
ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਨਿਸ਼ਾਨ ਸਿੰਘ ਤੋਂ ਵੀ ਹੋ ਸਕਦੀ ਹੈ ਪੁੱਛਗਿੱਛ
ਮੁਹਾਲੀ ਅਦਾਲਤ ਨੇ ਮੁਲਜ਼ਮ ਨੂੰ ਮੁੜ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ਉੱਤੇ ਪਿਛਲੀ ਦਿਨੀਂ ਰਾਕੇਟ ਪ੍ਰੋਪੇਲਡ ਗ੍ਰੇਨਾਈਟ (ਆਰਪੀਜੀ) ਨਾਲ ਕੀਤੇ ਹਮਲੇ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਫਰੀਦਕੋਟ ਜੇਲ੍ਹ ’ਚੋਂ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨਿਸ਼ਾਨ ਸਿੰਘ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਪੁਲੀਸ ਦੀ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਗੰਭੀਰ ਦੋਸ਼ਾਂ ਦਾ ਵੀ ਸਾਹਮਣਾ ਕਰ ਰਿਹਾ ਹੈ। ਉਸ ਦੇ ਖ਼ਿਲਾਫ਼ ਫਰੀਦਕੋਟ ਥਾਣੇ ਵਿੱਚ ਪਹਿਲਾਂ ਹੀ ਵੱਖਰਾ ਪਰਚਾ ਦਰਜ ਹਨ। ਮੁਹਾਲੀ ਹਮਲੇ ਸਬੰਧੀ ਵੀ ਨਿਸ਼ਾਨ ਸਿੰਘ ’ਤੇ ਮੁਲਜ਼ਮਾਂ ਨੂੰ ਰਾਕੇਟ ਪ੍ਰੋਪੇਲਡ ਗ੍ਰੇਨਾਈਟ (ਆਰਪੀਜੀ) ਮੁਹੱਈਆ ਕਰਵਾਉਣ ਅਤੇ ਮੁਲਜ਼ਮਾਂ ਨੂੰ ਪਨਾਹ ਦੇਣ ਦਾ ਦੋਸ਼ ਹੈ। ਪੁਲੀਸ ਸੂਤਰਾਂ ਦੀ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਕੋਲੋਂ ਸਿੱਧੂ ਮੂਸੇਵਾਲਾ ਦੀ ਹੱਤਿਆ ਮਾਮਲੇ ਵਿੱਚ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸਨੋਈ ਗਰੁੱਪ ਨੇ ਲਈ ਹੈ।
ਉਧਰ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਪੰਜ ਮੁਲਜ਼ਮ ਬਲਜਿੰਦਰ ਸਿੰਘ ਰੈਂਬੋ ਵਾਸੀ ਪੱਟੀ (ਤਰਨਤਾਰਨ), ਜਗਦੀਪ ਸਿੰਘ ਕੰਗ, ਕੰਵਰਜੀਤ ਸਿੰਘ ਉਰਫ਼ ਕੰਵਲ ਬਾਠ ਵਾਸੀ ਗੁੰਮਟਾਲਾ (ਅੰਮ੍ਰਿਤਸਰ), ਬਲਜੀਤ ਕੌਰ ਉਰਫ਼ ਸੁਖੀ ਵਾਸੀ ਕੋਟ ਖਾਲਸਾ (ਅੰਮ੍ਰਿਤਸਰ), ਅਨੰਤਦੀਪ ਸੋਨੂ ਵਾਸੀ ਅੰਮ੍ਰਿਤਸਰ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਵਿੱਚ ਬੰਦ ਹਨ।
ਸੋਹਾਣਾ ਥਾਣਾ ਦੇ ਐਸਐਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਜਾਂਚ ਟੀਮ ਨੇ ਸਰਕਾਰੀ ਵਕੀਲ ਰਾਹੀਂ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਮੁਲਜ਼ਮ ਨਿਸ਼ਾਨ ਸਿੰਘ ਦੇ ਦੁਬਾਰਾ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਕੋਲੋਂ ਵਾਰਦਾਤ ਨੂੰ ਅੰਜਾਮ ਦੇਣ ਅਤੇ ਧਮਾਕਾ ਖੇਜ ਸਮੱਗਰੀ ਦੀ ਸਪਲਾਈ ਲਈ ਵਰਤੀ ਸਵਿਫ਼ਟ ਕਾਰ ਅਤੇ ਏਕੇ-47 ਰਾਈਫ਼ਲ ਦੇ ਕੁੱਝ ਰੌਂਦ ਬਰਾਮਦ ਕੀਤੇ ਗਏ ਹਨ ਪ੍ਰੰਤੂ ਮੁਲਜ਼ਮ ਆਪਣੇ ਮੋਬਾਈਲ ਫੋਨ ਬਾਰੇ ਕੁੱਝ ਨਹੀਂ ਦੱਸ ਰਿਹਾ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਮੋਬਾਈਲ ਕਬਜ਼ੇ ਵਿੱਚ ਲੈ ਕੇ ਛਾਣਬੀਣ ਕਰਨੀ ਹੈ। ਪੁਲੀਸ ਦਾ ਮੰਨਣਾ ਹੈ ਕਿ ਮੁਲਜ਼ਮ ਦੇ ਮੋਬਾਈਲ ਦੀ ਜਾਂਚ ਤੋਂ ਬਾਅਦ ਬਾਕੀ ਮੁਲਜ਼ਮਾਂ ਬਾਰੇ ਅਹਿਮ ਖੁਲਾਸੇ ਹੋ ਸਕਦੇ ਹਨ। ਅਦਾਲਤ ਨੇ ਸਰਕਾਰੀ ਪੱਖ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਮੁਲਜ਼ਮ ਨਿਸ਼ਾਨ ਸਿੰਘ ਨੂੰ ਮੁੜ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਪੁਲੀਸ ਅਨੁਸਾਰ ਨਿਸ਼ਾਨ ਸਿੰਘ ਨੇ ਮੁਹਾਲੀ ਹਮਲੇ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਏ ਮੁਲਜ਼ਮਾਂ ਦੇ ਛੁਪਣ ਟਿਕਾਣੇ ਬਾਰੇ ਪੁਲੀਸ ਨੂੰ ਅਹਿਮ ਸੁਰਾਗ ਮਿਲੇ ਹਨ। ਉਨ੍ਹਾਂ ਦੱਸਿਆ ਕਿ ਫਰਾਰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਵਾਰਦਾਤ ਨੂੰ ਪਾਕਿਸਤਾਨ ਦੀ ਆਈਐਆਈ ਏਜੰਸੀ ਦੀ ਸਹਿ ’ਤੇ ਬੱਬਰ ਖ਼ਾਲਸਾ ਅਤੇ ਗੈਂਗਸਟਰਾਂ ਦੇ ਗੱਠਜੋੜ ਨੇ ਬੀਤੀ 9 ਮਈ ਨੂੰ ਰਾਤ ਸਮੇਂ ਕਰੀਬ ਪੌਣੇ ਅੱਠ ਵਜੇ ਅੰਜਾਮ ਦਿੱਤਾ ਸੀ। ਪੁਲੀਸ ਅਨੁਸਾਰ ਨਿਸ਼ਾਨ ਸਿੰਘ ਨੇ ਹੀ ਮੁਲਜ਼ਮਾਂ ਨੂੰ ਰਾਕੇਟ ਪ੍ਰੋਪੇਲਡ ਗ੍ਰੇਨਾਈਟ (ਆਰਪੀਜੀ) ਸਪਲਾਈ ਕੀਤਾ ਸੀ ਅਤੇ ਆਪਣੇ ਘਰ ਪਨਾਹ ਦਿੱਤੀ ਸੀ। ਹਮਲੇ ਤੋਂ ਕੁੱਝ ਦਿਨ ਪਹਿਲਾਂ ਉਸ ਨੂੰ ਤਰਨ ਤਾਰਨ ਵਿੱਚ ਦੋ ਤਿੰਨ ਅਣਪਛਾਤੇ ਵਿਅਕਤੀਆਂ ਨੇ ਇਹ ਧਮਾਕਾਖ਼ੇਜ਼ ਸਮੱਗਰੀ ਮੁਹੱਈਆ ਕਰਵਾਈ ਸੀ। ਇਸ ਪੂਰੇ ਮਾਮਲੇ ਦਾ ਮਾਸਟਰ ਮਾਈਂਡ ਗੈਂਗਸਟਰ ਲਖਵੀਰ ਸਿੰਘ ਲੰਡਾ ਹੈ, ਜੋ ਸਾਲ 2017 ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਹ ਪਾਕਿਤਸਾਨ ਵਿੱਚ ਰਹਿੰਦੇ ਗੈਂਗਸਟਰ ਹਰਵਿੰਦਰ ਸਿੰਘ ਰਿੰਕਾ ਦੀ ਸੱਜੀ ਬਾਂਹ ਮੰਨਿਆ ਜਾਂਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਹਮਲਾਵਰ 7 ਮਈ ਤੱਕ ਅੰਮ੍ਰਿਤਸਰ ਅਤੇ ਤਰਨ ਤਾਰਨ ਇਲਾਕੇ ਵਿੱਚ ਰਹੇ ਹਨ। ਉਪਰੰਤ ਉਹ ਮੁਹਾਲੀ ਦੇ ਸੈਕਟਰ-85 ਸਥਿਤ ਵੈਵ ਹਾਈਟਸ ਸੁਸਾਇਟੀ ਵਿੱਚ ਰਹਿੰਦੇ ਜਗਦੀਪ ਕੰਗ ਕੋਲ ਆ ਕੇ ਰੁਕੇ ਸੀ ਅਤੇ ਉਨ੍ਹਾਂ ਨੇ ਦੋ ਦਿਨ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ਦੀ ਰੈਕੀ ਕੀਤੀ ਅਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।