Share on Facebook Share on Twitter Share on Google+ Share on Pinterest Share on Linkedin ਖਾੜਕੂ ਗਤੀਵਿਧੀਆਂ: ਐਨਆਈਏ ਅਦਾਲਤ ਵੱਲੋਂ ਤਿੰਨ ਖਾੜਕੂ ਕਾਰਕੁਨਾਂ ਖ਼ਿਲਾਫ਼ ਦੋਸ਼ ਤੈਅ ਇਕ ਮੁਲਜ਼ਮ ਨਿਸ਼ਾਨ ਸਿੰਘ ਪੁਨੀਆਂ ਨੂੰ ਕੀਤਾ ਕੇਸ ’ਚੋਂ ਡਿਸਚਾਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ: ਪੰਜਾਬ ਵਿੱਚ ਖਾੜਕੂ ਗਤੀਵਿਧੀਆਂ ਦੀ ਯੋਜਨਾਬੰਦੀ ਅਤੇ ਸਾਜ਼ਿਸ਼ ਰਚਨ ਦੇ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਐਨਆਈਏ ਦੀ ਜਾਂਚ ਟੀਮ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਖਾੜਕੂ ਕਾਰਕੁਨ ਰਵਿੰਦਰਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਮੇਹਣਾ (ਮੋਗਾ), ਹਰਚਰਨ ਸਿੰਘ ਅਤੇ ਜਗਦੇਵ ਸਿੰਘ ਉਰਫ਼ ਸੋਨੂੰ ਵਾਸੀ ਫਤਹਿਗੜ੍ਹ ਸਾਹਿਬ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਮੁਲਜ਼ਮਾਂ ਉੱਤੇ ਪੰਜਾਬ ਵਿੱਚ ਫਿਰ ਤੋਂ ਅਤਿਵਾਦ ਨੂੰ ਸੁਰਜੀਤ ਕਰਨ ਦੀ ਯੋਜਨਾ ਘੜਨ ਦਾ ਦੋਸ਼ ਹੈ। ਇਸ ਸਬੰਧੀ ਉਕਤ ਮੁਲਜ਼ਮਾਂ ਸਮੇਤ ਨਿਸ਼ਾਨ ਸਿੰਘ ਪੁਨੀਆਂ ਅਤੇ ਕੁਲਵਿੰਦਰਜੀਤ ਸਿੰਘ ਉਰਫ਼ ਖਾਨਪੁਰੀਆਂ ਵਾਸੀ ਦੋਰਾਹਾ (ਲੁਧਿਆਣਾ) ਦੇ ਖ਼ਿਲਾਫ਼ ਧਾਰਾ 120ਬੀ, 212,121ਏ, 122,123, ਅਸਲਾ ਐਕਟ ਸਮੇਤ ਹੋਰ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ’ਤੇ ਕਈ ਮਹੱਤਵਪੂਰਨ ਸਥਾਨਾਂ ਅਤੇ ਪ੍ਰਮੁੱਖ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਘੜਨ ਦਾ ਵੀ ਦੋਸ਼ ਹੈ। ਇਸ ਮਾਮਲੇ ਵਿੱਚ ਨਾਮਜ਼ਦ ਕੁਲਵਿੰਦਰ ਜੀਤ ਅਜੇ ਤਾਈਂ ਐਨਆਈਏ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੇ ਵਿਦੇਸ਼ ਵਿੱਚ ਛੁਪੇ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਉਧਰ, ਬਚਾਅ ਪੱਖ ਦੇ ਵਕੀਲ ਰਣਜੋਧ ਸਿੰਘ ਸਰਾਓ ਨੇ ਦੱਸਿਆ ਕਿ ਐਨਆਈਏ ਅਦਾਲਤ ਨੇ ਮੁਲਜ਼ਮ ਨਿਸ਼ਾਨ ਸਿੰਘ ਪੁਨੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਕਤ ਕੇਸ ’ਚੋਂ ਡਿਸਚਾਰਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਬਚਾਅ ਪੱਖ ਦੀ ਅਪੀਲ ’ਤੇ ਮੁਲਜ਼ਮ ਨੂੰ ਪੱਕੀ ਜ਼ਮਾਨਤ ਦਿੱਤੀ ਗਈ ਸੀ। ਇਸ ਸਬੰਧੀ ਮੁਲਜ਼ਮ ਕੋਲੋਂ 2 ਲੱਖ ਰੁਪਏ ਦਾ ਨਿੱਜੀ ਮੁਚੱਲਕਾ ਵੀ ਭਰਵਾਇਆ ਗਿਆ ਹੈ। ਉਨ੍ਹਾਂ ਨੇ ਐਨਆਈਏ ਦੀਆਂ ਦਲੀਲਾਂ ਨੂੰ ਮਨਘੜਤ ਦੱਸਦਿਆਂ ਕਿਹਾ ਕਿ ਹੁਣ ਤੱਕ ਐਨਆਈਏ ਵੱਲੋਂ ਮੁਲਜ਼ਮ ਨਿਸ਼ਾਨ ਸਿੰਘ ਦੇ ਖ਼ਿਲਾਫ਼ ਨਾ ਤਾਂ ਚਲਾਨ ਹੀ ਪੇਸ਼ ਕੀਤਾ ਗਿਆ ਹੈ ਅਤੇ ਨਾ ਹੀ ਉਸ ਨੂੰ ਡਿਸਚਾਰਜ ਕੀਤਾ ਜਾ ਰਿਹਾ ਸੀ। ਅੱਜ ਅਦਾਲਤ ਨੇ ਵੱਖ ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਨਿਸ਼ਾਨ ਸਿੰਘ ਨੂੰ ਡਿਸਚਾਰਜ ਕਰ ਦਿੱਤਾ ਹੈ। ਕੇਸ ਦੀ ਅਗਲੀ ਸੁਣਵਾਈ 9 ਅਪਰੈਲ ਨੂੰ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