nabaz-e-punjab.com

ਹੁਣ ਸੈਕਟਰ-78 ਵਿੱਚ ਸਟੇਡੀਅਮ ਨੇੜੇ ਬਣੇਗਾ ਨਵਾਂ ਅੰਤਰਰਾਜੀ ਬੱਸ ਅੱਡਾ

ਗਮਾਡਾ ਨੇ ਲੋੜੀਂਦੀ ਜ਼ਮੀਨ ਕੀਤੀ ਅਲਾਟ, ਜ਼ਮੀਨ ਦੀ ਮਿੰਨਤੀ ਤੇ ਨਿਸ਼ਾਨਦੇਹੀ ਦਾ ਕੰਮ ਮੁਕੰਮਲ

ਨਗਰ ਨਿਗਮ ਵੱਲੋਂ ਮੁਹਾਲੀ ਵਿੱਚ ਜਲਦੀ ਸ਼ੁਰੂ ਕੀਤੀ ਜਾਵੇਗੀ ਸਿਟੀ ਬੱਸ ਸਰਵਿਸ: ਮੇਅਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਪੰਜਾਬ ਸਰਕਾਰ ਵੱਲੋਂ ਹੁਣ ਇੱਥੋਂ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਨੇੜੇ ਅੰਤਰਰਾਜੀ ਬੱਸ ਅੱਡਾ ਬਣਾਇਆ ਜਾਵੇਗਾ। ਇਸ ਪ੍ਰਾਜੈਕਟ ਲਈ ਲੋੜੀਂਦੀ ਜ਼ਮੀਨ ਅਲਾਟ ਹੋ ਗਈ ਹੈ। ਜ਼ਮੀਨ ਦੀ ਨਿਸ਼ਾਨਦੇਹੀ ਅਤੇ ਮਿੰਨਤੀ ਦਾ ਕੰਮ ਵੀ ਕਰ ਲਿਆ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸ਼ਹਿਰ ਨੂੰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਫੇਜ਼-8 ਵਿੱਚ ਅੰਤਰਰਾਜੀ ਬੱਸ ਅੱਡਾ ਬਣਾਇਆ ਗਿਆ ਸੀ ਪ੍ਰੰਤੂ ਕਰੀਬ 25 ਸਾਲ ਬਾਅਦ ਮੌਜੂਦਾ ਕਾਂਗਰਸ ਸਰਕਾਰ ਨੇ ਹੀ ਪੁਰਾਣੇ ਅੱਡੇ ਨੂੰ ਤਹਿਸ ਨਹਿਸ ਕਰ ਕੇ ਸੁਖਬੀਰ ਬਾਦਲ ਦੇ ਸੁਪਨਮਈ ਪ੍ਰਾਜੈਕਟ ਏਸੀ ਬੱਸ ਅੱਡੇ ਨੂੰ ਚਲਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ, ਪ੍ਰੰਤੂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਬਣਾਇਆ ਨਵਾਂ ਏਸੀ ਬੱਸ ਅੱਡਾ ਮੌਜੂਦਾ ਸਮੇਂ ਵਿੱਚ ਖੰਡਰ ਬਣ ਕੇ ਰਹਿ ਗਿਆ ਹੈ। ਕਿਉਂਕਿ ਇਹ ਚੱਲਣ ਤੋਂ ਪਹਿਲਾਂ ਹੀ ਬੰਦ ਹੋ ਗਿਆ ਹੈ।
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਮੁਹਾਲੀ ਵਿੱਚ ਸਰਕਾਰੀ ਹਸਪਤਾਲ ਦਾ ਨੀਂਹ ਪੱਥਰ ਰੱਖਣ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਮੁਹਾਲੀ ਵਿੱਚ ਨਵਾਂ ਬੱਸ ਅੱਡਾ ਬਣਾਉਣ ਦੀ ਮੰਗ ਰੱਖੀ ਸੀ। ਜਿਸ ਨੂੰ ਮੌਕੇ ’ਤੇ ਹੀ ਮਨਜ਼ੂਰ ਕਰਦਿਆਂ ਚੰਨੀ ਨੇ ਲੋੜੀਂਦੇ ਫੰਡ ਦੇਣ ਦਾ ਐਲਾਨ ਕੀਤਾ ਸੀ।
ਉਧਰ, ਸ਼ਹਿਰ ਵਾਸੀਆਂ ਦੀ ਸ਼ੁਰੂ ਤੋਂ ਇਹ ਮੰਗ ਰਹੀ ਹੈ ਕਿ ਇੱਥੋਂ ਦੇ ਫੇਜ਼-8 ਵਿਚਲਾ ਪੁਰਾਣਾ ਅੰਤਰਰਾਜੀ ਬੱਸ ਅੱਡਾ ਮੁੜ ਚਾਲੂ ਕੀਤਾ ਜਾਵੇ ਕਿਉਂਕਿ ਇਸ ਦੇ ਨੇੜੇ ਪੰਜਾਬ ਸਰਕਾਰ ਦੇ ਕਈ ਸਰਕਾਰ ਦਫ਼ਤਰ ਅਤੇ ਹਸਪਤਾਲ ਹਨ। ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ, ਸਿੱਖਿਆ ਭਵਨ, ਗਮਾਡਾ\ਪੁੱਡਾ, ਵਿਕਾਸ ਭਵਨ, ਪੀਸੀਏ ਸਟੇਡੀਅਮ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ, ਪੰਜਾਬ ਵਿਜੀਲੈਂਸ ਬਿਊਰੋ, ਵਣ ਭਵਨ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਸਮੇਤ ਸਰਕਾਰ ਦੇ ਹੋਰ ਦਫ਼ਤਰ ਮੌਜੂਦ ਹਨ। ਇਨ੍ਹਾਂ ਦਫ਼ਤਰਾਂ ਅਤੇ ਇਤਿਹਾਸਕ ਅਸਥਾਨਾਂ ’ਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਉਂਦੇ ਜਾਂਦੇ ਹਨ। ਪੁਰਾਣੇ ਅੱਡੇ ਨੂੰ ਚਲਾਉਣ ਦੀ ਥਾਂ ਸਰਕਾਰ ਵੱਲੋਂ ਹੁਣ ਸੈਕਟਰ-78 ਬੱਸ ਵਿੱਚ ਨਵਾਂ ਅੱਡਾ ਬਣਾਉਣ ਲਈ ਹਰੀ ਝੰਡੀ ਦਿੱਤੀ ਗਈ ਹੈ।

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਿੱਚ ਨਵਾਂ ਅੰਤਰਰਾਜੀ ਬੱਸ ਅੱਡਾ ਬਣਾਉਣ ਲਈ ਮਨਜ਼ੂਰੀ ਅਤੇ ਜ਼ਮੀਨ ਦੇਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੁੱਡਾ ਮੰਤਰੀ ਸੁੱਖ ਸਰਕਾਰੀਆ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੈਕਟਰ-78 ਵਿੱਚ ਸਟੇਡੀਅਮ ਨੇੜੇ ਜ਼ਮੀਨ ਦੀ ਮਿੰਨਤੀ ਵੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਬਹੁਤ ਛੇਤੀ ਪੂਰੀ ਹੋ ਜਾਵੇਗੀ ਅਤੇ ਮੁਹਾਲੀ ਨੂੰ ਅੰਤਰਰਾਜੀ ਬੱਸ ਅੱਡਾ ਮਿਲੇਗਾ। ਜਿਸ ਦੀ ਪੂਰੇ ਸ਼ਹਿਰ ਦੇ ਨਾਲ ਕੁਨੈਕਟੀਵਿਟੀ ਹੋਵੇਗੀ। ਉਨ੍ਹਾਂ ਕਿਹਾ ਕਿ ਫੇਜ਼-6 ਵਿਚਲਾ ਏਸੀ ਬੱਸ ਅੱਡਾ ਸ਼ਹਿਰ ਤੋਂ ਬਿਲਕੁਲ ਬਾਹਰ ਹੈ ਜਦੋਂਕਿ ਨਵਾਂ ਬੱਸ ਅੱਡਾ ਸ਼ਹਿਰ ਦੇ ਕੇਂਦਰ ਵਿੱਚ ਸਥਾਪਿਤ ਹੋਵੇਗਾ। ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਲਗਾਤਾਰ ਯਤਨਾਂ ਸਦਕਾ ਹੀ ਮੁਹਾਲੀ ਵਿੱਚ ਅੰਤਰਰਾਜੀ ਬੱਸ ਅੱਡਾ ਮਨਜ਼ੂਰ ਹੋਇਆ ਹੈ ਅਤੇ ਇਸ ਨੂੰ ਛੇਤੀ ਹੀ ਉਸਾਰਿਆਂ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲਦੀ ਹੀ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਿਟੀ ਬੱਸ ਸਰਵਿਸ ਸ਼ੁਰੂ ਕੀਤੀ ਜਾ ਰਹੀ ਹੈ ਜੋ ਨਵੇਂ ਬੱਸ ਅੱਡੇ ਨਾਲ ਜੁੜੀ ਹੋਵੇਗੀ ਅਤੇ ਪੂਰੇ ਸ਼ਹਿਰ ਨੂੰ ਬੱਸ ਅੱਡੇ ਦੇ ਨਾਲ ਜੋੜ ਕੇ ਲੋਕਾਂ ਨੂੰ ਆਵਾਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਸਿੱਧੂ ਦਾ ਧੰਨਵਾਦ ਕੀਤਾ ਹੈ। ਜਿਨ੍ਹਾਂ ਦੀ ਬਦੌਲਤ ਮੁੱਖ ਮੰਤਰੀ ਤੋਂ ਨਵੇਂ ਬੱਸ ਅੱਡੇ ਦੇ ਪ੍ਰਾਜੈਕਟ ਅਪਰੂਵਲ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਤੇ ਸਿਰਫ਼ ਬਲਬੀਰ ਸਿੱਧੂ ਦੀ ਬਹੁਤ ਵੱਡੀ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਵਧੀਆ ਆਵਾਜਾਈ ਸੇਵਾਵਾਂ ਇਸ ਬੱਸ ਅੱਡੇ ਰਾਹੀਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨੇਪਰੇ ਚੜ੍ਹਨ ਨਾਲ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …