
ਸਿਹਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਵੇਰਕਾ ਚੌਕ ’ਤੇ ਨੈਸ਼ਨਲ ਹਾਈਵੇਅ ਜਾਮ, ਸਰਕਾਰ ਦਾ ਪਿੱਟ ਸਿਆਪਾ
ਮੁੱਖ ਮੰਤਰੀ ’ਤੇ ਦੋ ਵਾਰ ਮੀਟਿੰਗ ਦਾ ਸਮਾਂ ਦੇ ਕੇ ਟਾਲਾ ਵਟਣ ਦਾ ਦੋਸ਼, ਸਿਹਤ ਸਕੱਤਰ ਦੇ ਰਵੱਈਏ ਤੋਂ ਭੜਕੀਆਂ ਮਹਿਲਾਂ ਮੁਲਾਜ਼ਮਾਂ<./h3>
36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ: ਕਿਰਨਜੀਤ ਕੌਰ
4 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਕੀਤਾ ਜਾਵੇਗਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਕੋਠੀ ਦਾ ਘਿਰਾਓ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਯੂਨੀਅਨ (ਫੀਮੇਲ) ਨੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਟਾਲਮਟੋਲ ਨੀਤੀਆਂ ਤੋਂ ਦੁਖੀ ਹੋ ਕੇ ਅੱਜ ਬਾਅਦ ਦੁਪਹਿਰ ਅਚਾਨਕ ਮੁਹਾਲੀ ਵੇਰਕਾ ਮਿਲਕ ਪਲਾਂਟ ਚੌਂਕ ’ਤੇ ਨੈਸ਼ਨਲ ਹਾਈਵੇਅ ਜਾਮ ਕਰਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ। ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਸਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸ਼ਾਮ ਨੂੰ ਦਫ਼ਤਰਾਂ ਤੋਂ ਛੁੱਟੀ ਉਪਰੰਤ ਘਰ ਜਾਣ ਵਾਲੇ ਮੁਲਾਜ਼ਮਾਂ ਅਤੇ ਹੋਰ ਵਿਅਕਤੀ ਲੰਮਾ ਸਮਾਂ ਜਾਮ ਵਿੱਚ ਫਸੇ ਰਹੇ। ਸਿਹਤ ਵਿਭਾਗ ਦੇ ਕੱਚੇ ਕਰਮਚਾਰੀ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਦੇ ਰਾਹ ’ਤੇ ਹਨ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਕਿਰਨਜੀਤ ਕੌਰ ਮੁਹਾਲੀ ਅਤੇ ਨਰਿੰਦਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਮੀਟਿੰਗ ਕਰਨ ਦਾ ਸਮਾਂ ਦਿੱਤਾ ਸੀ ਪ੍ਰੰਤੂ ਨਾ ਬੀਤੇ ਕੱਲ੍ਹ ਅਤੇ ਨਾ ਅੱਜ ਮੀਟਿੰਗ ਕੀਤੀ ਗਈ। ਇਸ ਮਗਰੋਂ ਸਿਹਤ ਕਾਮਿਆਂ ਦੇ ਰੋਹ ਨੂੰ ਦੇਖਦੇ ਹੋਏ ਉਨ੍ਹਾਂ ਦੀ ਸਿਹਤ ਸਕੱਤਰ ਨਾਲ ਮੀਟਿੰਗ ਕਰਵਾਈ ਗਈ ਲੇਕਿਨ ਅਧਿਕਾਰੀ ਨੇ ਉਨ੍ਹਾਂ ਨੂੰ ਸਾਫ਼ ਲਫ਼ਜ਼ਾਂ ਵਿੱਚ ਕਹਿ ਦਿੱਤਾ ਕਿ ਵਿਭਾਗ ਵਿੱਚ ਨਵੀਆਂ ਅਸਾਮੀਆਂ ਕੱਢੀਆਂ ਜਾਣਗੀਆਂ ਅਤੇ ਪ੍ਰੀਖਿਆ ਵਿੱਚ ਪਾਸ ਅਤੇ ਮੈਰਿਟ ਵਿੱਚ ਆਉਣ ਵਾਲੇ ਉਮੀਦਵਾਰਾਂ ਨੂੰ ਵਿਚਾਰਿਆ ਜਾਵੇਗਾ। ਜਿਸ ਕਾਰਨ ਨੱਕੋਂ ਨੱਕ ਰੋਹ ਵਿੱਚ ਭਰੇ ਸਿਹਤ ਕਾਮਿਆਂ (ਮਹਿਲਾ ਮੁਲਾਜ਼ਮਾਂ) ਨੇ ਪਹਿਲਾਂ ਡਾਇਰੈਕਟੋਰੇਟ ਦਾ ਘਿਰਾਓ ਕੀਤਾ ਅਤੇ ਉੱਥੇ ਧੱਕਾਮੁੱਕੀ ਹੋਣ ਤੋਂ ਬਾਅਦ ਉਨ੍ਹਾਂ ਨੇ ਵੇਰਕਾ ਚੌਂਕ ਫੇਜ਼-6 ਪਹੁੰਚ ਕੇ ਮੁਹਾਲੀ-ਖਰੜ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਅਤੇ ਸਰਕਾਰ ਖ਼ਿਲਾਫ਼ ਭੜਾਸ ਕੱਢੀ।
ਮਹਿਲਾ ਆਗੂਆਂ ਨੇ ਕਿਹਾ ਕਿ ਉਹ ਪਿਛਲੇ 16 ਦਿਨਾਂ ਤੋਂ ਸੈਕਟਰ-34 ਸਥਿਤ ਡਾਇਰੈਕਟਰ ਦਫ਼ਤਰ ਅਤੇ ਅੰਮ੍ਰਿਤਸਰ ਸਥਿਤ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਮੂਹਰੇ ਪੱਕਾ ਮੋਰਚਾ ਲਗਾ ਕੇ ਬੈਠੀਆਂ ਹਨ ਪਰ ਹੁਣ ਤੱਕ ਉਨ੍ਹਾਂ ਦੀ ਸੇਵਾਵਾਂ ਰੈਗੂਲਰ ਕਰਨ ਸਬੰਧੀ ਸਰਕਾਰ ਨੇ ਹੁੰਗਾਰਾ ਨਹੀਂ ਭਰਿਆ। ਹਾਲਾਂਕਿ ਕੁੱਝ ਦਿਨ ਪਹਿਲਾਂ ਉਪ ਮੁੱਖ ਮੰਤਰੀ (ਜਿਨ੍ਹਾਂ ਕੋਲ ਸਿਹਤ ਵਿਭਾਗ ਹੈ) ਓਪੀ ਸੋਨੀ ਵੱਲੋਂ ਜਥੇਬੰਦੀ ਨਾਲ ਮੀਟਿੰਗ ਕਰਕੇ ਸੇਵਾਵਾਂ ਰੈਗੂਲਰ ਕਰ ਦਾ ਭਰੋਸਾ ਦਿੱਤਾ ਸੀ ਪਰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਅਜੇ ਤਾਈਂ ਸਰਕਾਰ ਨੇ ਮਸਲਾ ਹੱਲ ਨਹੀਂ ਕੀਤਾ।
ਇਸ ਮੌਕੇ ਸਰਬਜੀਤ ਕੌਰ ਅਤੇ ਚੰਚਲ ਬਾਲਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਅਸਲੀਅਤ ਇਹ ਹੈ ਕਿ ਅਜੇ ਤਾਈਂ ਇੱਕ ਮੁਲਾਜ਼ਮ ਵੀ ਪੱਕਾ ਨਹੀਂ ਕੀਤਾ। ਉਨ੍ਹਾਂ ਐਲਾਨ ਕੀਤਾ ਕਿ 4 ਦਸੰਬਰ ਨੂੰ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਅੰਮ੍ਰਿਤਸਰ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਮਲਾਗਰ ਸਿੰਘ ਖਮਾਣੋਂ, ਪਰਮਜੀਤ ਕੌਰ ਸੰਗਰੂਰ, ਸਰਬਜੀਤ ਕੌਰ ਸੰਗਰੂਰ, ਕਨਵੀਨਰ ਨਰਿੰਦਰ ਕੌਰ, ਕਿਰਨਜੀਤ ਕੌਰ, ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ, ਸਰਬਜੀਤ ਕੌਰ ਜਲੰਧਰ, ਅਮਰੀਕ ਸਿੰਘ ਧਾਲੀਵਾਲ ਨੇ ਵੀ ਸੰਬੋਧਨ ਕੀਤਾ। ਸ਼ਾਮ ਨੂੰ ਖ਼ਬਰ ਲਿਖੇ ਜਾਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਸੀ।