
ਨਵਜੋਤ ਸਿੱਧੂ ਵੱਲੋਂ ਅੰਮ੍ਰਿਤਸਰ, ਜਲੰਧਰ ਤੇ ਬਠਿੰਡਾ ਦੇ ਗਾਰਬੇਜ ਡੰਪ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਡੰਪ ਤਬਦੀਲ ਕਰਨ ਲਈ ਸ਼ਹਿਰਾਂ ਨੇੜੇ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਵਾਸਤੇ ਉਚ ਪੱਧਰੀ ਕਮੇਟੀ ਗਠਿਤ
ਅਮਰਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਮਾਰਚ:
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਲੋਕਾਂ ਵੱਲੋਂ ਚਿਰਾਂ ਤੋਂ ਉਠਾਈ ਜਾ ਰਹੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ, ਜਲੰਧਰ ਅਤੇ ਬਠਿੰਡਾ ਦੇ ਗਾਰਬੇਜ ਡੰਪਸ (ਕੂੜਾ-ਕਰਕਟ ਸੁੱਟਣ ਲਈ ਬਣਾਈਆਂ ਥਾਵਾਂ) ਨੂੰ ਸ਼ਹਿਰਾਂ ਤੋਂ ਤਬਦੀਲ ਕਰਨ ਲਈ ਸਥਾਨਕਾਂ ਵਿਧਾਇਕਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਵਾਈ ਅਰੰਭ ਦਿੱਤੀ ਹੈ। (ਇਹ ਮਸਲਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਗਿਆ ਸੀ।)
ਸ੍ਰੀ ਨਵਜੋਤ ਸਿੰਘ ਸਿੱਧੂ ਨੇ ਇਸ ਸਬੰਧੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਵਧੀਕ ਮੁੱਖ ਸਕੱਤਰ (ਮਾਲ), ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰਾਂ), ਪ੍ਰਮੁੱਖ ਸਕੱਤਰ (ਪੇਂਡੂ ਵਿਕਾਸ) ਤੋਂ ਇਲਾਵਾ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਹਲਕੇ ਦੇ ਮਿਊਂਸੀਪਲ ਕਮਿਸ਼ਨਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨੂੰ ਇਹ ਅਖ਼ਤਿਆਰ ਦਿੱਤਾ ਗਿਆ ਹੈ ਕਿ ਉਹ ਇਨ੍ਹਾਂ ਸ਼ਹਿਰਾਂ ਤੋਂ ਬਾਹਰ 50 ਏਕੜ ਤੱਕ ਦੇ ਜ਼ਮੀਨੀ ਟੁਕੜੇ ਦੀ ਨਿਸ਼ਾਨਦੇਹੀ ਕਰੇ ਤਾਂ ਜੋ ਇਨ੍ਹਾਂ ਗਾਰਬੇਜ ਡੰਪਾਂ ਨੂੰ ਉਥੇ ਤਬਦੀਲ ਕੀਤਾ ਜਾ ਸਕੇ। ਪੰਜਾਬ ਦੇ ਵਿੱਤ ਮੰਤਰੀ ਨੇ ਵੀ ਭਰੋਸਾ ਦਿੱਤਾ ਹੈ ਕਿ ਇਸ ਕਾਰਜ ਲਈ ਲੋੜੀਂਦੇ ਫ਼ੰਡ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ।
ਸ੍ਰੀ ਸਿੱਧੂ ਵੱਲੋਂ ਇਸ ਮਸਲੇ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਗੰਭੀਰ ਮਸਲੇ ਦਾ ਹੱਲ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰੂ ਚਿਰਾਂ ਤੋਂ ਆ ਰਹੀਆਂ ਅੌਕੜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ।