Nabaz-e-punjab.com

ਕਰੋਨਾਵਾਇਰਸ ਕਾਰਨ ਘਬਰਾਉਣ ਦੀ ਨਹੀਂ, ਸਾਵਧਾਨੀ ਵਰਤਣ ਦੀ ਲੋੜ: ਸਿਵਲ ਸਰਜਨ

ਇਕ ਸ਼ੱਕੀ ਮਰੀਜ਼ ਸਰਕਾਰੀ ਹਸਪਤਾਲ ਵਿੱਚ ਦਾਖ਼ਲ, ਸੈਂਪਲ ਜਾਂਚ ਲਈ ਏਮਜ਼ ਵਿੱਚ ਭੇਜੇ

ਸਿਹਤ ਵਿਭਾਗ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਮਨਜੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ’ ਵਾਇਰਸ ਦੇ ਵੱਧ ਰਹੇ ਖ਼ਤਰੇ ਨਾਲ ਸਿੱਝਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਨੂੰ ਇਸ ਵਾਇਰਸ ਕਾਰਨ ਘਬਰਾਉਣ ਦੀ ਨਹੀਂ ਸਗੋਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਵਿਚ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਲੋੜੀਂਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦੇ ਦਿਤੇ ਗਏ ਹਨ।
ਉਨ੍ਹਾਂ ਦਸਿਆ ਕਿ ਬੁਧਵਾਰ ਨੂੰ ਇਕ ਸ਼ੱਕੀ ਮਰੀਜ਼ ਨੂੰ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਜਿਸ ਦੇ ਤਮਾਮ ਨਮੂਨੇ ਲੈ ਕੇ ਦਿੱਲੀ ਵਿਖੇ ਏਮਜ਼ ਹਸਪਤਾਲ ਵਿਚ ਭੇਜ ਦਿਤੇ ਗਏ ਹਨ। ਨਮੂਨਿਆਂ ਦੀ ਰੀਪੋਰਟ 48 ਘੰਟਿਆਂ ਮਗਰੋਂ ਆਵੇਗੀ। ਮੁਹਾਲੀ ਜ਼ਿਲ੍ਹੇ ਦਾ ਰਹਿਣ ਵਾਲਾ ਇਹ ਵਿਅਕਤੀ ਹਾਲ ਹੀ ਵਿਚ ਅਮਰੀਕਾ ਤੋਂ ਪਰਤਿਆ ਸੀ ਜਿਸ ਦਾ ਉਥੇ ‘ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀ ਨਾਲ ਸੰਪਰਕ ਰਿਹਾ ਸੀ। ਉਨ੍ਹਾਂ ਦਸਿਆ ਕਿ ਇਸ ਵਿਅਕਤੀ ਅੰਦਰ ‘ਕੋਰੋਨਾ’ ਵਾਇਰਸ ਦੇ ਕੁੱਝ ਲੱਛਣ ਹਨ ਜਿਸ ਕਾਰਨ ਅਹਿਤਿਆਤ ਵਜੋਂ ਉਸ ਨੂੰ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਰਖਿਆ ਗਿਆ ਹੈ ਅਤੇ ਉਸ ਦੀ ਹਾਲਤ ਸਥਿਰ ਹੈ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਬੁੱਧਵਾਰ ਨੂੰ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਨੂੰ ਇਸ ਮਾਰੂ ਬੀਮਾਰੀ ਦੇ ਸ਼ੱਕੀ ਮਰੀਜ਼ਾਂ ਨੂੰ ਸੰਭਾਲਣ, ਉਨ੍ਹਾਂ ਦੇ ਸੈਂਪਲ ਲੈਣ ਅਤੇ ਹੋਰ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂੰ ਕਰਾਇਆ। ਡਾ. ਮਨਜੀਤ ਸਿੰਘ ਨੇ ਦੁਹਰਾਇਆ ਕਿ ਪੰਜਾਬ ਵਿੱਚ ਕਰੋਨਾਵਾਇਰਸ ਦਾ ਹਾਲੇ ਤੱਕ ਕੋਈ ਕੇਸ ਸਾਹਮਣੇ ਨਹੀਂ ਆਇਆ। ਸਿਰਫ਼ ਸ਼ੱਕ ਦੇ ਆਧਾਰ ’ਤੇ ਸੈਂਪਲ ਲਏ ਗਏ ਹਨ ਅਤੇ ਹੁਣ ਤਕ ਸਾਰੇ ਸੈਂਪਲ ਨੈਗੇਟਿਵ ਆਏ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਵਿਚ ਲਗਭਗ 300 ਵਿਅਕਤੀ ਡਾਕਟਰੀ ਨਿਗਰਾਨੀ ਹੇਠ ਹਨ। ਇਹ ਉਹ ਵਿਅਕਤੀ ਹਨ ਜਿਹੜੇ ਜਾਂ ਤਾਂ ਕੋਰੋਨਾ ਵਾਇਰਸ ਦੀ ਮਾਰ ਹੇਠ ਆਏ ਦੇਸ਼ਾਂ ਵਿਚ ਗਏ ਸਨ ਜਾਂ ਜਿਨ੍ਹਾਂ ਦਾ ਇਨ੍ਹਾਂ ਦੇਸ਼ਾਂ ਤੋਂ ਮੁੜਨ ਵਾਲੇ ਲੋਕਾਂ ਨਾਲ ਵਾਹ ਰਿਹਾ ਸੀ। ਉਨ੍ਹਾਂ ਦਸਿਆ ਕਿ ਇਨ੍ਹਾਂ ਵਿਅਕਤੀਆਂ ਅੰਦਰ ਕੋਰੋਨਾ ਵਾਇਰਸ ਦਾ ਕੋਈ ਲੱਛਣ ਨਹੀਂ ਪਰ ਸਿਹਤ ਵਿਭਾਗ ਦੀਆਂ ਟੀਮਾਂ ਸਾਵਧਾਨੀ ਵਜੋਂ ਉਨ੍ਹਾਂ ’ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਇਨ੍ਹਾਂ ਸਾਰਿਆਂ ਨੂੰ ਆਪੋ-ਅਪਣੇ ਘਰਾਂ ਵਿਚ ਵਖਰੇ ਤੌਰ ’ਤੇ ਰਹਿਣ ਲਈ ਆਖਿਆ ਗਿਆ ਹੈ।
