
ਕੌਮੀ ਇਨਸਾਫ਼ ਮੋਰਚੇ ਨੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਸਰਬ ਪਾਰਟੀ ਮੀਟਿੰਗ ਸੱਦੀ
ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਨੂੰ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ
ਨਬਜ਼-ਏ-ਪੰਜਾਬ, ਮੁਹਾਲੀ, 16 ਅਪਰੈਲ:
ਕੌਮੀ ਇਨਸਾਫ਼ ਮੋਰਚਾ ਅਤੇ ਹੋਰ ਇਨਸਾਫ਼ ਪਸੰਦ ਲੋਕਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਵਾਈਪੀਐਸ ਚੌਕ ਨੇੜੇ ਲਾਇਆ ਪੱਕਾ ਮੋਰਚਾ ਜਾਰੀ ਹੈ। ਕਰੀਬ ਸਵਾ ਦੋ ਸਾਲ ਤੋਂ ਧਰਨੇ ’ਤੇ ਬੈਠੇ ਆਗੂ ਹੁਣ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਰੌਂਅ ਵਿੱਚ ਹਨ। ਇਸ ਸਬੰਧੀ ਕੌਮੀ ਇਨਸਾਫ਼ ਮੋਰਚਾ ਮੁਹਾਲੀ ਵੱਲੋਂ ਭਲਕੇ 17 ਅਪਰੈਲ ਨੂੰ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਸਮਾਜਿਕ, ਧਾਰਮਿਕ, ਨਿਹੰਗ ਸਿੰਘਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਅੱਜ ਇੱਥੇ ਮੋਰਚੇ ਦੇ ਆਗੂਆਂ ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਰਛਪਾਲ ਸਿੰਘ ਚੰਡੀਗੜ੍ਹ, ਜੀਤ ਸਿੰਘ ਅੌਲਖ, ਸੱਜਣ ਸਿੰਘ, ਰਜੀਵ ਸਿੰਘ, ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਦੇ ਪ੍ਰਧਾਨ ਸੁੱਖ ਗਿੱਲ ਮੋਗਾ ਅਤੇ ਤਲਵਿੰਦਰ ਸਿੰਘ ਗਿੱਲ ਨੇ ਸਰਬ ਪਾਰਟੀ ਮੀਟਿੰਗ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕਿਸਾਨ ਭਵਨ ਦੇ ਰਾਵੀ ਹਾਲ ਵਿੱਚ ਸਵਾ ਸੌ ਕੁਰਸੀ ਦਾ ਪਹਿਲਾਂ ਪ੍ਰਬੰਧ ਹੈ ਅਤੇ ਕਰੀਬ ਸੌ ਕੁਰਸੀ ਟੈਂਟ ਤੋਂ ਮੰਗਵਾ ਕੇ ਲਗਾਈ ਗਈ ਹੈ। ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ, ਜਥੇਦਾਰ ਗੁਰਦੀਪ ਸਿੰਘ ਬਠਿੰਡਾ ਅਤੇ ਸੁੱਖ ਗਿੱਲ ਮੋਗਾ ਨੇ ਸਮੂਹ ਕਿਸਾਨ ਜਥੇਬੰਦੀਆਂ, ਸਮਾਜ ਸੇਵੀ, ਧਾਰਮਿਕ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤ ਮਹਾਂਪੁਰਸ਼ਾਂ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਭਲਕੇ 17 ਅਪਰੈਲ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਮਸਲਿਆਂ ਨੂੰ ਲਗਾਤਾਰ ਅਣਗੌਲਿਆ ਕਰਦੀਆਂ ਆ ਰਹੀਆਂ ਹਨ ਅਤੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ ਜਦੋਂਕਿ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆਂ ਜਾ ਰਿਹਾ ਹੈ।