
ਬੀਬੀ ਬਾਦਲ ਦਾ ਏਅਰਪੋਰਟ ਚੌਂਕ ਨੇੜੇ ਕੀਤਾ ਜਾਵੇਗਾ ਗਰਮਜੋਸ਼ੀ ਨਾਲ ਸਵਾਗਤ: ਪਰਵਿੰਦਰ ਸੋਹਾਣਾ
ਬਾਅਦ ਦੁਪਹਿਰ 2 ਵਜੇ ਦੁਸ਼ਹਿਰਾ ਗਰਾਉਂਡ ਤੋਂ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਰਵਾਨਾ ਹੋਵੇਗਾ ਕਾਫ਼ਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ:
ਕਿਸਾਨੀ ਵਿਰੋਧੀ ਖੇਤੀ ਬਿੱਲਾਂ ਦੇ ਮੁੱਦੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 1 ਅਕਤੂਬਰ ਨੂੰ ਇੱਥੋਂ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਤੋਂ ਕੀਤੇ ਜਾਣ ਵਾਲੇ ‘ਕਿਸਾਨ ਮਾਰਚ’ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਆਗੂਆਂ ਨੇ ਇਲਾਕੇ ਦੇ ਕਿਸਾਨਾਂ ਅਤੇ ਪਾਰਟੀ ਵਰਕਰਾਂ ਦੀ ਲਾਮਬੰਦੀ ਤੇਜ਼ ਕਰ ਦਿੱਤੀ ਹੈ। ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਇਕ ਅਕਤੂਬਰ ਨੂੰ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਦਾ ਵੱਡਾ ਕਾਫ਼ਲਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਮੁਹਾਲੀ ਵਿੱਚ ਪਹੁੰਚੇਗਾ।
ਸ੍ਰੀ ਪਰਵਿੰਦਰ ਸੋਹਾਣਾ ਨੇ ਦੱਸਿਆ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਚੌਂਕ ਨੇੜੇ ਪਿੰਡ ਛੱਤ ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਐਨਕੇ ਸ਼ਰਮਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਵਰਕਰਾਂ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਬੀਬੀ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਸ ਉਪਰੰਤ ਇਹ ਕਾਫਲਾ ਦੁਸਹਿਰਾ ਗਰਾਉਂਡ ਫੇਜ਼-8 ਵਿੱਚ ਪਹੁੰਚੇਗਾ। ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਸੀਨੀਅਰ ਆਗੂ ਕਿਸਾਨਾਂ ਅਤੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਇਸ ਉਪਰੰਤ ਬਾਅਦ ਦੁਪਹਿਰ ਕਰੀਬ 2 ਵਜੇ ਸੀਨੀਅਰ ਲੀਡਰਸ਼ਿਪ ਪੰਜਾਬ ਦੇ ਰਾਜਪਾਲ ਨੂੰ ਕਿਸਾਨਾਂ ਦੇ ਹੱਕ ਵਿੱਚ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਲਈ ਰਵਾਨਾ ਹੋਣਗੇ। ਇਸ ਮੌਕੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਬਿੰਦਾ, ਹਰਮਿੰਦਰ ਸਿੰਘ ਪੱਤੋਂ ਅਤੇ ਕਰਮਜੀਤ ਸਿੰਘ ਵੀ ਹਾਜ਼ਰ ਸਨ।