ਨਵੀਂ ਵਾਰਡਬੰਦੀ: ਪਿੰਡ ਕੁੰਭੜਾ ਨੂੰ ਤਿੰਨ ਹਿੱਸਿਆਂ ਵਿੱਚ ਵੰਡੇ ਜਾਣ ਤੋਂ ਭੜਕੇ ਲੋਕ

ਲੋਕਾਂ ਦੀ ਮੰਗ ਮੁਤਾਬਕ ਵਾਰਡਬੰਦੀ ਨਾ ਕਰਨ ’ਤੇ ਕੁੰਭੜਾ ਵਾਸੀਆਂ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਮੁਹਾਲੀ ਨਗਰ ਨਿਗਮ ਦੀਆਂ ਆਮ ਚੋਣਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੀਤੀ ਨਵੀਂ ਵਾਰਡਬੰਦੀ ਦੇ ਨਕਸ਼ੇ ਅਨੁਸਾਰ ਪਿੰਡ ਕੁੰਭੜਾ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜਿਸ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਹ ਵਿੱਚ ਆਏ ਲੋਕਾਂ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬਲਾਕ ਸਮਿਤੀ ਦੀ ਸਾਬਕਾ ਮੈਂਬਰ ਗੁਰਨਾਮ ਕੌਰ, ਮਨਜੀਤ ਸਿੰਘ, ਕਾਕਾ ਸਿੰਘ, ਲਾਭ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ, ਨੰਬਰਦਾਰ ਓਂਕਾਰ ਸਿੰਘ, ਨੰਬਰਦਾਰ ਜਸਵੀਰ ਸਿੰਘ, ਹਰਬੰਸ ਸਿੰਘ ਨੇ ਕਿਹਾ ਕਿ ਮੁਹਾਲੀ ਦੀ ਨਵੀਂ ਵਾਰਡਬੰਦੀ ਨਾਲ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁੰਭੜਾ ਨੂੰ ਵਾਰਡ ਨੰਬਰ-26, ਵਾਰਡ ਨੰਬਰ-27 ਅਤੇ ਵਾਰਡ ਨੰਬਰ-28 ਵਿੱਚ ਵੰਡ ਦਿੱਤਾ ਗਿਆ ਹੈ ਜਦੋਂਕਿ ਪਹਿਲਾਂ ਸਿਰਫ਼ ਦੋ ਵਾਰਡ ਸਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਇਸ ਬੇਤੁਕੀ ਵਾਰਡਬੰਦੀ ਤੋਂ ਬੇਹੱਦ ਅੌਖੇ ਹਨ। ਉਨ੍ਹਾਂ ਮੰਗ ਕੀਤੀ ਕਿ ਕੁੰਭੜਾ ਨੂੰ ਪਹਿਲਾਂ ਵਾਂਗ ਦੋ ਵਾਰਡਾਂ ਵਿੱਚ ਹੀ ਰਹਿਣ ਦਿੱਤਾ ਜਾਵੇ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਾਂ ਨਗਰ ਨਿਗਮ ਨੇ ਲੋਕਾਂ ਦੀ ਇਸ ਜਾਇਜ਼ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਉਹ ਨਗਰ ਨਿਗਮ ਚੋਣਾਂ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਅਤੇ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਨਵੀਂ ਵਾਰਡਬੰਦੀ ਵਿੱਚ 33 ਫੀਸਦੀ ਰਾਖਵੇਂਕਰਨ ਦੇ ਕੋਟੇ ਮੁਤਾਬਕ ਅਨੁਸੂਚਿਤ ਜਾਤੀ ਲਈ ਲਗਭਗ 16 ਸੀਟਾਂ ਦਿੱਤੀਆਂ ਜਾਣੀਆਂ ਬਣਦੀਆਂ ਸਨ ਪ੍ਰੰਤੂ ਵਾਰਡਬੰਦੀ ਦੇ ਪ੍ਰਸਤਾਵਿਤ ਨਕਸ਼ੇ ਅਨੁਸਾਰ ਮੁਹਾਲੀ ਵਿੱਚ ਸਿਰਫ਼ 5 ਸੀਟਾਂ ਅਨੁਸੂਚਿਤ ਜਾਤੀ ਅਤੇ 2 ਬੀਸੀ/ਓਬੀਸੀ ਲਈ ਰਾਖਵੀਆਂ ਰੱਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਅਜਿਹਾ ਕਰਕੇ ਭਾਰਤੀ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ ਅਤੇ ਦਲਿਤ ਅਤੇ ਪਛੜੇ ਵਰਗ ਦੇ ਲੋਕਾਂ ਤੋਂ ਸੰਵਿਧਾਨਕ ਹੱਕ ਖੋਹੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਿਗਮ ਚੋਣਾਂ ਵਿੱਚ ਰਾਖਵੇਂਕਰਨ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਕੁੰਭੜਾ ਨੂੰ ਤਿੰਨ ਹਿੱਸਿਆਂ ਵਿੱਚ ਵੰਡਣ ਦੀ ਥਾਂ ਸਿਰਫ਼ ਦੋ ਹਿੱਸਿਆ ਵਿੱਚ ਹੀ ਰੱਖਿਆ ਜਾਵੇ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…