
ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਦਿੱਤੀ ਚੰਡੀਗੜ੍ਹ ਦੇ ਸਹਿ ਇੰਚਾਰਜ ਦੀ ਨਵੀਂ ਜ਼ਿੰਮੇਵਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਆਮ ਆਦਮੀ ਪਾਰਟੀ (ਆਪ) ਵੱਲੋਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਮੁਹਾਲੀ ਦੇ ਪਹਿਲੇ ਮੇਅਰ ਰਹਿ ਚੁੱਕੇ ਹਨ ਅਤੇ ਮੇਅਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਈ ਅਹਿਮ ਕੰਮ ਕੀਤੇ ਗਏ ਸਨ। ਉਹ ਇਸ ਤੋਂ ਪਹਿਲਾਂ ਨਗਰ ਕੌਂਸਲ ਦੇ ਪ੍ਰਧਾਨ ਵੀ ਰਹੇ ਹਨ।
ਹਾਲਾਂਕਿ ਪਿਛਲੇ ਸਾਲ ਹੋਈਆਂ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਨੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਲੜੀਆਂ ਸਨ ਪ੍ਰੰਤੂ ਇਸ ਸਾਲ ਫਰਵਰੀ ਵਿੱਚ ਹੋਈਆਂ ਵਿਧਾਨ ਸਭਾ ਚੋਣ ਤੋਂ ਐਨ ਪਹਿਲਾਂ ਕੁਲਵੰਤ ਸਿੰਘ ਨੇ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਮੁਹਾਲੀ ਹਲਕੇ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਚੋਣਾਂ ਦੌਰਾਨ ਕੁਲਵੰਤ ਸਿੰਘ ਨੇ ਲਗਾਤਾਰ ਤਿੰਨ ਵਾਰ ਚੋਣ ਜਿੱਤ ਚੁੱਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਹਾਲਾਂਕਿ ਭਗਵੰਤ ਮਾਨ ਦੀ ਵਜ਼ਾਰਤ ਵਿੱਚ ਕੁਲਵੰਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਉਣ ਦੇ ਚਰਚੇ ਪੂਰੇ ਜ਼ੋਰਾਂ ’ਤੇ ਸਨ ਪ੍ਰੰਤੂ ਉਨ੍ਹਾਂ ਸਮੇਤ ਕਈ ਹੋਰ ਪ੍ਰਮੁੱਖ ਆਗੂ ਝੰਡੀ ਵਾਲੀ ਕਾਰ ਨੂੰ ਉਡੀਕਦੇ ਹੀ ਰਹਿ ਗਏ। ਜਿਸ ਕਾਰਨ ਕੁਲਵੰਤ ਸਿੰਘ ਦੇ ਸਮਰਥਕ ਅੰਦਰਖਾਤੇ ਸਖ਼ਤ ਨਾਰਾਜ਼ ਸਨ ਪਰ ਕੋਈ ਵੀ ਆਗੂ ਜਾਂ ਵਲੰਟੀਅਰ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ ਸੀ। ਲੇਕਿਨ ਹੁਣ ਪਾਰਟੀ ਨੇ ਉਨ੍ਹਾਂ (ਕੁਲਵੰਤ ਸਿੰਘ) ਨੂੰ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ ਇੰਚਾਰਜ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਧਰ, ਆਪ ਵਿਧਾਇਕ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ। ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਚੰਡੀਗੜ੍ਹ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੁਹਾਲੀ ਹਲਕੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ।