
ਐਨਡੀਪੀਐਸ ਐਕਟ: ਦੋ ਮੁਲਜ਼ਮਾਂ ਨੂੰ 10-10 ਸਾਲ ਦੀ ਕੈਦ ਤੇ ਜੁਰਮਾਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਚਾਰ ਸਾਲ ਪੁਰਾਣੇ ਐਨਡੀਪੀਐਸ ਐਕਟ ਅਧੀਨ ਦਰਜ ਕੇਸ ਦਾ ਨਿਬੇੜਾ ਕਰਦਿਆਂ ਦੋ ਮੁਲਜ਼ਮਾਂ ਨੇਤਰ ਸਿੰਘ ਅਤੇ ਤਾਜੂ ਖਾਨ ਨੂੰ ਕੈਦ ਅਤੇ ਜੁਰਮਾਨੇ ਦੀ ਸਜਾ ਸੁਣਾਈ ਹੈ। ਜਾਣਕਾਰੀ ਅਨੁਸਾਰ ਜੂਨ 2018 ਨੂੰ ਥਾਣਾ ਸਦਰ ਖਰੜ ਵਿੱਚ ਦਰਜ ਉਕਤ ਮਾਮਲੇ ਵਿੱਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀਐਸ ਗਰੇਵਾਲ ਦੀ ਅਦਾਲਤ ਨੇ ਤਾਜੂ ਖਾਨ ਵਾਸੀ ਬਡਾਲੀ ਆਲਾ ਸਿੰਘ ਅਤੇ ਨੇਤਰ ਸਿੰਘ ਵਾਸੀ ਬਲਾੜੀ ਕਲਾਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਦੋਸ਼ੀ ਕਰਾਰ ਦਿੰਦਿਆਂ 10-10 ਸਾਲ ਦੀ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਵਧੀਕ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਨੇ ਦੱਸਿਆ ਕਿ ਖਰੜ ਪੁਲੀਸ ਨੇ ਭੈੜੇ ਅਨਸਰਾਂ ਖ਼ਿਲਾਫ਼ ਮਜਾਤ ਪੁਲੀਸ ਚੌਂਕੀ ਦੇ ਸਾਹਮਣੇ ਲਾਂਡਰਾਂ-ਸਰਹਿੰਦ ਮੁੱਖ ਸੜਕ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਸ਼ੱਕ ਦੇ ਅਧਾਰ ’ਤੇ ਇਕ ਸਿਲਵਰ ਰੰਗ ਦੀ ਐਕਸਸੈਂਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਪੁਲੀਸ ਨੂੰ ਦੇਖ ਕੇ ਘਬਰਾ ਗਏ ਅਤੇ ਵਾਪਸ ਪਿੱਛੇ ਨੂੰ ਮੁੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਕਰਮਚਾਰੀਆਂ ਨੇ ਕਾਰ ਨੂੰ ਤਾਜੂ ਖਾਨ ਅਤੇ ਨੇਤਰ ਸਿੰਘ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 40 ਨਸ਼ੀਲੇ ਟੀਕੇ ਏਵਲ ਅਤੇ 40 ਨਸ਼ੀਲੇ ਟੀਕੇ ਬਰੁਫਨ ਨੋਫਾਇਨ ਬਰਾਮਦ ਕੀਤੇ ਗਏ। ਮੁਲਜ਼ਮ ਪੁਲੀਸ ਨੂੰ ਮੌਕੇ ’ਤੇ ਨਸ਼ੀਲੇ ਟੀਕਿਆਂ ਨੂੰ ਆਪਣੇ ਕੋਲ ਰੱਖਣ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਲਾਇਸੈਂਸ ਨਹੀਂ ਦਿਖਾ ਸਕੇ। ਪੁਲੀਸ ਨੇ ਤਾਜੂ ਖਾਨ ਅਤੇ ਨੇਤਰ ਸਿੰਘ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਪੀਐਸ ਗਰੇਵਾਲ ਦੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਸੁਣਵਾਈ ਦੌਰਾਨ ਜੱਜ ਨੇ ਉਕਤ ਵਿਅਕਤੀਆਂ ਨੂੰ ਦੋਸ਼ੀ ਮੰਨਦੇ ਹੋਏ 10-10 ਸਾਲ ਦੀ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ।