
ਨਵੇਂ ਡੀਜੀਪੀ ਗੌਰਵ ਯਾਦਵ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਖ਼ੁਦ ਕੀਤੀ ਪੁੱਛਗਿੱਛ
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸਾਰੇ ਸ਼ੂਟਰਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ
ਗੈਂਗਸਟਰਵਾਦ ਅਤੇ ਨਸ਼ਿਆਂ ਦਾ ਪੰਜਾਬ ’ਚੋਂ ਸਫਾਇਆ ਕਰਨਾ ਮੁੱਖ ਏਜੰਡਾ: ਗੌਰਵ ਯਾਦਵ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਸ਼ਾਮ ਨੂੰ ਮੁਹਾਲੀ ਦੇ ਮਟੌਰ ਥਾਣਾ ਅਤੇ ਸੈਂਟਰਲ ਥਾਣਾ ਫੇਜ਼-8 ਦਾ ਅਚਨਚੇਤ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ। ਇਸ ਮੌਕੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਡੀਐਸਪੀ ਸੁਖਨਾਜ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਡੀਜੀਪੀ ਨੇ ਥਾਣਿਆਂ ਦੇ ਮਾਲਖਾਨੇ, ਬੈਰਕਾਂ, ਕੰਟੀਨ ਅਤੇ ਹਵਾਲਾਤਾਂ ਦਾ ਜਾਇਜ਼ਾ ਲਿਆ ਅਤੇ ਪੁਲੀਸ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ\ਸਰਵਿਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਪਹਿਲਾਂ ਨਵੇਂ ਡੀਜੀਪੀ ਨੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਦਫ਼ਤਰ ਖਰੜ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਖ਼ੁਦ ਪੁੱਛਗਿੱਛ ਕੀਤੀ।
ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਨੂੰ ਜੁਰਮ ਮੁਕਤ ਅਤੇ ਨਸ਼ਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੱਗੂ ਭਗਵਾਨਪੁਰੀਆਂ ਸਮੇਤ ਹੋਰ ਗ੍ਰਿਫ਼ਤਾਰ ਗੈਂਗਸਟਰਾਂ\ਮੁਲਜ਼ਮਾਂ ਨੂੰ ਲਾਰੈਂਸ ਬਿਸ਼ਨੋਈ ਨਾਲ ਬਿਠਾ ਕੇ ਕਰਾਸ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੋੜੀਂਦੇ ਸਾਰੇ ਸ਼ੂਟਰਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਹਰ ਕੀਮਤ ’ਤੇ ਅਮਨ ਸ਼ਾਂਤੀ ਬਹਾਲ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਏਜੰਡਾ ਪੰਜਾਬ ਪੁਲੀਸ ਨੂੰ ਦਰੁਸਤ ਕੀਤਾ ਜਾਵੇ ਅਤੇ ਪੁਲੀਸ ਤੇ ਆਮ ਲੋਕਾਂ ਨਾਲ ਸਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲੀਸ ਮੁਖੀ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ। ਆਪਣੀ ਇਸ ਅਚਨਚੇਤ ਚੈਕਿੰਗ ਦਾ ਮਹੱਤਵ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਸੀ ਕਿ ਉਹ ਖ਼ੁਦ ਥਾਣਿਆਂ ਵਿੱਚ ਜਾ ਕੇ ਪੁਲੀਸ ਫੋਰਸ ਦੀ ਵਰਕਿੰਗ ਨੂੰ ਚੈੱਕ ਕਰਨ ਅਤੇ ਜੇਕਰ ਕਿਤੇ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ’ਤੇ ਦਰੁਸਤ ਕੀਤਾ ਜਾ ਸਕੇ।