nabaz-e-punjab.com

ਨਵਜੋਤ ਸਿੱਧੂ ਨੇ ਅਕਾਲੀ-ਭਾਜਪਾ ਸਰਕਾਰ ਦੇ ਵਿਕਾਸਮੁਖੀ ਪ੍ਰਾਜੈਕਟਾਂ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਅਕਾਲੀ ਆਪਣੀਆਂ ਗਲਤੀਆਂ ਨੂੰ ਸੱਚ ਸਾਬਤ ਕਰਨਾ ਬੰਦ ਕਰਨ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਮਈ:
“ਅਕਾਲੀ ਆਪਣੀਆਂ ਗਲਤੀਆਂ ਨੂੰ ਸੱਚ ਸਾਬਤ ਕਰਨਾ ਬੰਦ ਕਰਨ ਅਤੇ ਸਮੂਹ ਖੇਤਰਾਂ ਵਿੱਚ ਸੂਬੇ ਦੇ ਵਿਕਾਸ ਦੇ ਮੁੱਦੇ ’ਤੇ ਕਾਂਗਰਸ ਸਰਕਾਰ ਨੂੰ ਘੇਰਨ ਤੋਂ ਗੁਰੇਜ਼ ਕਰਨ ਕਿਉਂਕਿ ਉਨ੍ਹਾਂ ਦੇ ਇੱਕ ਦਹਾਕੇ ਚੱਲੀ ਹਕੂਮਤ ਨੂੰ ਕੇਂਦਰੀ ਸ਼ਹਿਰੀ ਵਿਕਾਸ, ਮਕਾਨ ਉਸਾਰੀ ਅਤੇ ਸ਼ਹਿਰੀ ਗਰੀਬੀ ਹਟਾਉ ਮੰਤਰਾਲੇ ਨੇ ਸੱਚ ਦਾ ਸ਼ੀਸ਼ਾ ਵਿਖਾ ਦਿੱਤਾ ਹੈ।”ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਵੈਂਕਈਆ ਨਾਇਡੂ ਵੱਲੋਂ ਮੁੱਖ ਮੰਤਰੀ ਨੂੰ ਭੇਜੇ ਇੱਕ ਪੱਤਰ ਵਿੱਚ ਸੂਬੇ ਦੀਆਂ ਸ਼ਹਿਰੀ ਸਥਾਨਕ ਸਰਕਾਰਾਂ ਨੂੰ ਕੇਂਦਰੀ ਅਤੇ ਸੂਬਾਈ ਫੰਡ ਜਾਰੀ ਕਰਨ ਦੇ ਮਾਮਲੇ ਵਿੱਚ ਘੋਰ ਵਿੱਤੀ ਬੇਨਿਯਾਮੀਆਂ ਵੱਲ ਇਸ਼ਾਰਾ ਕੀਤਾ ਗਿਆ ਹੈ।
ਪਿਛਲੀ ਅਕਾਲੀ ਸਰਕਾਰ ਨੂੰ ਕਰੜੇ ਹੱਥੀ ਲੈਂਦੇ ਹੋਏ ਸ. ਸਿੱਧੂ ਨੇ ਕਿਹਾ ਕਿ ਇਸ ਪੱਤਰ ਅਨੁਸਾਰ ਨਾ ਸਿਰਫ ਬੀਤੀ ਸੂਬਾ ਸਰਕਾਰ ਵੱਲੋਂ ਆਪਣਾ ਹਿੱਸਾ ਜਾਰੀ ਨਹੀਂ ਕੀਤਾ ਗਿਆ ਸਗੋਂ ਕੇਂਦਰ ਦਾ ਹਿੱਸਾ ਜਾਰੀ ਕਰਨ ਵਿੱਚ ਵੀ ਕਾਫ਼ੀ ਦੇਰੀ ਕੀਤੀ ਗਈ। ਸ੍ਰੀ ਸਿੱਧੂ ਨੇ ਕਿਹਾ ਕਿ ਕੇਂਦਰੀ ਮੰਤਰਾਲੇ ਅਨੁਸਾਰ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਮਾਹਿਰਾਂ ਦੀ ਨਿਯੁਕਤੀ ਦੀ ਫੰਡਿੰਗ ਉਸ ਵੱਲੋਂ ਕੀਤੀ ਜਾਂਦੀ ਹੈ ਪਰ ਬੀਤੀ ਸਰਕਾਰ ਨੇ ਇਨ੍ਹਾਂ ਨੂੰ ਭਰਮ ਵਿੱਚ ਕੋਈ ਰੁਚੀ ਨਹੀਂ ਦਿਖਾਈ ਜਿਸਦਾ ਬੀਤੀ ਸਰਕਾਰ ਵੱਲੋਂ ਜਵਾਬ ਦੇਣਾ ਬਣਦਾ ਹੈ। ਉਨ੍ਹਾਂ ਕਿਹਾ ਕਿ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀ ਅਤੇ ਮੌਜੂਦਾ ਕਾਂਗਰਸ ਸਰਕਾਰ ਦੇ ਲੋਕ ਪੱਖੀ ਏਜੰਡੇ ਨੂੰ ਨਿੰਦਣ ਵਾਲੀ ਬੀਤੀ ਸਰਕਾਰ ਦੇ ਬੁਲਾਰੇ ਹੁਣ ਆਪਣੀਆਂ ਗਲਤੀਆਂ ਬਾਰੇ ਕੀ ਕਹਿਣਗੇ। ਪਿਛਲੀ ਹਕੂਮਤ ਦੇ ਹੋਰ ਪਾਜ ਉਘੇੜਦਿਆਂ ਸ. ਸਿੱਧੂ ਨੇ ਕਿਹਾ ਕਿ ਅਕਾਲੀ ਸਮਾਰਟ ਸਿਟੀ ਮਿਸ਼ਨ ਦਾ ਰਾਗ ਅਲਾਪਦੇ ਰਹੇ ਪਰ ਸੱਚ ਤਾਂ ਇਹ ਹੈ ਕਿ ਇਸ ਤਹਿਤ ਅਜੇ ਤੱਕ ਕਿਸੇ ਵੀ ਪ੍ਰੋਜੈਕਟ ਦਾ ਟੈਂਡਰ ਨਹੀਂ ਕੀਤਾ ਗਿਆ ਅਤੇ ‘ਅਮਰੁਤ’ ਮਿਸ਼ਨ ਨੂੰ ਲਾਗੂ ਕਰਨ ਵਿਚ ਦੇਰੀ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਅਜੇ ਤੱਕ ਸਿਰਫ ਇੱਕ ਹੀ ਸ਼ਹਿਰੀ ਸਥਾਨਕ ਸਰਕਾਰ ਨੂੰ ਖੁੱਲ੍ਹੇ ਵਿੱਚ ਪਖਾਨੇ ਤੋਂ ਮੁਕਤ ਐਲਾਨਿਆ ਗਿਆ ਹੈ ਜੋ ਕਿ ਸਵੱਛ ਭਾਰਤ ਮਿਸ਼ਨ ਉÎੱਤੇ ਸਵਾਲ ਖੜ੍ਹੇ ਕਰਦਾ ਹੈ।
ਸ੍ਰੀ ਸਿੱਧੂ ਨੇ ਅੱਗੇ ਕਿਹਾ ਕਿ ਇਨ੍ਹਾਂ ਖੁਲਾਸਿਆਂ ਦੇ ਸਾਹਮਣੇ ਆਉਣ ਨਾਲ ਅਕਾਲੀ-ਭਾਜਪਾ ਕਿਹੜੇ ਮੂੰਹ ਨਾਲ ਲੋਕਾਂ ਦੇ ਸਾਹਮਣੇ ਜਾਣਗੇ ਕਿਉਂ ਜੋ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੀ ਹੈ ਜਿਸ ਨੇ ਇਸ ਗਠਜੋੜ ਦੀ ਬੀਤੀ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ। ਅਕਾਲੀ-ਭਾਜਪਾ ਨੂੰ ਕਰੜੇ ਹੱਥੀਂ ਲੈਂਦੇ ਹੋਏ ਸ੍ਰੀ ਸਿੱਧੂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ-ਮੁੱਖ ਮੰਤਰੀ ਸਾਹਮਣੇ ਆ ਕੇ ਲੋਕਾਂ ਨੂੰ ਜੁਆਬ ਦੇਣ ਕਿ ਕਿਉਂ ਉਨ੍ਹਾਂ ਵੱਲੋਂ ਵਿਕਾਸ ਦੇ ਨਾਂ ’ਤੇ ਝੂਠੇ ਦਾਅਵੇ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗਠਜੋੜ ਨੂੰ ਸੂਬੇ ਦੇ ਹਿੱਤਾਂ ਨਾਲ ਕੀਤੇ ਗਏ ਧੋਖੇ ਲਈ ਕਦੇ ਵੀ ਮੁਆਫ ਨਹੀਂ ਕਰਨਗੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…