nabaz-e-punjab.com

ਪੰਜਾਬੀ ਨੂੰ ਚੰਡੀਗੜ੍ਹ ਵਿੱਚ ਬਣਦਾ ਸਨਮਾਨ ਦਿਵਾਉਣ ਲਈ ਸਾਂਝੇ ਯਤਨਾਂ ਦੀ ਸਖ਼ਤ ਲੋੜ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਅਸੀਂ ਪੰਜਾਬੀ ਸੂਬੇ ਦੇ ਲਈ ਧਰਨੇ ਦਿੱਤੇ ਅਤੇ ਗ੍ਰਿਫਤਾਰੀਆਂ ਵੀ ਦਿੱਤੀਆਂ ਪਰੰਤੂ ਜਿਵੇਂ ਹੀ ਪੰਜਾਬੀ ਸੂਬਾ ਬਣਿਆ ਤਾਂ ਸਾਨੂੰ ਇਸ ਸੂਬੇ ਤੋਂ ਹੀ ਬਾਹਰ ਕੱਢ ਦਿੱਤਾ। ਇਹ ਗੱਲ ਅੱਜ ਇੱਥੇ ਜੱਟ ਮਹਾਂਸਭਾ ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕਹੀ। ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਤੋਂ ਪਾਰਟੀਬਾਜ਼ੀ ਤੋਂ ਉਠ ਕੇ ਇਕਜੁੱਟ ਹੋ ਕੇ ਪੰਜਾਬੀ ਨੂੰ ਚੰਡੀਗੜ੍ਹ ਵਿਚ ਬਣਦਾ ਸਨਮਾਨ ਦਿਵਾਉਣ ਲਈ ਯਤਨ ਕਰਨ ਦੀ ਮੰਗ ਕੀਤੀ।
ਸ੍ਰੀ ਬਡਹੇੜੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਜਾਇਬ ਸਿੰਘ ਬਡਹੇੜੀ ਆਪਣੇ ਨਾਲ 7 ਮੈਂਬਰਾਂ ਨੂੰ ਲੈ ਕੇ ਪੰਜਾਬੀ ਸੂਬੇ ਲਈ ਸੰਘਰਸ਼ ਕਰਦੇ ਹੋਏ 24 ਜੂਨ 1960 ਨੂੰ ਗ੍ਰਿਫ਼ਤਾਰ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਵਰਗੇ ਅਨੇਕਾਂ ਸਗਰਾਮੀਆਂ ਕਾਰਨ ਪੰਜਾਬੀ ਸੂਬਾ ਤਾਂ ਬਣ ਗਿਆ ਪਰੰਤੂ ਚੰਡੀਗੜ੍ਹ ਵਿੱਚ ਆਉਣ ਵਾਲੇ ਸਾਰੇ ਪਿੰਡਾਂ ਨੂੰ ਪੰਜਾਬ ਤੋਂ ਬਾਹਰ ਕੱਢ ਦਿੱਤਾ। ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਉਹ ਚੰਡੀਗੜ੍ਹ ਨੂੰ ਪੰਜਾਬ ਵਿਚ ਸ਼ਾਮਲ ਕਰਨ ਦੇ ਲਈ ਵਿਧਾਨਸਭਾ ਵਿਚ ਪ੍ਰਸਤਾਵ ਲਿਆਉਣ ਅਤੇ ਇਕਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿਚ ਜਿੰਨੇ ਵੀ ਪੰਜਾਬ ਦੇ ਪਿੰਡ ਆਉਦੇ ਹਨ ਉਨ੍ਹਾਂ ਸਾਰਿਆਂ ਦੀਆਂ ਸਮੱਸਿਆਵਾਂ ਕੇਂਦਰ ਸਰਕਾਰ ਨਹੀਂ ਸਮਝਦੀ। ਇਸ ਲਈ ਇਹ ਸਾਰੇ ਪਿੰਡ ਅਤੇ ਚੰਡੀਗੜ੍ਹ ਪੰਜਾਬ ਵਿਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀ ਸਮੱਸਿਆ ਲੋਕਲ ਹੁੰਦੀਆਂ ਹਨ ਪਰੰਤੂ ਉਨ੍ਹਾਂ ਦੀਆਂ ਫਾਇਲਾਂ ਬਣ ਕੇ ਚੰਡੀਗੜ੍ਹ ਤੋਂ ਹੁੰਦੀਆਂ ਹੋਈਆਂ ਦਿੱਲੀ ਤੱਕ ਚਲੀਆਂ ਜਾਂਦੀਆਂ ਹਨ ਜਿਥੇ ਉਹ ਵੱਖ-ਵੱਖ ਦਫਤਰਾਂ ਦੀ ਧੂਲ ਫੱਕਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਜੱਟ ਮਹਾਂਸਭਾ ਵੱਲੋਂ ਉਹ ਚੰਡੀਗੜ੍ਹ ਵਿੱਚ ਪੰਜਾਬੀ ਲਾਗੂ ਕਰਵਾਉਣ ਅਤੇ ਸਰਕਾਰੀ ਬੋਰਡਾਂ ’ਤੇ ਪੰਜਾਬੀ ਨੂੰ ਬਰਾਬਰ ਸਨਮਾਨ ਦੇਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਚੰਡੀਗੜ੍ਹ ਪ੍ਰਸ਼ਾਸਨ ਦੇ ਕੰਨ ’ਤੇ ਜੂੰ ਨਹੀਂ ਸਰਕਦੀ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…