
ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨਾਂ ਦੀ ਲੋੜ: ਸਬ ਇੰਸਪੈਕਟਰ ਗੁਰਿੰਦਰ ਸਿੰਘ
ਜ਼ਿਲ੍ਹਾ ਪੁਲੀਸ ਵੱਲੋਂ ਸੰਤ ਈਸਰ ਸਿੰਘ ਪਬਲਿਕ ਸਕੂਲ ਵਿੱਚ ਨਸ਼ਿਆਂ ਖ਼ਿਲਾਫ਼ ਸੈਮੀਨਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਮਿਊਨਿਟੀ ਪੁਲੀਸ ਅਫ਼ਸਰ ਐਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ70 ਵਿੱਚ ਨਸ਼ਿਆਂ ਦੇ ਖ਼ਿਲਾਫ਼ ਸੈਮੀਨਾਰ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਨੌਜਵਾਨਾਂ ਵਿੱਚ ਲਗਾਤਾਰ ਵਧ ਰਹੇ ਨਸ਼ਿਆਂ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਨਾਲ ਸਮਾਜ ਦੇ ਹਰੇਕ ਵਰਗ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਅੌਰਤਾਂ ਦੀ ਸੁਰੱਖਿਆ ਸਬੰਧੀ ਐਪ ਬਾਰੇ ਦੱਸਦਿਆਂ ਪੁਲੀਸ ਸਾਂਝ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਗਰੂਕ ਕੀਤਾ।
ਸਬ ਇੰਸਪੈਕਟਰ ਦਵਿੰਦਰ ਸਿੰਘ ਨੇਗੀ ਅਤੇ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਵੀ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਹੋਣ ਬਾਰੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ। ਐਨਜੀਓ ਸ਼ਮਸ਼ੀਰ ਸਟੈਂਡਿੰਗ ਫਾਰ ਹਿਊਮਨ ਰਾਈਟਸ ਦੀ ਪ੍ਰਧਾਨ ਰਾਣਾ ਸ਼ਮਸ਼ੀਰ ਕੌਰ ਟੰਡਨ ਅਤੇ ਮੁੱਖ ਸਲਾਹਕਾਰ ਨਿਸ਼ਾ ਨੰਦਾ ਨੇ ਸੈਮੀਨਾਰ ਦੌਰਾਨ ਚਾਈਲਡ ਅਬੀਊਜ਼, ਡਰੱਗ ਐਡੀਕਸ਼ਨ, ਡਿਪ੍ਰੈਸ਼ਨ ਅਤੇ ਨੌਜਵਾਨ ਵਰਗ ਦੀਆਂ ਹੋਰ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ।