nabaz-e-punjab.com

ਐਨਆਈਏ ਅਦਾਲਤ ਨੇ ਖਾੜਕੂ ਕਾਰਕੁਨ ਪ੍ਰਗਟ ਸਿੰਘ ਨੂੰ ਜੇਲ੍ਹ ਭੇਜਿਆ

ਮੁਲਜ਼ਮ ਪ੍ਰਗਟ ਸਿੰਘ ’ਤੇ ਦੇਸ਼ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦੇਣ, ਨੌਜਵਾਨਾਂ ਨੂੰ ਵਰਗਲਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ:
ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਗ੍ਰਿਫ਼ਤਾਰ ਸਿੱਖ ਫਾਰ ਜਸਟਿਸ ਨਾਲ ਸਬੰਧਤ ਖਾੜਕੂ ਕਾਰਕੁਨ ਪ੍ਰਗਟ ਸਿੰਘ ਵਾਸੀ ਤਰਮਾਲਾ (ਸ੍ਰੀ ਮੁਕਤਸਰ ਸਾਹਿਬ) ਨੂੰ ਛੇ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਖਾੜਕੂ ਕਾਰਕੁਨ ਨੂੰ 27 ਜੁਲਾਈ ਤੱਕ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਪ੍ਰਗਟ ਸਿੰਘ ਦੇ ਖ਼ਿਲਾਫ਼ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ’ਤੇ ਦੇਸ਼ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦੇਣ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਮਾਹੌਲ ਨੂੰ ਖ਼ਰਾਬ ਕਰਨ ਲਈ ਨੌਜਵਾਨਾਂ ਨੂੰ ਵਰਗਲਾਉਣ ਦਾ ਦੋਸ਼ ਹੈ।
ਐਨਆਈਏ ਦੀ ਮੁੱਢਲੀ ਜਾਂਚ ਅਨੁਸਾਰ ਪ੍ਰਗਟ ਸਿੰਘ ਸਿੱਖ ਫਾਰ ਜਸਟਿਸ ਦੀਆਂ ਕਥਿਤ ਤੌਰ ’ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਵਿਦੇਸ਼ੀ ਮੁਲਕਾਂ ਵਿੱਚ ਬੈਠੇ ਅਪਰਾਧੀ ਕਿਸਮ ਦੇ ਕੁਝ ਵਿਅਕਤੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੱਟੜਪੰਥੀ ਸਿੱਖ ਨੌਜਵਾਨਾਂ ਨੂੰ ਲਾਮਬੰਦ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ। ਜਾਂਚ ਵਿੱਚ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਪ੍ਰਗਟ ਸਿੰਘ ਅਤੇ ਹੋਰ ਪਹਿਲਾਂ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਮੁਲਜ਼ਮਾਂ ਨੂੰ ਵਿਦੇਸ਼ਾਂ ’ਚੋਂ ਵੱਖ-ਵੱਖ ਮਨੀ ਟਰਾਂਸਫ਼ਰ ਸਰਵਿਸ ਰਾਹੀਂ ਫੰਡ ਪ੍ਰਾਪਤ ਹੋਏ ਹਨ। ਇਸ ਮਾਮਲੇ ਵਿੱਚ ਹੁਣ ਤੱਕ ਗੁਰਵਿੰਦਰ ਸਿੰਘ ਉਰਫ਼ ਰਾਹੁਲ, ਸੁਖਮੰਦਰ ਸਿੰਘ, ਸੁਖਰਾਜ ਸਿੰਘ ਉਰਫ਼ ਰਾਜੂ, ਹਰਮੀਤ ਸਿੰਘ, ਜਤਿੰਦਰ ਸਿੰਘ, ਮਲਕੀਤ ਸਿੰਘ ਮੰਗਾ, ਮਨਜੀਤ ਸਿੰਘ, ਬਿਕਰਮਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜੋ ਇਸ ਸਮੇਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਐਨਆਈਏ ਦੀ ਜਾਂਚ ਟੀਮ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ ਅਤੇ ਹੁਣ ਪ੍ਰਗਟ ਸਿੰਘ ਦੇ ਖ਼ਿਲਾਫ਼ ਵੱਖਰਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …