
ਮੁਹਾਲੀ ਵਿੱਚ 11 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 11 ਸਤੰਬਰ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਆਰਐਸ ਰਾਏ ਨੇ ਅੱਜ ਅਦਾਲਤੀ ਸਟਾਫ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪਾਵਰਕੌਮ, ਜਲ ਸਪਲਾਈ ਤੇ ਸੈਨੀਟੇਸ਼ਨ, ਟੈਲੀਫ਼ੋਨ, ਇੰਸ਼ੋਰੈਂਸ ਅਤੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਨੂੰ ਕੌਮੀ ਲੋਕ ਅਦਾਲਤ ਰਾਹੀਂ ਸਬੰਧੀ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿੱਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ ਇਹ ਕੌਮੀ ਲੋਕ ਅਦਾਲਤ ਲਈ ਜਾ ਰਹੀ ਹੈ। ਜਿਸ ਵਿੱਚ ਲੈਂਡ ਐਕੁਈਜ਼ੀਸ਼ਨ, ਪਰਿਵਾਕ ਮਸਲੇ, ਟਰੈਫ਼ਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਕੇਸਾਂ, ਨੈਗੋਸ਼ੀਏਬਲ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿੱਚ ਸੁਣੇ ਜਾਣਗੇ।