ਡਾ. ਮਨਜੀਤ ਸਿੰਘ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਤੇਜ਼ ਬੁਖ਼ਾਰ, ਖੰਘ, ਜ਼ੁਕਾਮ, ਸਾਹ ਲੈਣ ਵਿਚ ਤਕਲੀਫ਼ ਜਿਹੀਆਂ ਸਮੱਸਿਆਵਾਂ ਹਨ, ਉਹ ਤੁਰੰਤ ਅਪਣੇ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਜਾ ਕੇ ਜਾਂਚ ਕਰਾਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਇਸ ਬੀਮਾਰੀ ਦੇ ਲੱਛਣਾਂ ਅਤੇ ਬਚਾਅ ਬਾਬਤ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰੂ ਬੀਮਾਰੀ ਦੀ ਰੋਕਥਾਮ ਅਤੇ ਕੰਟਰੋਲ ਲਈ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਕਰਨ ਅਤੇ ਸਿਹਤ ਟੀਮਾਂ ਨੂੰ ਲੋੜੀਂਦੀ ਡਾਕਟਰੀ ਜਾਂਚ ਕਰਨ ਦੇਣ। ਉਨ੍ਹਾਂ ਕਿਹਾ ਕਿ ਵਾਇਰਸ ਕਾਰਨ ਬੇਵਜ੍ਹਾ ਘਬਰਾਉਣ ਦੀ ਲੋੜ ਨਹੀਂ ਸਗੋਂ ਅਪਣਾ ਬਚਾਅ ਰੱਖਣ ਲਈ ਸਾਵਧਾਨੀ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਿਛਲੇ ਕਾਫ਼ੀ ਦਿਨਾਂ ਤੋਂ ਲਗਾਤਾਰ ਤੈਨਾਤ ਹੈ ਅਤੇ ਉੱਥੇ ਆਉਣ ਵਾਲੇ ਮੁਸਾਫ਼ਰਾਂ ਦੀ ਲਗਾਤਾਰ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹਸਪਤਾਲ ਮੁਹਾਲੀ, ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਅਤੇ ਖਰੜ ਵਿੱਚ ਪਹਿਲਾਂ ਹੀ ਵਿਸ਼ੇਸ਼ ਆਈਸੋਲੇਸ਼ਨ ਵਾਰਡ ਬਣਾਏ ਜਾ ਚੁੱਕੇ ਹਨ।
ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਕੀਤੀ ਬੈਠਕ
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦਸਿਆ ਕਿ ਬੈਠਕ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਨੂੰ ਸ਼ੱਕੀ ਮਰੀਜ਼ ਦੇ ਨਮੂਨੇ ਲੈਣ ਦੇ ਢੰਗ-ਤਰੀਕਿਆਂ ਬਾਰੇ ਵਿਸਥਾਰਤ ਜਾਣਕਾਰੀ ਦਿਤੀ ਗਈ ਅਤੇ ਉਨ੍ਹਾਂ ਨੂੰ ਆਪੋ-ਅਪਣੇ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਤੇ ਫਲੂ ਕਾਰਨਰ ਬਣਾਉਣ ਲਈ ਕਿਹਾ ਗਿਆ। ਇਹ ਬੈਠਕ ਸਥਾਨਕ ਫੋਰਟਿਸ ਹਸਪਤਾਲ ਵਿੱਚ ਹੋਈ। ਡਾ. ਹਰਮਨਦੀਪ ਕੌਰ ਨੇ ਦਸਿਆ ਕਿ ਸ਼ੱਕੀ ਮਰੀਜ਼ ਦੇ ਨਮੂਨੇ ਲੈਣ ਲਈ ਸਰਕਾਰੀ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਮੀਟਿੰਗ ਵਿੱਚ ਫਰੋਟਿਸ ਹਸਪਤਾਲ, ਆਈਵੀਵਾਈ ਹਸਪਤਾਲ, ਮੈਕਸ ਹਸਪਤਾਲਾਂ ਦੇ ਨੁਮਾਇੰਦੇ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਮਾਈਕਰੋਬਾਇਲੋਜਿਸਟ ਦੀਪਿਕਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …