nabaz-e-punjab.com

ਖਾੜਕੂ ਗਤੀਵਿਧੀਆਂ: ਐਨਆਈਏ ਅਦਾਲਤ ਵੱਲੋਂ ਮੁਲਜ਼ਮ ਨਿਸ਼ਾਨ ਸਿੰਘ ਦੀ ਜ਼ਮਾਨਤ ਮਨਜ਼ੂਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਪੰਜਾਬ ਵਿੱਚ ਖਾੜਕੂ ਗਤੀਵਿਧੀਆਂ ਦੀ ਯੋਜਨਾਬੰਦੀ ਅਤੇ ਸਾਜ਼ਿਸ਼ ਰਚਨ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨਿਸ਼ਾਨ ਸਿੰਘ ਪੁਨੀਆ ਨੂੰ ਵੱਡੀ ਰਾਹਤ ਦਿੰਦਿਆਂ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਨੇ ਆਪਣੇ ਵਕੀਲ ਰਣਜੋਧ ਸਿੰਘ ਸਰਾਓ ਰਾਹੀਂ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ’ਤੇ ਅੱਜ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ ਐਨਆਈਏ ਦੇ ਸਰਕਾਰੀ ਵਕੀਲ ਸੁਰਿੰਦਰ ਸਿੰਘ ਨੇ ਮੁਲਜ਼ਮ ਨੂੰ ਜ਼ਮਾਨਤ ਦੇਣ ਦਾ ਸਖ਼ਤ ਵਿਰੋਧ ਕਰਦਿਆਂ ਦਾਅਵਾ ਕੀਤਾ ਹੈ ਕਿ ਮੁਲਜ਼ਮ ਪੰਜਾਬ ਵਿੱਚ ਫਿਰ ਤੋਂ ਅਤਿਵਾਦ ਨੂੰ ਸੁਰਜੀਤ ਕਰਨ ਦੀ ਯੋਜਨਾ ਘੜ ਰਹੇ ਸੀ। ਨਿਸ਼ਾਨ ਸਿੰਘ ਤੇ ਸਾਥੀਆਂ ਖ਼ਿਲਾਫ਼ ਧਾਰਾ 120ਬੀ, 212,121ਏ, 122,123, ਅਸਲਾ ਐਕਟ ਸਮੇਤ ਹੋਰ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ’ਤੇ ਕਈ ਮਹੱਤਵਪੂਰਨ ਸਥਾਨਾਂ ਅਤੇ ਪ੍ਰਮੁੱਖ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਘੜਨ ਦਾ ਦੋਸ਼ ਹੈ। ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਕੁਲਵਿੰਦਰ ਜੀਤ ਸਿੰਘ ਉਰਫ਼ ਖਾਨਪੁਰੀਆ ਵਾਸੀ ਦੋਰਾਹਾ (ਲੁਧਿਆਣਾ) ਫਿਲਹਾਲ ਐਨਆਈਏ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੇ ਵਿਦੇਸ਼ ਵਿੱਚ ਛੁਪੇ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
ਉਧਰ, ਬਚਾਅ ਪੱਖ ਦੇ ਵਕੀਲ ਰਣਜੋਧ ਸਿੰਘ ਸਰਾਓ ਨੇ ਐਨਆਈਏ ਦੀਆਂ ਦਲੀਲਾਂ ਨੂੰ ਮਨਘੜਤ ਦੱਸਦਿਆਂ ਕਿਹਾ ਕਿ ਹੁਣ ਤੱਕ ਐਨਆਈਏ ਵੱਲੋਂ ਮੁਲਜ਼ਮ ਨਿਸ਼ਾਨ ਸਿੰਘ ਦੇ ਖ਼ਿਲਾਫ਼ ਨਾ ਤਾਂ ਚਲਾਨ ਹੀ ਪੇਸ਼ ਕੀਤਾ ਗਿਆ ਹੈ ਅਤੇ ਨਾ ਹੀ ਉਸ ਨੂੰ ਡਿਸਚਾਰਜ ਕੀਤਾ ਜਾ ਰਿਹਾ ਹੈ। ਜਦੋਂਕਿ ਐਨਆਈਏ ਦੀ ਜਾਂਚ ਟੀਮ ਰਵਿੰਦਰਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਮੇਹਣਾ (ਮੋਗਾ), ਹਰਚਰਨ ਸਿੰਘ ਅਤੇ ਜਗਦੇਵ ਸਿੰਘ ਉਰਫ਼ ਸੋਨੂੰ ਵਾਸੀ ਫਤਹਿਗੜ੍ਹ ਸਾਹਿਬ ਖ਼ਿਲਾਫ਼ ਚਲਾਨ ਪੇਸ਼ ਕਰ ਚੁੱਕੀ ਹੈ। ਅਦਾਲਤ ਨੇ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮੁਲਜ਼ਮ ਨਿਸ਼ਾਨ ਸਿੰਘ ਦੀ ਜ਼ਮਾਨਤ ਮਨਜ਼ੂਰ ਕਰ ਲਈ। ਅਦਾਲਤ ਨੇ ਮੁਲਜ਼ਮ ਨੂੰ 2 ਲੱਖ ਰੁਪਏ ਦਾ ਨਿੱਜੀ ਮੁਚੱਲਕਾ ਭਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…