nabaz-e-punjab.com

ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਹੋਣ ਕਾਰਨ ਕਿਸੇ ਵੀ ਆਂਗਨਵਾੜੀ ਕੇਂਦਰ ਨੂੰ ਨਹੀਂ ਕੀਤਾ ਜਾਵੇਗਾ ਬੰਦ: ਪੰਜਾਬ ਸਰਕਾਰ

ਦੀਨਾਨਗਰ ਵਿੱਚ ਸਿੱਖਿਆ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕੀਤੀ ਆਂਗਣਵਾੜੀ ਵਰਕਰਾਂ ਨਾਲ ਅਹਿਮ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਨਵੰਬਰ:
ਅੱਜ ਦੀਨਾਨਗਰ ਵਿੱਚ ਆਂਗਨਵਾੜੀ ਵਰਕਰਾਂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਤੇ ਗੁਰਦਾਸਪੁਰ ਤੋਂ ਲੋਕ ਸਭਾ ਦੇ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨਾਲ ਇਕ ਮੀਟਿੰਗ ਹੋਈ ਜਿਸ ਵਿੱਚ ਭਰੋਸਾ ਦਿਵਾਇਆ ਗਿਆ ਕਿ ਆਂਗਨਵਾੜੀ ਕੇਂਦਰ ਬੰਦ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਕਿਸੇ ਆਂਗਨਵਾੜੀ ਵਰਕਰ ਨੂੰ ਨੌਕਰੀ ਤੋਂ ਕੱਢਿਆ ਜਾਵੇਗਾ। ਇੱਥੇ ਇਹ ਦੱਸਣ ਯੋਗ ਹੈ ਕਿ ਆਂਗਨਵਾੜੀ ਵਰਕਰ ਜੋ ਕੁਝ ਦਿਨ ਪਹਿਲਾਂ ਸ੍ਰੀਮਤੀ ਚੌਧਰੀ ਨੂੰ ਮਿਲੀਆਂ ਸਨ ਨੇ ਖਦਸ਼ਾ ਪ੍ਰਗਟਾਇਆ ਸੀ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਹੋਣ ਕਾਰਨ ਆਂਗਨਵਾੜੀ ਕੇਂਦਰ ਬੰਦ ਹੋਣ ਕਾਰਨ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ। ਇਸ ਖਦਸ਼ੇ ਨੂੰ ਸਿੱਖਿਆ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਨੇ ਮੁਢੋ ਖਾਰਜ ਕਰਦਿਆਂ ਕਿਹਾ ਕਿ ਕੋਈ ਵੀ ਆਂਗਨਵਾੜੀ ਕੇਂਦਰ ਬੰਦ ਨਹੀਂ ਕੀਤਾ ਜਾਵੇਗਾ।
ਸਰਕਾਰੀ ਬੁਲਾਰੇ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਕਿ ਸਿਧਾਂਤਕ ਤੌਰ ਤੇ ਸਮੂਹ ਆਂਗਨਵਾੜੀ ਕੇਂਦਰ ਪ੍ਰਾਇਮਰੀ ਸਕੂਲਾਂ ਵਿਖੇ ਚਲਾਏ ਜਾਣੇ ਚਾਹੀਦੇ ਹਨ ਅਤੇ ਜਿਹੜੇ ਬੱਚੇ ਇਨ੍ਹਾਂ ਆਂਗਨਵਾੜੀ ਕੇਂਦਰਾਂ ਵਿੱਚ ਦਾਖਲ ਹਨ ਉਨ੍ਹਾਂ ਬੱਚਿਆਂ ਦਾ ਨਾਮ ਵੀ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਦਰਜ਼ ਕੀਤਾ ਜਾਣਾ ਹੁੰਦਾ ਹੈ। ਇਸੇ ਤਰਜ ਤੇ ਸਿੱਖਿਆ ਵਿਭਾਗ ਪੰਜਾਬ ਅਤੇ ਸਮਾਜਿਕ ਸੁਰੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਤਬਦੀਲ ਕਰਨ ਲਈ ਯਤਨਸ਼ੀਲ ਹਨ ਤਾਂ ਜੋ ਆਂਗਨਵਾੜੀ ਵਰਕਰ ਬੱਚਿਆਂ ਦੀ ਦੇਖਭਾਲ ਦੇ ਨਾਲ-ਨਾਲ ਉਨ੍ਹਾਂ ਦੇ ਪੋਸ਼ਕ ਗਤੀਵਿਧੀਆਂ ਵਿੱਚ ਸਹਾਇਤਾ ਕਰ ਸਕਣ ਅਤੇ ਅਧਿਆਪਕ ਸਹੀ ਤਰੀਕੇ ਨਾਲ ਬੱਚਿਆਂ ਨੂੰ ਪੜ੍ਹਾ ਸਕਣ। ਪ੍ਰੰਤੂ ਬਦਕਿਸਮਤੀ ਨਾਲ ਮੌਜੂਦਾ ਢਾਂਚੇ ਵਿੱਚ ਆਂਗਨਵਾੜੀ ਵਰਕਰ ਅਤੇ ਅਧਿਆਪਕ ਆਪਣੇ ਮੁੱਖ ਕਾਰਜ ਉੱਤੇ ਧਿਆਨ ਕੇਂਦਰਤ ਕਰਨ ਵਿੱਚ ਅਸਮਰੱਥ ਹਨ ਜਿਸ ਕਾਰਨ ਦੋਹਾਂ ਦੀ ਗੁਣਵੱਤਾ ਅਤੇ ਮਾਪ ਦੰਡ ਪ੍ਰਭਾਵਿਤ ਹੋ ਰਹੇ ਹਨ।
ਸਰਕਾਰੀ ਬੁਲਾਰੇ ਨੇ ਕਿਹਾ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕਰਨ ਦਾ ਮਕਸਦ ਹੀ ਬੱਚਿਆਂ ਨੂੰ ਸਹੀ ਤਰੀਕੇ ਨਾਲ ਸਿੱਖਿਆ ਦੇਣ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਾਮਲਿਆਂ ਵਿੱਚ ਆਂਗਨਵਾੜੀ ਕੇਂਦਰਾਂ ਨੂੰ ਸਬੰਧਤ ਸਕੂਲਾਂ ਵਿੱਚ ਤਬਦੀਲ ਕਰਨਾ ਸੰਭਵ ਨਹੀਂ ਹੈ, ਉਨ੍ਹਾਂ ਸਕੂਲਾਂ ਵਿੱਚ ਆਂਗਨਵਾੜੀ ਕੇਂਦਰ ਲਈ ਇਮਾਰਤ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜਦੋਂ ਤੱਕ ਇਮਾਰਤ ਬਣ ਕੇ ਤਿਆਰ ਨਹੀਂ ਹੋ ਜਾਂਦੀ ਉਦੋਂ ਤੱਕ ਅਧਿਆਪਕ ਮੌਜੂਦਾ ਆਂਗਨਵਾੜੀ ਕੇਂਦਰ ਵਿੱਚ ਜਾ ਕੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਸਿੱਖਿਆ ਦੇਣਗੇ। ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਸਿੱਖਿਆ ਅਧੀਨ ਬੱਚਿਆਂ ਨੂੰ ਪੜ੍ਹਾਉਣ ਲਈ ਖੇਡ ਵਿਧੀ ਚੁਣੀ ਹੈ ਜਿਸ ਵਿੱਚ ਬੱਚੇ ਖੇਡ-ਖੇਡ ਵਿੱਚ ਹੀ ਸਿੱਖਿਆ ਹਾਸਲ ਕਰਨਗੇ ਅਤੇ ਇਹ ਸਿੱਖਿਆ ਰੋਜ਼ਾਨਾ ਇੱਕ ਘੰਟੇ ਲਈ ਹੀ ਹੋਵੇਗੀ। ਇਨ੍ਹਾਂ ਬੱਚਿਆਂ ਲਈ ਸਕੂਲ ਸਿੱਖਿਆ ਅਤੇ ਸਮਾਜ ਭਲਾਈ ਵਿਭਾਗ ਸਾਂਝੇ ਤੌਰ ਤੇ ਪਾਠਕ੍ਰਮ ਤਿਆਰ ਕਰਨਗੇ ਅਤੇ ਇਸ ਸਬੰਧੀ ਦਿਸ਼ਾ ਨਿਰਦੇਸ਼ ਸਾਂਝੇ ਤੌਰ ਤੇ ਜਾਰੀ ਕਰਨਗੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…