Nabaz-e-punjab.com

550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਮੁਹਾਲੀ ਵਿੱਚ ਸਥਾਪਿਤ ਕੀਤੀਆਂ ਤਿੰਨ ‘ਨਾਨਕ ਬਗੀਚੀਆਂ’

‘ਨਾਨਕ ਬਗੀਚੀਆਂ’ ਰਾਹੀਂ ਮੁਹਾਲੀ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਦਾ ਕਾਰਜ ਤੇਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਗਏ ਕਾਰਜਾਂ ਤਹਿਤ ਵਾਤਾਵਰਨ ਦੀ ਸ਼ੁੱਧਤਾ ਅਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨੂੰ ਹਰਿਆ-ਭਰਿਆ ਬਣਾਉਣ ਲਈ ਵਿੱਚ ਤਿੰਨ ‘ਨਾਨਕ ਬਗੀਚੀਆਂ’ ਸਥਾਪਿਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਵਣ ਮੰਡਲ ਅਫ਼ਸਰ ਗੁਰ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਣ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76, ਸਰਕਾਰੀ ਕਾਲਜ ਫੇਜ਼-6 ਅਤੇ ਖੇਤੀਬਾੜੀ ਭਵਨ ਫੇਜ਼-6 ਵਿੱਚ ਈਕੋ ਸਿੱਖ ਸੰਸਥਾ ਦੇ ਸਹਿਯੋਗ ਨਾਲ ਤਿੰਨ ‘ਨਾਨਕ ਬਗੀਚੀਆਂ’ ਸਥਾਪਿਤ ਕੀਤੀਆਂ ਗਈਆਂ ਹਨ। ਹਰੇਕ ਨਾਨਕ ਬਗੀਚੀ ਵਿੱਚ 550 ਪੌਦੇ ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਜਾਪਾਨੀ ਤਕਨੀਕ ‘ਮੀਆਵਾਕੀ’ ਅਨੁਸਾਰ ਤਿਆਰ ਕੀਤੀਆਂ ਗਈਆਂ ਇਨ੍ਹਾਂ ਬਗੀਚੀਆਂ ਵਿਚਲੇ ਬੂਟੇ ਕਈ ਗੁਣਾ ਜ਼ਿਆਦਾ ਤੇਜ਼ੀ ਨਾਲ ਵਧਣਗੇ ਅਤੇ ਕਾਰਬਨ ਡਾਈਆਕਸਾਈਡ ਗੈਸਾਂ ਜਜ਼ਬ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਤਹਿਤ ਸਬੰਧਤ ਖੇਤਰ ਵਿੱਚ ਹੋਣ ਵਾਲੇ ਬੂਟੇ ਹੀ ਲਾਏ ਗਏ ਹਨ ਤਾਂ ਜੋ ਇਨ੍ਹਾਂ ਦੇ ਵਿਕਾਸ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਤਕਨੀਕ ਸ਼ਹਿਰੀ ਖੇਤਰ ਵਿੱਚ ਥੋੜ੍ਹੀ ਥਾਂ ਲਈ ਬੇਹੱਦ ਕਾਰਗਰ ਹੈ, ਜਿਸ ਨਾਲ ਜਿੱਥੇ ਜੈਵਿਕ ਵਿਭਿੰਨਤਾ ਬਣਾਈ ਰੱਖਣ ਵਿੱਚ ਮਦਦ ਮਿਲਦੀ ਹੈ, ਉੱਥੇ ਬੂਟਿਆਂ ਦੇ ਵਿਕਸਤ ਹੋਣ ਦੀ ਸੰਭਾਵਨਾ ਸਭ ਤੋਂ ਵੱਧ ਹੁੰਦੀ ਹੈ। ਇਸ ਤਕਨੀਕ ਨਾਲ ਬੂਟਿਆਂ ਦੀਆਂ ਜੜ੍ਹਾਂ ਇਕ ਦੂਜੇ ਨਾਲ ਜੁੜ ਜਾਂਦੀਆਂ ਹਨ, ਜਿਸ ਨਾਲ ਉਨ੍ਹਾਂ ਦਾ ਵਿਕਾਸ ਤੇਜ਼ੀ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਬਗੀਚੀਆਂ ਨਾ ਸਿਰਫ਼ ਵਾਤਾਵਰਨ ਦੇ ਪ੍ਰਦੂਸ਼ਣ ਨੂੰ ਹੀ ਘੱਟ ਕਰਨਗੀਆਂ, ਸਗੋਂ ਜ਼ਮੀਨੀ ਪਾਣੀ ਦੇ ਪੱਧਰ ਨੂੰ ਸਾਵਾਂ ਕਰਨ ਵਿੱਚ ਵੀ ਸਹਾਈ ਹੋਣਗੀਆਂ। ਇਸ ਤੋਂ ਇਲਾਵਾ ਹਰਿਆਵਲ ਹੇਠ ਘਟਦੇ ਰਕਬੇ ਨੂੰ ਰੋਕਣ ਵਿੱਚ ਵੀ ਸਹਾਇਤਾ ਮਿਲੇਗੀ।
ਈਕੋ ਸਿੱਖ ਸੰਸਥਾ ਦੇ ਨੁਮਾਇੰਦੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਬਗੀਚੀਆਂ ਨੂੰ ਤਿਆਰ ਕਰਨ ਲਈ ਪਹਿਲਾਂ ਦੋ ਥਾਵਾਂ ਉਤੇ ਤਿੰਨ ਫੁੱਟ ਤੱਕ ਖੁਦਾਈ ਕੀਤੀ ਗਈ, ਜਿਸ ਮਗਰੋਂ ਇਸ ਵਿੱਚ ਤੂੜੀ, ਪਰਾਲੀ ਤੇ ਖਾਦ ਦਾ ਮਿਕਸਚਰ ਤਿਆਰ ਕਰ ਕੇ ਭਰਿਆ ਗਿਆ ਹੈ। ਉਸ ਤੋਂ ਬਾਅਦ ਉਪਰ ਬੂਟੇ ਲਾਏ ਗਏ ਹਨ। ਇਸ ਤਕਨੀਕ ਨਾਲ ਬੂਟਿਆਂ ਦੀਆਂ ਜੜ੍ਹਾਂ ਵਿੱਚ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਦਾ ਵਿਕਾਸ ਤੇਜ਼ੀ ਨਾਲ ਹੁੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…