ਪੀਣ ਵਾਲੇ ਪਾਣੀ ਦੀ ਸਪਲਾਈ ’ਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਜੀਤੀ ਸਿੱਧੂ

ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਬਾਬਤ ਮੇਅਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਮੁਹਾਲੀ ਨਗਰ ਨਿਗਮ ਵੱਲੋਂ ਗਰਮੀ ਦੇ ਮੌਸਮ ਵਿੱਚ ਸ਼ਹਿਰ ਵਾਸੀਆਂ ਦੀ ਪਿਆਸ ਬੁਝਾਉਣ ਲਈ ਲੋੜ ਅਨੁਸਾਰ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਸਟਾਫ਼ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਜਨ ਸਿਹਤ ਵਿਭਾਗ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪਾਣੀ ਦੀ ਸਪਲਾਈ ਮਾਮਲੇ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਵੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਪਿਛਲੇ ਦਿਨੀਂ ਗਮਾਡਾ ਵੱਲੋਂ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਲਈ ਸ਼ਟਡਾਊਨ ਲਿਆ ਗਿਆ ਸੀ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਹੋਈ। ਕਿਉਂਕਿ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਨਹੀਂ ਦਿੱਤੀ ਗਈ। ਜਿਸ ਕਾਰਨ ਲੋਕਾਂ ਨੇ ਪਾਣੀ ਦੀ ਅਗਾੳਂੂ ਵਿਵਸਥਾ ਨਹੀਂ ਕੀਤੀ ਅਤੇ ਇਹ ਸਮੱਸਿਆ ਵਿਕਰਾਲ ਰੂਪ ਵਿੱਚ ਸਾਹਮਣੇ ਆਈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਅਗਾਊਂ ਸੂਚਿਤ ਕੀਤਾ ਗਿਆ ਹੁੰਦਾ ਤਾਂ ਸ਼ਾਇਦ ਪਾਣੀ ਦੀ ਸਮੱਸਿਆ ਪੇਸ਼ ਨਾ ਆਉਂਦੀ। ਇਸ ਸਬੰਧੀ ਮੇਅਰ ਨੇ ਅਜਿਹੇ ਸਮੇਂ ਜਨ ਸਿਹਤ ਅਧਿਕਾਰੀਆਂ ਨੂੰ ਅਗਾਊਂ ਸੂਚਨਾ ਦੇਣ ਲਈ ਕਿਹਾ।
ਜੀਤੀ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਗਰਮੀ ਦੇ ਮੌਸਮ ਵਿੱਚ ਮੁਹਾਲੀ ਵਾਸੀਆਂ ਨੂੰ ਪਾਣੀ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਕਿੱਲਤ ਨਾ ਆਉਣ ਦਿੱਤੀ ਜਾਵੇ ਅਤੇ ਇਸ ਲਈ ਅਗਾਊਂ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਸ਼ੇਸ਼ ਟੀਮਾਂ ਬਣਾ ਕੇ ਪਾਣੀ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਨਾਲ ਹੀ ਮੇਅਰ ਨੇ ਇਹ ਵੀ ਕਿਹਾ ਕਿ ਨਗਰ ਨਿਗਮ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਸਪਲਾਈ ਕਰਨ ਲਈ ਵਚਨਬੱਧ ਹੈ। ਮੀਟਿੰਗ ਵਿੱਚ ਜਨ ਸਿਹਤ ਵਿਭਾਗ ਦੇ ਐਕਸੀਅਨ ਰੋਹਿਤ ਕੁਮਾਰ, ਨਗਰ ਨਿਗਮ ਦੇ ਐਸਈ ਨਰੇਸ਼ ਬੱਤਾ, ਐਕਸੀਅਨ ਮੋਹਨ ਲਾਲ, ਐਕਸੀਅਨ ਸੁਨੀਲ ਕੁਮਾਰ, ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਸਮੇਤ ਨਗਰ ਨਿਗਮ ਅਤੇ ਜਨ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…