ਐਨਆਈਏ ਵੱਲੋਂ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਕਾਰਕੁਨ ਪਰਮਜੀਤ ਪੰਮਾ ਦੇ ਘਰ ਛਾਪੇਮਾਰੀ

ਮਾਪਿਆਂ ਦੀ ਅਪੀਲ ’ਤੇ ਡਿਪਟੀ ਮੇਅਰ ਦੀ ਮੌਜੂਦਗੀ ਵਿੱਚ ਲਈ ਘਰ ਦੀ ਤਲਾਸ਼ੀ

ਵਿਦੇਸ਼ ਵਿੱਚ ਰਹਿੰਦੇ ਪਰਮਜੀਤ ਪੰਮੇ ਨਾਲ ਸਾਡਾ ਕੋਈ ਸਬੰਧ ਨਹੀਂ: ਪਿਤਾ ਅਮਰੀਕ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 1 ਅਗਸਤ:
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਦੇਸ਼ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਵਿਸ਼ੇਸ਼ ਟੀਮ ਨੇ ਅੱਜ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਖ਼ਾਲਿਸਤਾਨ ਲਹਿਰ ਨਾਲ ਜੁੜੇ ਵਿਅਕਤੀਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਇੰਗਲੈਂਡ ਰਹਿੰਦੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਕਾਰਕੁਨ ਪਰਮਜੀਤ ਸਿੰਘ ਉਰਫ਼ ਪੰਮਾ ਦੇ ਮੁਹਾਲੀ ਦੇ ਫੇਜ਼-3ਬੀ-2 ਸਥਿਤ ਘਰ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਅਤੇ ਇੱਥੇ ਰਹਿੰਦੇ ਉਸ ਦੇ ਬਜ਼ੁਰਗ ਮਾਤਾ ਪਿਤਾ ਤੋਂ ਪੁੱਛਗਿੱਛ ਕੀਤੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਪਿਛਲੇ ਦਿਨੀਂ ਵਿਦੇਸ਼-ਆਧਾਰਿਤ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਪਾਕਿਸਤਾਨ ਦੀ ਆਈਐਸਆਈ ਦੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਸਵੇਰੇ 6 ਵਜੇ ਪੰਮੇ ਦੇ ਘਰ ਪਹੁੰਚੀ ਅਤੇ ਉਸਦੇ ਮਾਪਿਆਂ ਨੂੰ ਘਰ ਦੀ ਤਲਾਸ਼ੀ ਲੈਣ ਬਾਰੇ ਕਿਹਾ। ਇਸ ਮੌਕੇ ਮੁਹਾਲੀ ਪੁਲੀਸ ਦੇ ਪੁਰਸ ਅਤੇ ਮਹਿਲਾ ਕਰਮਚਾਰੀਆਂ ਦੀ ਟੁਕੜੀ ਵੀ ਮੌਜੂਦ ਸੀ। ਪਰਮਜੀਤ ਪੰਮੇ ਦੇ ਮਾਪਿਆਂ ਨੇ ਇਲਾਕੇ ਦੇ ਕੌਂਸਲਰ ਦੀ ਹਾਜ਼ਰੀ ਵਿੱਚ ਕਾਰਵਾਈ ਕਰਨ ਦੀ ਗੁਹਾਰ ਲਗਾਈ ਗਈ। ਇਸ ਮਗਰੋਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਮੌਕੇ ’ਤੇ ਸੱਦਿਆ ਗਿਆ ਅਤੇ ਘਰ ਦੀ ਤਲਾਸ਼ੀ ਲਈ ਗਈ। ਐਨਆਈਏ ਦੀ ਟੀਮ ਦੀ ਅਗਵਾਈ ਇੰਸਪੈਕਟਰ ਪੱਧਰ ਦਾ ਅਧਿਕਾਰੀ ਕਰ ਰਿਹਾ ਸੀ। ਤਲਾਸ਼ੀ ਦੌਰਾਨ ਐਨਆਈਏ ਦੀ ਟੀਮ ਨੂੰ ਘਰ ’ਚੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਟੀਮ ਨੇ ਪੰਮੇ ਦੇ ਮਾਪਿਆਂ ਦੇ ਬਿਆਨ ਵੀ ਦਰਜ ਕੀਤੇ ਅਤੇ ਡਿਪਟੀ ਮੇਅਰ ਦੀ ਗਵਾਹੀ ਪੁਆਉਣ ਉਪਰੰਤ ਟੀਮ ਵਾਪਸ ਪਰਤ ਗਈ।
ਪਰਮਜੀਤ ਪੰਮਾ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਐਨਆਈਏ ਦੀ ਟੀਮ ਸਵੇਰੇ 6 ਕੁ ਵਜੇ ਉਨ੍ਹਾਂ ਦੇ ਘਰ ਪਹੁੰਚੀ। ਉਨ੍ਹਾਂ ਸਪੱਸ਼ਟ ਕੀਤਾ ਵਿਦੇਸ਼ ਰਹਿੰਦੇ ਉਨ੍ਹਾਂ ਦਾ ਆਪਣੇ ਪੁੱਤਰ ਨਾਲ ਕੋਈ ਸਬੰਧ ਨਹੀਂ ਹੈ। ਇਸ ਸਬੰਧੀ ਉਹ ਪਹਿਲਾਂ ਵੀ ਪੁਲੀਸ ਨੂੰ ਜਾਣਕਾਰੀ ਦੇ ਚੁੱਕੇ ਹਨ ਪ੍ਰੰਤੂ ਇਸ ਦੇ ਬਾਵਜੂਦ ਜਾਂਚ ਏਜੰਸੀਆਂ ਵੱਲੋਂ ਵਾਰ-ਵਾਰ ਉਨ੍ਹਾਂ ਦੇ ਘਰ ’ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਅੱਜ ਵੀ ਜਾਂਚ ਏਜੰਸੀ ਨੂੰ ਉਨ੍ਹਾਂ ਦੇ ਘਰ ’ਚੋਂ ਕੋਈ ਇਤਰਾਜ਼ਯੋਗ ਦਸਤਾਵੇਜ਼ ਜਾਂ ਸਮੱਗਰੀ ਨਹੀਂ ਮਿਲੀ।
ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਐਨਆਈਏ ਨੂੰ ਜਦੋਂ ਇਸ ਗੱਲ ਦੀ ਜਾਣਕਾਰੀ ਹੈ ਕਿ ਪੰਮਾ ਆਪਣੇ ਮਾਪਿਆਂ ਦੇ ਸੰਪਰਕ ਵਿੱਚ ਨਹੀਂ ਹੈ। ਫਿਰ ਇਸ ਤਰੀਕੇ ਨਾਲ ਬਜ਼ੁਰਗ ਜੋੜੇ ਨੂੰ ਬਿਨਾਂ ਵਜ੍ਹਾ ਤੰਗ ਕਰਨ ਦੀ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਇਸ ਤਕਨੀਕੀ ਯੁੱਗ ਵਿੱਚ ਜਦੋਂ ਪੁਲੀਸ ਹਰ ਗੱਲ ਦਾ ਪਤਾ ਲਗਾਉਣ ਦੇ ਸਮਰਥ ਹੈ ਅਤੇ ਪੁਲੀਸ ਨੂੰ ਵੀ ਬਿਨਾਂ ਵਜ੍ਹਾ ਕਿਸੇ ਸੀਨੀਅਰ ਸਿਟੀਜ਼ਨ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …