ ਦਿਨ ਦਾ ਹੋਰ ਵਾਧਾ ਕਰਦਿਆਂ ਮੁਲਜ਼ਮ ਨੂੰ 19 ਦਸੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਅਦਾਲਤ ਵਿੱਚ ਸਰਕਾਰੀ ਵਕੀਲ ਦੇ ਨਾਲ ਨਾਲ ਵਿਜੀਲੈਂਸ ਬਿਊਰੋ ਦੇ ਐਸਪੀ ਅਸ਼ੀਸ਼ ਕਪੂਰ ਨੇ ਖ਼ੁਦ ਜਿਰ੍ਹਾ ਕੀਤੀ ਅਤੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਦੋ ਸਾਬਕਾ ਮੰਤਰੀਆਂ ਅਤੇ ਆਈਏਐਸ ਅਫ਼ਸਰਾਂ ਦੇ ਨਾਂ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਸੇਵਾਮੁਕਤ ਮੁੱਖ ਇੰਜਨੀਅਰ ਹਰਵਿੰਦਰ ਸਿੰਘ ਨੇ ਸਬੰਧਤ ਸਾਬਕਾ ਮੰਤਰੀਆਂ ਦੇ ਨਿੱਜੀ ਸਕੱਤਰਾਂ (ਪੀਏ) ਰਾਹੀਂ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨਾਲ ਮੰਤਰੀਆਂ ਨਾਲ ਗੱਲ ਕਰਵਾਈ ਸੀ। ਇਸ ਤੋਂ ਬਾਅਦ ਠੇਕੇਦਾਰ ਉੱਤੇ ਸਰਕਾਰ ਦੀ ਸਵੱਲੀ ਨਜ਼ਰ ਹੋ ਗਈ।
ਜ਼ਿਕਰਯੋਗ ਹੈ ਕਿ ਸਿੰਚਾਈ ਵਿਭਾਗ ਪੰਜਾਬ ਵੱਲੋਂ ਈ-ਟੈਂਡਰਾਂ ਰਾਹੀਂ ਅਲਾਟ ਕੀਤੇ ਕਈ ਕੰਮਾਂ ਦੇ ਠੇਕਿਆਂ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਪਿਛਲੇ ਸਮੇਂ ਦੌਰਾਨ ਇੱਕ ਹੀ ਠੇਕੇਦਾਰ ਗੁਰਿੰਦਰ ਸਿੰਘ ਨੂੰ ਵਿਭਾਗ ਦੇ ਕੱੁਲ ਕੰਮਾਂ ’ਚੋਂ ਕੀਮਤ ਮੁਤਾਬਕ 60 ਫੀਸਦੀ ਤੋਂ ਵੱਧ ਕੰਮ ਨਿਯਮਾਂ ਅਤੇ ਹਦਾਇਤਾਂ ਦੀ ਅਣੇਦਖੀ ਕਰਦਿਆਂ ਅਲਾਟ ਕੀਤੇ ਗਏ ਸਨ। ਅਧਿਕਾਰੀਆਂ ਨੇ ਗੁਰਿੰਦਰ ਸਿੰਘ ਐਂਡ ਕੰਪਨੀ ਨੂੰ ਠੇਕੇ ਅਲਾਟ ਕਰਨ ਵੇਲੇ ਬਹੁਤ ਸਾਰੇ ਕੰਮਾਂ ਦੌਰਾਨ ਪੱਖ ਪੂਰਿਆ ਅਤੇ ਕਈ ਕੰਮਾਂ ਨੂੰ ਜੋੜ ਕੇ ਮਰਜ਼ੀ ਦੇ ਟੈਂਡਰ ਬਣਾ ਕੇ ਇਸ ਕੰਪਨੀ ਨੂੰ ਵੱਧ ਦਰਾਂ ’ਤੇ ਕੰਮਾਂ ਦੇ ਠੇਕੇ ਅਲਾਟ ਕੀਤੇ ਗਏ। ਵਿਜੀਲੈਂਸ ਅਨੁਸਾਰ ਦਸਤਾਵੇਜ਼ਾਂ ਦੀ ਪੜਤਾਲ ਦੌਰਾਨ ਇਹ ਵੀ ਪਤਾ ਲੱਗਾ ਕਿ ਠੇਕੇਦਾਰ ਦੀ ਕੰਪਨੀ ਦਾ ਸਾਲਾਨਾ ਕਾਰੋਬਾਰ ਥੋੜ੍ਹੇ ਸਮੇਂ ਵਿੱਚ ਹੀ 4.50 ਕਰੋੜ ਰੁਪਏ ਤੋਂ ਵਧ ਕੇ 300 ਕਰੋੜ ਰੁਪਏ ਹੋ ਗਿਆ।
ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਸਿੰਚਾਈ ਵਿਭਾਗ ਵਿੱਚ ਬੀਤੇ ਸਮੇਂ ਦੌਰਾਨ ਟੈਂਡਰ ਅਲਾਟ ਕਰਨ ਵਿੱਚ ਹੋਈਆਂ ਭਾਰੀ ਬੇਨਿਯਮੀਆਂ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ ਅਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਵੱਲੋਂ ਸੇਵਾਮੁਕਤ ਮੁੱਖ ਇੰਜਨੀਅਰ ਹਰਵਿੰਦਰ ਸਿੰਘ ਅਤੇ ਠੇਕੇਦਾਰ ਗੁਰਿੰਦਰ ਸਿੰਘ ਅਤੇ ਹੋਰਨਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਡੀ ਤੇ 13(2) ਸਮੇਤ ਆਈਪੀਸੀ ਦੀ ਧਾਰਾ 406, 420, 467, 468, 471, 477-ਏ ਅਤੇ 120ਬੀ ਅਧੀਨ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਅਤੇ ਪੁਲੀਸ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਪੁੱਛਗਿੱਛ ਤੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…