
ਨਵਜੋਤ ਸਿੱਧੂ ਸੰਵਿਧਾਨਕ ਅਧਿਕਾਰਾਂ ਦੀ ਇੱਜ਼ਤ ਨਾਲ ਨਾ ਖੇਡਣ: ਪਰਮਜੀਤ ਕੈਂਥ
ਐਸਸੀ ਭਾਈਚਾਰੇ ਦੇ ਸਮਾਜਿਕ ਸੰਗਠਨਾਂ ਵੱਲੋਂ ਪੁਲੀਸ ਪ੍ਰਸ਼ਾਸਨ ਦੇ ਸਿਆਸੀਕਰਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ: ਕੈਂਥ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਧਾਇਕ ਚਰਨਜੀਤ ਸਿੰਘ ਚੰਨੀ ਦਾ ਮੁੱਖ ਮੰਤਰੀ ਬਣਨਾ ਹਜ਼ਮ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੰਵਿਧਾਨਕ ਅਧਿਕਾਰਾਂ ਨਾਲ ਖਿਲਵਾੜ ਕਰਨ ਦੇ ਇਰਾਦਿਆਂ ਨਾਲ ਸੰਵਿਧਾਨਕ ਅਹੁਦੇ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਨ ਦੀ ਸਾਜ਼ਿਸ਼ ਕਰ ਰਹੇ ਹਨ। ਅੱਜ ਇੱਥੇ ਉਨ੍ਹਾਂ ਕਿਹਾ ਕਿ ਪ੍ਰਬੰਧਕੀ ਮਸ਼ੀਨਰੀ ਦਾ ਸਿਆਸੀ ਕੰਟਰੋਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਿੱਧੂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਸੂਬਾ ਸਰਕਾਰ ਦੇ ਕੰਮਾਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦੀ ਬਜਾਏ ਉਹ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਜੋ ਉਨ੍ਹਾਂ ਦੇ ਪ੍ਰਧਾਨ ਬਣਨ ਤੋਂ ਬਾਅਦ ਠੰਢੀਆਂ ਪਈਆਂ ਹਨ।
ਸ੍ਰੀ ਕੈਂਥ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਪੰਜਾਬ ਪੁਲੀਸ ਮੁਖੀ ਦੀ ਨਿਯੁਕਤੀ ਲਈ ਸਰਕਾਰ ਦੀ ਖੁੱਲ੍ਹ ਕੇ ਵਿਰੋਧਤਾ ਕਰਕੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਕੀਤੀ ਹੈ ਅਤੇ ਡੀਜੀਪੀ ਨੂੰ ਬਦਲਣ ਲਈ ਮੁੱਖ ਮੰਤਰੀ ’ਤੇ ਸਿਆਸੀ ਦਬਾਅ ਪਾਇਆ ਜਾ ਰਿਹਾ ਹੈ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਇਸ ਵਤੀਰੇ ਦਾ ਸਖ਼ਤ ਵਿਰੋਧ ਕਰਦਾ ਹੈ। ਪੰਜਾਬ ਵਿੱਚ ਸਿਆਸੀਕਰਨ, ਦਖ਼ਲਅੰਦਾਜ਼ੀ ਕਾਰਨ ਅਪਰਾਧਿਕ ਮਾਮਲਿਆਂ ਵਿੱਚ ਵਾਧਾ ਹੋਇਆ ਹੈ ਅਤੇ ਅਮਨ ਕਾਨੂੰਨ ਦੀ ਸਮੱਸਿਆ ਦਿਨ ਪ੍ਰਤੀ ਦਿਨ ਖਰਾਬ ਹੋਣ ਕਾਰਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਦਾ ਸਿਆਸੀਕਰਨ ਰੋਕਣ ਲਈ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰਿਆਂ ਦੀ ਰਾਇ ਨਾਲ ਜ਼ਿਲ੍ਹਾ ਪੱਧਰੀ ਧਰਨੇ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਫਿਰ ਵੀ ਬਾਜ ਨਹੀਂ ਆਏ ਤਾਂ ਉਨ੍ਹਾਂ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ।