
ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕਰਨ ਲਈ ਛੇਤੀ ਨਵਾਂ ਕਾਨੂੰਨ ਲੈ ਕੇ ਆਵਾਂਗੇ: ਚੰਨੀ
ਅੱਠੇ ਪਹਿਰ ਟਹਿਲ ਸੇਵਾ ਲਹਿਰ ਦੇ ਸੇਵਾਦਾਰਾਂ ਨੇ ਮੁੱਖ ਮੰਤਰੀ ਤੇ ਸੁਖਬੀਰ ਬਾਦਲ ਨੂੰ ਸੌਂਪੇ ਮੰਗ ਪੱਤਰ
ਬੇਅਦਬੀ ਮਾਮਲਿਆਂ ਬਾਰੇ ਚਰਚਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ: ਗੁਰਪ੍ਰੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ:
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਐਲਾਨ ਕੀਤਾ ਕਿ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦੀਆਂ ਧਰਾਵਾਂ ਤਹਿਤ ਪਰਚੇ ਦਰਜ ਕਰਨ ਲਈ ਛੇਤੀ ਹੀ ਨਵਾਂ ਕਾਨੂੰਨ ਲਿਆਂਦਾ ਜਾਵੇਗਾ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜਾਵਾਂ ਦਿੱਤੀਆਂ ਜਾ ਸਕਣ। ਮੁੱਖ ਮੰਤਰੀ ਨੇ ਇਹ ਭਰੋਸਾ ਅੱਜ ਉਨ੍ਹਾਂ ਨਾਲ ਮੁਲਾਕਾਤ ਕਰਨ ਵੇਲੇ ਧਾਰਮਿਕ ਜਥੇਬੰਦੀ ‘ਅੱਠੇ ਪਹਿਰ ਟਹਿਲ ਸੇਵਾ ਲਹਿਰ’ ਦੇ ਉੱਚ ਪੱਧਰੀ ਵਫ਼ਦ ਨੂੰ ਦਿੱਤਾ। ਸੰਸਥਾ ਦੇ ਸੰਸਥਾਪਕ ਭਾਈ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੀ ਵਫ਼ਦ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਮੁੱਖ ਮੰਤਰੀ ਨੂੰ ਮੰਗ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਮੌਜੂਦ ਸਨ।
ਸਿੱਖਾਂ ਦੇ ਵਫ਼ਦ ਨੇ ਸ੍ਰੀ ਚੰਨੀ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਲਈ ਕਤਲ ਦੀ ਸਜ਼ਾ ਦਾ ਕਾਨੂੰਨ ਬਣਾਉਣ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ। ਜਿਸ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਮੁੱਖ ਮੰਤਰੀ ਨੇ ਖਿੜੇ ਮੱਥੇ ਪ੍ਰਵਾਨ ਕੀਤਾ। ਸੰਸਥਾ ਨੇ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਜਿਹਾ ਹੀ ਇਕ ਮੰਗ ਪੱਤਰ ਦਿੱਤਾ। ਇਸ ਤੋਂ ਇਲਾਵਾ ਆਪ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਸਮੇਤ ਹੋਰਨਾਂ ਆਗੂਆਂ ਨੂੰ ਮੰਗ ਪੱਤਰ ਦਿੱਤੇ ਗਏ।
ਗੁਰਪ੍ਰੀਤ ਸਿੰਘ ਖਾਲਸਾ ਨੇ ਦੱਸਿਆ ਕਿ ਗੁਰੂਘਰਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਲਈ ਆਉਣ ਵਾਲੇ ਦਿਨਾਂ ਵਿੱਚ ਸਮੂਹ ਗੁਰਦੁਆਰਾ ਕਮੇਟੀਆਂ ਅਤੇ ਗਰਾਮ ਪੰਚਾਇਤਾਂ ਨੂੰ ਪਿੰਡ-ਪਿੰਡ ਜਾ ਕੇ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਹਿਰਦੇ-ਵੇਧਕ ਘਟਨਾ ਕਾਰਨ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਤੋਂ ਪਹਿਲਾਂ ਬਰਗਾੜੀ, ਪਿੰਡ ਬੁਰਜਸਿੰਘਵਾਲਾ, ਕੋਟਕਪੂਰਾ ਅਤੇ ਹੋਰਨਾਂ ਥਾਵਾਂ ’ਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਹੁਣ ਤੱਕ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾ ਸਕੀਆਂ। ਉਨ੍ਹਾਂ ਕਿਹਾ ਕਿ ਡੂੰਘੀ ਸਾਜ਼ਿਸ਼ ਤਹਿਤ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਨਰਮ ਧਾਰਾ 295ਏ ਤਹਿਤ ਕੇਸ ਦਰਜ ਕੀਤੇ ਜਾਂਦੇ ਹਨ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਕਤਲ ਦੇ ਜੁਰਮ ਵਰਗੀਆਂ ਠੋਸ ਧਰਾਵਾਂ ਦਰਜ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਇਨ੍ਹਾਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।
ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿਰਫ਼ ਇੱਕ ਧਾਰਮਿਕ ਕਿਤਾਬ ਨਹੀਂ ਹੈ, ਬਲਕਿ ਇਨ੍ਹਾਂ ਨੂੰ ਗੁਰੂ ਪਦਵੀ ਪ੍ਰਾਪਤ ਹੈ। ਜਿਸ ਨੂੰ ਸਾਰਾ ਸੰਸਾਰ ਮੰਨਦਾ ਹੈ ਅਤੇ ਸੁਪਰੀਮ ਕੋਰਟ ਵੀ ਇਸ ਗੱਲ ਨੂੰ ਤਸਦੀਕ ਕਰ ਚੁੱਕੀ ਹੈ। ਇਨ੍ਹਾਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੂੰ ਕਤਲ ਦੇ ਤੁੱਲ ਸਜ਼ਾ ਨਿਰਧਾਰਿਤ ਕੀਤੀ ਜਾਵੇ। ਇਸ ਮੌਕੇ ਧਰਮਪਾਲ ਸਿੰਘ, ਲਖਵਿੰਦਰ ਸਿੰਘ, ਪਰਵਿੰਦਰ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ, ਲਵਜੋਤ ਸਿੰਘ ਅਤੇ ਸੁਖਜੀਤ ਸਿੰਘ ਵੀ ਹਾਜ਼ਰ ਸਨ।