
ਨੈਸ਼ਨਲ ਹਾਈਵੇਅ ਮਾਮਲਾ: ਅੱਤ ਦੀ ਗਰਮੀ ਵਿੱਚ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ
ਕਿਸਾਨਾਂ ਦੀ ਲਾਮਬੰਦੀ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕਰਨ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ ਏਅਰਪੋਰਟ ਨੇੜਿਓਂ ਆਈਟੀ ਸਿਟੀ ਤੋਂ ਕੁਰਾਲੀ ਅਤੇ ਡੇਰਾਬੱਸੀ ਖੇਤਰ ਵਿੱਚ ਬਣਾਏ ਜਾਣ ਵਾਲੇ ਦੋ ਕੌਮੀ ਮਾਰਗਾਂ ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਜ਼ਮੀਨਾਂ ਦਾ ਉਚਿੱਤ ਭਾਅ ਨਾ ਮਿਲਣ ਵਿਰੁੱਧ ਮੁਹਾਲੀ ਦੇ ਨੇੜਲੇ ਪਿੰਡਾਂ ਦੇ ਕਿਸਾਨਾਂ ਵੱਲੋਂ ਗਠਿਤ ਸਾਂਝੀ ਰੋਡ ਸੰਯੁਕਤ ਕਿਸਾਨ ਕਮੇਟੀ ਦੇ ਬੈਨਰ ਹੇਠ ਅੱਜ ਚੌਥੇ ਦਿਨ ਵੀ ਡੀਸੀ ਦਫ਼ਤਰ ਦੇ ਬਾਹਰ ਧਰਨਾ ਜਾਰੀ ਰਿਹਾ। ਅੱਤ ਦੀ ਗਰਮੀ ਦੇ ਬਾਵਜੂਦ ਅੰਨਦਾਤਾ ਟੈਂਟ ਲਗਾ ਕੇ ਬੈਠ ਗਏ ਹਨ।
ਇਸ ਮੌਕੇ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਗੁਰਮੁੱਖ ਸਿੰਘ ਲਾਂਡਰਾਂ, ਰਾਣਾ ਕਰਮਜੀਤ ਸਿੰਘ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨੂੰ ਮੌਜੂਦਾ ਮਾਰਕੀਟ ਭਾਅ ਦੇ ਮੁਤਾਬਕ ਜ਼ਮੀਨਾਂ ਦਾ ਮੁਆਵਜ਼ਾ ਦੀ ਜਾਇਜ਼ ਮੰਗ ਨਹੀਂ ਮੰਨਦੀ ਜਾਂ ਲਿਖਤੀ ਭਰੋਸਾ ਨਹੀਂ ਦਿੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।
ਕਿਸਾਨ ਆਗੂ ਜਗਜੀਤ ਸਿੰਘ ਕਰਾਰਾ, ਗੁਰਦਿਆਲ ਸਿੰਘ ਮੌਜਪੁਰ, ਧਨਵੰਤ ਸਿੰਘ ਬੈਦਵਾਨ, ਮਲਕੀਤ ਸਿੰਘ ਮਾਮੂਪੁਰ, ਅਮਰਜੀਤ ਸਿੰਘ ਦਸਾਰਨਾ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕਿਸਾਨਾਂ ਦੀ ਲਾਮਬੰਦੀ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਨੂੰ ਸਰਕਾਰ ਦੀਆਂ ਵਧੀਕੀਆਂ ਤੋਂ ਜਾਣੂ ਕਰਵਾਉਂਦਿਆਂ ਜਨ ਅਦੋਲਨ ਦਾ ਹਿੱਸਾ ਬਣਨ ਲਈ ਪ੍ਰੇਰਿਆ ਜਾਵੇਗਾ।