Share on Facebook Share on Twitter Share on Google+ Share on Pinterest Share on Linkedin ਲਾਲ ਬੱਤੀ ਬਾਰੇ ਨੀਤੀ ਵਿੱਚ ਕੋਈ ਤਬਦੀਲੀ ਨਹੀਂ: ਕੈਪਟਨ ਅਮਰਿੰਦਰ ਸਿੰਘ ਮੁੱਖ ਸਕੱਤਰ ਨੂੰ ਫੌਰੀ ਤੌਰ ’ਤੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਹਨਾਂ ’ਤੇ ਲਾਲ ਬੱਤੀਆਂ ਦੀ ਵਰਤੋਂ ਬਾਰੇ ਸਰਕਾਰ ਦੀ ਨੀਤੀ ਵਿੱਚ ਕਿਸੇ ਤਰ੍ਹਾਂ ਦੀ ਤਬਦੀਲੀ ਕਰਨ ਤੋਂ ਇਨਕਾਰ ਕਰਦਿਆਂ ਸਪੱਸ਼ਟ ਕੀਤਾ ਕਿ ਇਸ ਵਿੱਚ ਰੱਤੀ ਭਰ ਵੀ ਨਰਮੀ ਨਹੀਂ ਲਿਆਂਦੀ ਜਾਵੇਗੀ। ਇਹ ਸਪੱਸ਼ਟੀਕਰਨ ਉਸ ਵੇਲੇ ਸਾਹਮਣੇ ਆਇਆ ਜਦੋਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚੋਂ ਕੁਝ ਸਤਰਾਂ ਚੁੱਕ ਕੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਨੂੰ ਲਾਲ ਬੱਤੀ ਤੋਂ ਛੋਟ ਦੇਣ ਦੀ ਗੱਲ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਇਕ ਨੋਟੀਫਿਕੇਸ਼ਨ ਵਜੋਂ ਸ਼ੋਸਲ ਮੀਡੀਆ ’ਤੇ ਸਾਹਮਣੇ ਆਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਗਲਤੀ ਨਾਲ ਚੋਣ ਮੈਨੀਫੈਸਟੋ ਦੇ ਹਿੱਸੇ ਨੂੰ ਨੋਟੀਫਿਕੇਸ਼ਨ ਵਜੋਂ ਪ੍ਰਕਾਸ਼ਿਤ ਕਰ ਦਿੱਤਾ ਜੋ ਸ਼ੋਸ਼ਲ ਮੀਡੀਆ ’ਤੇ ਆ ਗਿਆ। ਬੁਲਾਰੇ ਅਨੁਸਾਰ ਟਰਾਂਸਪੋਰਟ ਵਿਭਾਗ ਨੇ ਬਾਅਦ ਵਿੱਚ ਇਹ ਹੁਕਮ ਵਾਪਸ ਲੈ ਲਿਆ। ਇੱਥੋਂ ਤੱਕ ਕਿ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨੋਟੀਫਿਕੇਸ਼ਨ ਦਰੁਸਤ ਕਰਕੇ ਉਨ੍ਹਾਂ ਦੀ ਪ੍ਰਵਾਨਗੀ ਲਈ ਭੇਜਣ ਲਈ ਆਖਿਆ। ਬੁਲਾਰੇ ਅਨੁਸਾਰ ਲਾਲ ਬੱਤੀਆਂ ਦੇ ਮਾਮਲੇ ’ਤੇ ਅਜੇ ਕੋਈ ਵੀ ਹੁਕਮ ਜਾਰੀ ਨਹੀਂ ਹੋਇਆ। ਇਸ ਸਬੰਧੀ ਨੋਟੀਫਿਕੇਸ਼ਨ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਛੇਤੀ ਹੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਪ੍ਰਸਤਾਵਿਤ ਲਾਲ ਬੱਤੀਆਂ ਤੋਂ ਛੋਟ ਦਿੱਤੀ ਗਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਵੈ-ਇੱਛਾ ਨਾਲ ਆਪਣੀ ਪਹਿਲੀ ਮੀਟਿੰਗ ਵਿੱਚ ਲਾਲ ਬੱਤੀ ਦੀ ਵਰਤੋਂ ਨਾ ਕਰਨ ਦਾ ਫੈਸਲਾ ਲਿਆ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੇ ਇਸ ਫੈਸਲੇ ਤੋਂ ਕੁਝ ਘੰਟਿਆਂ ਬਾਅਦ ਹੀ ਮੁੱਖ ਮੰਤਰੀ ਤੇ ਮੰਤਰੀਆਂ ਨੇ ਆਪਣੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ ਸਨ। ਇਸ ਸਬੰਧੀ ਲਏ ਸਟੈਂਡ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਨਾ ਆਉਣ ’ਤੇ ਜ਼ੋਰ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ.ਆਈ.ਪੀ. ਕਲਚਰ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲਾਲ ਬੱਤੀ ਇਸ ਦਾ ਦਿੱਖ ਸੰਕੇਤ ਹਨ। ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵਡੇਰੇ ਹਿੱਤਾਂ ਤੇ ਜਮਹੂਰੀਅਤ ਦੇ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ, ਪਾਰਟੀ ਵਿਧਾਇਕਾਂ ਅਤੇ ਹੋਰਨਾਂ ਨੂੰ ਵੀ ਵੀ.ਆਈ.ਪੀ. ਸੱਭਿਆਚਾਰ ਤਿਆਗਣ ਦੇ ਸਬੰਧ ਵਿੱਚ ਸਹਿਯੋਗ ਕਰਨ ਦੀ ਨਿੱਜੀ ਤੌਰ ’ਤੇ ਅਪੀਲ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