ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ

ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਮੁਬਾਰਕਪੁਰ ਵਿੱਚ ਹਾਲਾਤਾਂ ਦਾ ਜਾਇਜ਼ਾ ਲਿਆ

ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ ਲੋਕ, ਮੂੰਹ ਢੱਕ ਕੇ ਰੱਖਣ ਦੀ ਲੋੜ: ਡਾ. ਮਨਜੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਅੱਜ ਡੇਰਾਬੱਸੀ ਹਲਕੇ ਵਿੱਚ ਕਰੋਨਾਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ’ਚੋਂ ਅੱਠ ਪਾਜ਼ੇਟਿਵ ਕੇਸ ਇਕੱਲੇ ਪਿੰਡ ਮੁਬਾਰਕਪੁਰ ਦੇ ਹਨ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਏਰੀਆ ਦਾ ਦੌਰਾ ਕੀਤਾ ਅਤੇ ਉੱਥੇ ਤਾਇਨਾਤ ਸਿਹਤ ਅਤੇ ਪੁਲੀਸ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਸਿਵਲ ਸਰਜਨ ਨੇ ਸਿਹਤ ਅਤੇ ਪੁਲੀਸ ਟੀਮਾਂ ਨੂੰ ਪ੍ਰਭਾਵਿਤ ਥਾਂ ’ਤੇ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਸਾਵਧਾਨੀ ਅਤੇ ਮਿਹਨਤ ਨਾਲ ਹਰ ਸੰਭਵ ਯਤਨ ਕਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਨਿਚਰਵਾਰ ਨੂੰ ਅੱਠ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁਲ ਪਾਜ਼ੇਟਿਵ ਕੇਸਾਂ ਦੀ ਗਿਣਤੀ 160 ਅਤੇ ਐਕਟਿਵ ਕੇਸਾਂ ਦੀ ਗਿਣਤੀ 40 ਹੋ ਗਈ ਹੈ ਜਦਕਿ ਹੁਣ ਤੱਕ 117 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਤਿੰਨ ਜਣਿਆਂ ਦੀ ਮੌਤ ਹੋਈ ਹੈ।
ਉਨ੍ਹਾਂ ਦੱਸਿਆ ਕਿ ਤਾਜ਼ਾ ਕੇਸਾਂ ਵਿੱਚ ਦਿੱਲੀ ਤੋਂ ਪਿਛਲੇ ਦਿਨੀਂ ਪਰਤੇ ਪਾਜ਼ੇਟਿਵ ਮਰੀਜ਼ ਸਮੀਰ ਅੰਸਾਰੀ ਦੇ ਪੰਜ ਪਰਵਾਰਕ ਜੀਅ ਅਤੇ ਦੋ ਗੁਆਂਢੀ ਹਨ। ਇਹ ਸਾਰੇ ਪਿੰਡ ਦੀ ਕਾਫ਼ੀ ਤੰਗ ਗਲੀ ਵਿਚਲੇ ਮਕਾਨ ਵਿੱਚ ਰਹਿੰਦੇ ਹਨ। ਸਾਰਿਆਂ ਨੂੰ ਗਿਆਨ ਸਾਗਰ ਹਸਪਤਾਲ ਵਿਚ ਦਾਖ਼ਲ ਕਰਾ ਦਿੱਤਾ ਗਿਆ ਹੈ। ਸਮੀਰ ਅੰਸਾਰੀ ਇਸੇ ਪਿੰਡ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਇਲਾਜ ਅਧੀਨ ਹੈ। ਡਾ. ਮਨਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੇ ਕੱਲ੍ਹ ਇੱਥੋਂ 46 ਸ਼ੱਕੀਆਂ ਦੇ ਸੈਂਪਲ ਲਏ ਸਨ। ਜਿਨ੍ਹਾਂ ’ਚੋਂ ਅੱਠ ਦੀ ਰੀਪੋਰਟ ਪਾਜ਼ੇਟਿਵ ਆਈ ਹੈ ਜਦਕਿ ਬਾਕੀ ਰਿਪੋਰਟਾਂ ਨੈਗੇਟਿਵ ਆਈਆਂ ਹਨ। 