Nabaz-e-punjab.com

ਕਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ, ਦੋਵੇਂ ਮਰੀਜ਼ਾਂ ਨੂੰ ਮਿਲੀ ਹਸਪਤਾਲ ’ਚੋਂ ਛੁੱਟੀ

ਸ਼ਾਰਜਾਹ ਅਤੇ ਦੁਬਈ ਤੋਂ ਮੁਹਾਲੀ ਹਵਾਈ ਅੱਡੇ ’ਤੇ ਪਹੁੰਚੇ 312 ਯਾਤਰੀਆਂ ਦੀ ਜਾਂਚ

ਮੁਹਾਲੀ ਕੌਮਾਂਤਰੀ ਹਵਾਈ ਅੱਡੇ ਆਈਸੋਲੇਸ਼ਨ ਵਾਰਡ ਸਥਾਪਿਤ, ਐਂਬੂਲੈਂਸ ਤੇ ਮੈਡੀਕਲ ਟੀਮ ਤਾਇਨਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6 ਅਤੇ ਪੀਜੀਆਈ ਵਿੱਚ ਜੇਰੇ ਇਲਾਜ ਕਰੋਨਾਵਾਇਰਸ ਦੇ ਦੋਵੇਂ ਸ਼ੱਕੀ ਮਰੀਜ਼ਾਂ ਦੇ ਖੂਨ ਦੇ ਸੈਂਪਲਾਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਮਰੀਜ਼ ਮੁਹਾਲੀ ਦੇ ਵਸਨੀਕ ਹਨ। ਦੋਵੇਂ ਜਣੇ ਖੰਘ, ਜ਼ੁਕਾਮ ਅਤੇ ਬੁਖ਼ਾਰ ਤੋਂ ਪੀੜਤ ਸਨ ਪ੍ਰੰਤੂ ਹੁਣ ਦੋਵੇਂ ਮਰੀਜ਼ਾਂ ਦੀ ਸਿਹਤ ਬਿਲਕੁਲ ਠੀਕ ਹੈ। ਉਨ੍ਹਾਂ ਦੱਸਿਆ ਕਿ 38 ਸਾਲਾ ਸ਼ੱਕੀ ਮਰੀਜ਼ ਨੂੰ ਤਿੰਨ ਦਿਨ ਪਹਿਲਾਂ ਮੁਹਾਲੀ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਸੀ। ਜਿਸ ਦੇ ਸੈਂਪਲ ਏਮਜ਼ ਹਸਪਤਾਲ ਦਿੱਲੀ ਵਿੱਚ ਜਾਂਚ ਲਈ ਭੇਜੇ ਗਏ ਸਨ। ਜਦੋਂਕਿ 30 ਸਾਲਾ ਦਾ ਸ਼ੱਕੀ ਮਰੀਜ਼ ਪੀਜੀਆਈ ਵਿੱਚ ਦਾਖ਼ਲ ਸੀ। ਅੱਜ ਦੋਵੇਂ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲਾਂ ’ਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ 16 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ ਅਤੇ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਵਿੱਚ ਹੁਣ ਤੱਕ ਕਰੋਨਾਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਜਿਨ੍ਹਾਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਸਨ। ਉਹ ਪਿਛਲੇ 28 ਦਿਨਾਂ ਤੋਂ ਸਿਹਤ ਵਿਭਾਗ ਨਿਗਰਾਨੀ ਹੇਠ ਹਨ।
ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਹੁਣ ਤੱਕ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਵੱਖ ਵੱਖ ਦੇਸ਼ਾਂ ਤੋਂ ਪਰਤੇ ਕਰੀਬ 4500 ਤੋਂ ਵੱਧ ਯਾਤਰੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਅੱਜ ਸ਼ਾਰਜਾਹ ਅਤੇ ਦੁਬਈ ਤੋਂ ਆਏ 312 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਵੇਰੇ ਦੁਬਈ ਤੋਂ ਆਈ ਫਲਾਈਟ ਵਿੱਚ ਸਵਾਰ 181 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ ਜਦੋਂਕਿ ਬਾਅਦ ਦੁਪਹਿਰ ਸ਼ਾਰਜਾਹ ਤੋਂ ਪੁੱਜੀ ਫਲਾਈਟ ਵਿੱਚ ਸਵਾਰ 131 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ ਅਤੇ ਸਾਰੇ ਯਾਤਰੀ ਬਿਲਕੁਲ ਤੰਦਰੁਸਤ ਹਨ ਅਤੇ ਕਿਸੇ ਵਿਅਕਤੀ ਵਿੱਚ ਕਰੋਨਾਵਾਇਰਸ ਦੇ ਲੱਛਣ ਨਜ਼ਰ ਨਹੀਂ ਆਏ ਹਨ।
ਨੋਡਲ ਅਫ਼ਸਰ ਨੇ ਦੱਸਿਆ ਕਿ ਮੁਹਾਲੀ ਹਵਾਈ ਅੱਡੇ ’ਤੇ ਵੀ ਯਾਤਰੀਆਂ ਦੀ ਸੁਵਿਧਾ ਲਈ ਇਕ ਆਰਜ਼ੀ ਆਈਸੋਲੇਸ਼ਨ ਵਾਰਡ ਸਥਾਪਿਤ ਕੀਤਾ ਗਿਆ ਹੈ। ਜਿੱਥੇ ਇਕ ਡਾਕਟਰ ਅਤੇ ਮੈਡੀਕਲ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਮਰਜੈਂਸੀ ਲਈ ਐਂਬੂਲੈਂਸ ਵੀ ਖੜੀ ਕੀਤੀ ਗਈ ਹੈ ਤਾਂ ਜੋ ਹੰਗਾਮੀ ਹਾਲਾਤਾਂ ਦੌਰਾਨ ਸਬੰਧਤ ਮਰੀਜ਼ ਨੂੰ ਨਜ਼ਦੀਕੀ ਹਸਪਤਾਲ ਵਿੱਚ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਾਈਵੇਟ ਹਸਪਤਾਲਾਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ।
(ਬਾਕਸ ਆਈਟਮ)
ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਸਪੱਸ਼ਟ ਕੀਤਾ ਕਿ ਕੁਝ ਲੋਕ ਸੋਸ਼ਲ ਮੀਡੀਆ ’ਤੇ ਇਸ ਬੀਮਾਰੀ ਦੇ ਇਲਾਜ ਬਾਰੇ ਗਲਤ ਜਾਣਕਾਰੀ ਫੈਲਾ ਰਹੇ ਹਨ। ਅਜਿਹੇ ਕਿਸੇ ਪ੍ਰਚਾਰ ਵੱਲ ਬਿਲਕੁਲ ਧਿਆਨ ਨਾ ਦਿੱਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਰੋਨਾਵਾਇਰਸ ਦੇ ਇਲਾਜ ਲਈ ਹਾਲੇ ਤੱਕ ਕੋਈ ਵੈਕਸੀਨ ਨਹੀਂ ਬਣੀ ਪਰ ਖੋਜ-ਪੜਤਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਪਿਛਲੇ ਕਾਫ਼ੀ ਦਿਨਾਂ ਤੋਂ ਲਗਾਤਾਰ ਤਾਇਨਾਤ ਹੈ ਅਤੇ ਮੁਸਾਫ਼ਰਾਂ ਦੀ ਲਗਾਤਾਰ ਜਾਂਚ ਕਰ ਰਹੀ ਹੈ।
(ਬਾਕਸ ਆਈਟਮ)
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਗਿਆਨ ਸਾਗਰ ਹਸਪਤਾਲ ਬਨੂੜ ਦੇ ਪ੍ਰਬੰਧਕਾਂ ਨਾਲ ਗੱਲ ਕਰਕੇ 70 ਬਿਸਤਰਿਆਂ ਵਾਲਾ ਵਿਸ਼ੇਸ਼ ਆਈਸੋਲੇਸ਼ਨ ਵਾਰਡ ਤਿਆਰ ਕੀਤਾ ਗਿਆ ਹੈ ਤਾਂ ਜੋ ਐਮਰਜੈਂਸੀ ਹਾਲਤ ਵਿੱਚ ਉੱਥੇ ਕਰੋਨਾਵਾਇਰਸ ਦੇ ਮਰੀਜ਼ਾਂ ਨੂੰ ਰੱਖਿਆ ਜਾ ਸਕੇ। ਇਸ ਹਸਪਤਾਲ ਵਿੱਚ 10 ਬਿਸਤਰਿਆਂ ਵਾਲਾ ਆਈਸੀਯੂ ਵੀ ਬਣਾਇਆ ਗਿਆ ਹੈ ਅਤੇ ਵੱਡੇ ਨਿੱਜੀ ਹਸਪਤਾਲਾਂ ਵਿੱਚ ਵੀ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਸਰਕਾਰੀ ਹਸਪਤਾਲ ਮੁਹਾਲੀ, ਡੇਰਾਬੱਸੀ ਅਤੇ ਖਰੜ ਵਿੱਚ ਵੀ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…