ਮੁਹਾਲੀ ਦੇ ਨਵੇਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੀਵਰੇਜ ਪ੍ਰਾਜੈਕਟ ਦਾ ਲਿਆ ਜਾਇਜ਼ਾ

ਬਰਸਾਤਾਂ ਤੋਂ ਪਹਿਲਾਂ ਸ਼ੁਰੂ ਹੋਵੇਗੀ ਸੀਵਰੇਜ ਕਾਰਨ ਪੁੱਟੀ ਗਈ ਸੜਕ ’ਤੇ ਆਵਾਜਾਈ

ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਪੈਂਡਿੰਗ ਸੀਵਰੇਜ ਲਾਈਨ ਤੇ ਹੋਰ ਵਿਕਾਸ ਕੰਮ ਸ਼ੁਰੂ ਕਰਨ ਦੀਆਂ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਮੁਹਾਲੀ ਦੇ ਨਵੇਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਵੀਰਵਾਰ ਨੂੰ ਬਕਾਇਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪਹਿਲੇ ਹੀ ਦਿਨ ਉਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ ਸਮੇਤ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਨਾਲ ਲੈ ਕੇ ਸੀਵਰੇਜ ਪ੍ਰਾਜੈਕਟ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਕ ਮਹੀਨੇ ਦੇ ਅੰਦਰ ਅੰਦਰ ਇਹ ਕੰਮ ਮੁਕੰਮਲ ਕਰਕੇ ਬੰਦ ਪਈ ਸੜਕ ਨੂੰ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਮੌਕੇ ਜੀਤੀ ਸਿੱਧੂ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਲਾਈਨ ਦਾ ਕੰਮ ਮੁਕੰਮਲ ਕਰਕੇ ਫੇਜ਼-5 ਤੱਕ ਕਨੈਕਟ ਕੀਤਾ ਜਾਵੇ ਅਤੇ ਬਰਸਾਤਾਂ ਤੋ ਪਹਿਲਾਂ-ਪਹਿਲਾਂ ਸੜਕ ਨੂੰ ਆਵਾਜਾਈ ਲਈ ਖੋਲਿਆ ਜਾਵੇ। ਇਸੇ ਤਰ੍ਹਾਂ ਬਾਕੀ ਕੰਮ ਵੀ ਸਮੇਂ ਸਿਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੱਖ-ਵੱਖ ਵਿਕਾਸ ਕੰਮਾਂ ਦੀ ਨਜ਼ਰਸਾਨੀ ਕਰਨਗੇ ਅਤੇ ਲੋਕਾਂ ਨੂੰ ਕੁਆਲਿਟੀ ਵਰਕ ਮੁਕੰਮਲ ਕਰਵਾ ਕੇ ਦਿੱਤਾ ਜਾਵੇਗਾ।
ਜੀਤੀ ਸਿੱਧੂ ਨੇ ਕਿਹਾ ਕਿ ਅਮਰੁਤ ਸਕੀਮ ਦੇ ਤਹਿਤ ਕਰਵਾਏ ਜਾ ਰਹੇ ਇਸ ਕਾਰਜ ’ਤੇ 9.75 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ 8800 ਮੀਟਰ ਸੀਵਰੇਜ ਲਾਈਨ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 6000 ਮੀਟਰ ਸੀਵਰੇਜ ਲਾਈਨ ਪੈ ਚੁੱਕੀ ਹੈ ਜਦੋਂਕਿ 2800 ਮੀਟਰ ਕੰਮ ਪੈਂਡਿੰਗ ਪਿਆ ਹੈ। ਉਨ੍ਹਾਂ ਕਿਹਾ ਕਿ ਚਾਰ ਦਹਾਕੇ ਬਾਅਦ ਪਾਈ ਜਾ ਰਹੀ ਨਵੀਂ ਸੀਵਰੇਜ ਲਾਈਨ ਮੁਹਾਲੀ ਦੀ ਲਾਈਫਲਾਈਨ ਹੈ ਅਤੇ ਇਸ ਪ੍ਰਾਜੈਕਟ ਦਾ ਪਿਛਲੇ ਸਮੇਂ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਹੱਥੀਂ ਸ਼ੁਰੂ ਕਰਵਾਇਆ ਸੀ। ਹਾਲਾਂਕਿ ਸ਼ੁਰੂਆਤੀ ਦਿਨਾਂ ਵਿੱਚ ਇਹ ਕੰਮ ਜੰਗੀ ਪੱਧਰ ’ਤੇ ਚੱਲਿਆ ਸੀ ਪ੍ਰੰਤੂ ਬਾਅਦ ਵਿੱਚ ਅਚਾਨਕ ਠੱਪ ਹੋ ਗਿਆ ਸੀ, ਹੁਣ ਦੁਬਾਰਾ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਵਾਇਆ ਜਾਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ, ਨਗਰ ਨਿਗਮ ਦੇ ਐਕਸੀਅਨ ਵਿਕਟਰ ਸਿੰਘ ਸੱਭਰਵਾਲ, ਜਨ ਸਿਹਤ ਵਿੰਗ ਦੇ ਐਕਸੀਅਨ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…