20 ਹੋਰ ਸੈਂਪਲ ਅੱਜ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਪ੍ਰਭਾਵਿਤ ਏਰੀਆ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ ਅਤੇ ਆਲੇ ਦੁਆਲੇ ਰਹਿੰਦੇ ਲੋਕਾਂ ਨੂੰ ਵੀ ਘਰਾਂ ਵਿੱਚ ਹੀ ਰਹਿਣ ਦੀ ਹਦਾਇਤ ਕੀਤੀ ਗਈ ਹੈ। ਪਿੰਡ ਵਿੱਚ ਸਿਹਤ ਅਤੇ ਪੁਲੀਸ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਾਜ਼ੇਟਿਵ ਮਰੀਜ਼ ਦੇ ਸੰਪਰਕਾਂ ਨੂੰ ਲੱਭਣ, ਉਨ੍ਹਾਂ ਦੇ ਸੈਂਪਲ ਲੈਣ ਅਤੇ ਪਾਜ਼ੇਟਿਵ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਪਹੁੰਚਾਣ ਦਾ ਕੰਮ ਪੂਰੀ ਮਿਹਨਤ ਅਤੇ ਨਿਡਰਤਾ ਨਾਲ ਕੀਤਾ ਹੈ ਅਤੇ ਟੀਮਾਂ ਯਕੀਨੀ ਬਣਾ ਰਹੀਆਂ ਹਨ ਕਿ ਇਸ ਏਰੀਏ ਵਿਚ ਬੀਮਾਰੀ ਦਾ ਫੈਲਾਅ ਨਾ ਹੋਵੇ।
ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦਾ ਖ਼ਤਰਾ ਹਾਲੇ ਵੀ ਪਹਿਲਾਂ ਵਾਂਗ ਹੀ ਬਰਕਰਾਰ ਹੈ ਅਤੇ ਲੋਕਾਂ ਨੂੰ ਪਹਿਲਾਂ ਨਾਲੋਂ ਵਧੇਰੇ ਮੁਸਤੈਦ ਅਤੇ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤਾਲਾਬੰਦੀ ਵਿਚ ਢਿੱਲ ਦਿੱਤੇ ਜਾਣ ਮਗਰੋਂ ਭਾਰੀ ਗਿਣਤੀ ਵਿਚ ਲੋਕ ਸਰਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਅਣਡਿੱਠ ਕਰਦਿਆਂ ਜ਼ਰੂਰੀ ਸਾਵਧਾਨੀਆਂ ਨਹੀਂ ਵਰਤ ਰਹੇ। ਕੁੱਝ ਲੋਕਾਂ ਨੂੰ ਲੱਗ ਰਿਹਾ ਹੈ ਕਿ ਇਹ ਬੀਮਾਰੀ ਹੁਣ ਸ਼ਾਇਦ ਖ਼ਤਮ ਹੋ ਗਈ ਹੈ। ਬਹੁਤੀ ਥਾਈਂ ਲੋਕ ਬੇਖ਼ੌਫ਼ ਹੋ ਕੇ ਮੂੰਹ ਢਕੇ ਬਿਨਾਂ ਘੁੰਮ-ਫਿਰ ਰਹੇ ਹਨ ਅਤੇ ਬਿਨਾਂ ਕਿਸੇ ਖ਼ਾਸ ਲੋੜ ਜਾਂ ਕੰਮ ਬਾਜ਼ਾਰਾਂ ਵਿਚ ਜਾ ਰਹੇ ਹਨ ਜੋ ਬਹੁਤ ਗ਼ਲਤ ਰੁਝਾਨ ਹੈ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਡਾ. ਐਚਐਸ ਚੀਮਾ, ਡਾ. ਵਿਕਰਾਂਤ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਆਦਿ ਮੌਜੂਦ ਸਨ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…