
ਲੋਕਾਂ ਵਿੱਚ ਵੰਡੀਆਂ ਪਾਉਣ ਵਾਲੀਆਂ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ: ਕੁਲਵੰਤ ਸਿੰਘ
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਮੁਹਾਲੀ ਨੇ ਉਤਸ਼ਾਹ ਨਾਲ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਵਸ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਵੱਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਾਰ ਦੇ 131ਵਾਂ ਜਨਮ ਦਿਵਸ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸੰਸਥਾ ਦੇ ਪ੍ਰੈਸ ਸਕੱਤਰ ਡੀਪੀ ਹੁਸ਼ਿਆਰਪੁਰੀ ਨੇ ਦੱਸਿਆ ਕਿ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਪ੍ਰੋ. ਰਤਨ ਸਿੰਘ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਕੀਤੀ। ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਜੋਰਾ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਹਾਜ਼ਰੀ ਭਰੀ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਮਾਜਿਕ ਸਮਾਨਤਾ ਲਈ ਡਾ. ਅੰਬੇਡਕਰ ਵੱਲੋਂ ਪਾਏ ਯੋਗਦਾਨ ਲਈ ਦੇਸ਼ ਅਤੇ ਦਲਿਤ ਸਮਾਜ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਜਾਤਪਾਤ ਦੇ ਖ਼ਾਤਮੇ ਲਈ ਸਮਾਜ ਨੂੰ ਇਕ ਲੜੀ ਵਿੱਚ ਪਰੋਅ ਕੇ ਆਪਸੀ ਭਾਈਚਾਰੇ ਦਾ ਸੁਨੇਹਾ ਦਿੱਤਾ ਸੀ ਪ੍ਰੰਤੂ ਅੱਜ ਕੁੱਝ ਫਿਰਕੂ ਤਾਕਤਾਂ ਜਾਤ-ਪਾਤ ਅਤੇ ਧਰਮ ਦੇ ਆਧਾਰ ’ਤੇ ਲੋਕਾਂ ਵਿੱਚ ਵੰਡੀਆਂ ਪਾਉਣ ਦਾ ਯਤਨ ਕਰ ਰਹੀਆਂ ਹਨ। ਜਿਨ੍ਹਾਂ ਤੋਂ ਸਮਾਜ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਮਿਸ਼ਨ ਨੂੰ ਅੱਗੇ ਲੈ ਕੇ ਜਾਣਾ ਹਰ ਦੇਸ਼ ਵਾਸੀ ਦਾ ਨੈਤਿਕ ਫਰਜ਼ ਹੈ।
ਇਸ ਤੋਂ ਪਹਿਲਾਂ ਸਭਾ ਦੇ ਸਾਬਕਾ ਪ੍ਰਧਾਨ ਆਰ.ਏ. ਸੁਮਨ ਨੇ ਡਾ. ਅੰਬੇਡਕਰ ਦੀ ਜੀਵਨੀ ’ਤੇ ਚਾਨਣਾ ਪਾਇਆ। ਸਭਾ ਦੇ ਮੀਤ ਪ੍ਰਧਾਨ ਕੇ.ਆਰ. ਚੌਧਰੀ ਨੇ ਸੰਸਥਾ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਵਿੱਜ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪਰੇਖਾ ਬਾਰੇ ਦੱਸਿਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਭਾ ਦੇ ਜਨਰਲ ਸਕੱਤਰ ਬੀ.ਡੀ. ਸਵੈਨ ਨੇ ਬਾਖ਼ੂਬੀ ਨਿਭਾਈ। ਅਖੀਰ ਵਿੱਚ ਪ੍ਰਬੰਧਕਾਂ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।