nabaz-e-punjab.com

ਪੰਜਾਬ ਵਿੱਚ ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਨੂੰ ਕੋਈ ਮੁਆਵਜ਼ਾ ਨਹੀਂ ਮਿਲੇਗਾ: ਮੁੱਖ ਮੰਤਰੀ

ਡੇਰਾ ਹਿੰਸਾ ਦੀ ਜਾਂਚ ਕਰਨ ਦਾ ਫੈਸਲਾ ਕੇਂਦਰ ਸਰਕਾਰ ਦੇ ਹੱਥ, ਪ੍ਰਧਾਨ ਮੰਤਰੀ ਵੱਲੋਂ ਹਿੰਸਾ ਦੀ ਕੀਤੀ ਨਿਖੇਧੀ ਦਾ ਸਵਾਗਤ

ਕੇਂਦਰ ਸਰਕਾਰ ਪਾਸੋਂ ਹਿੰਸਾ ਨੂੰ ਅੰਜ਼ਾਮ ਦੇਣ ਵਾਲਿਆਂ ਖ਼ਿਲਾਫ਼ ਵੀ ਸਖ਼ਤੀ ਨਾਲ ਨਜਿੱਠਣ ਦੀ ਉਮੀਦ

ਬਾਬੇ ਨੂੰ ਸੁਣਾਈ ਜਾਣ ਵਾਲੀ ਸਜ਼ਾ ਦੇ ਮੱਦੇਨਜ਼ਰ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਪੁਲੀਸ ਨੂੰ ਦਿੱਤੀ ਖੁੱਲ੍ਹੀ ਛੁੱਟੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮਾਨਸਾ/ਮੌੜ/ਬਠਿੰਡਾ, 27 ਅਗਸਤ:
ਲੰਘੇ ਸ਼ੁੱਕਰਵਾਰ ਨੂੰ ਵਾਪਰੀ ਡੇਰਾ ਹਿੰਸਾ ਦੀ ਜਾਂਚ ਦਾ ਫੈਸਲਾ ਕੇਂਦਰ ਸਰਕਾਰ ’ਤੇ ਛੱਡਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕਾਨੂੰਨ ਭੰਗ ਕਰਨ ਵਾਲੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਸਰਕਾਰ ਕੋਈ ਮੁਆਵਜ਼ਾ ਨਹੀਂ ਦੇਵੇਗੀ ਜੋ ਰਾਮ ਰਹੀਮ ਖਿਲਾਫ਼ ਅਦਾਲਤੀ ਫੈਸਲੇ ਤੋਂ ਬਾਅਦ ਪੰਚਕੂਲਾ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਸਨ। ਮੁੱਖ ਮੰਤਰੀ ਨੇ ਅੱਜ ਪੰਜਾਬ ਦੇ ਮਾਲਵਾ ਖੇਤਰ ਵਿੱਚ ਸੰਵੇਦਨਸ਼ੀਲ ਜ਼ਿਲ੍ਹਿਆਂ ਦੇ ਲਗਪਗ ਅੱਧੀ ਦਰਜਨ ਇਲਾਕਿਆਂ ਜਿੱਥੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਖਿਲਾਫ਼ ਅਦਾਲਤ ਦੇ ਫੈਸਲੇ ਮਗਰੋਂ ਹਿੰਸਾ ਦੀਆਂ ਇੱਕਾ-ਦੁੱਕਾ ਘਟਨਾਵਾਂ ਵਾਪਰੀਆਂ ਸਨ, ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਆਖੀ।
ਮਾਲਵਾ ਖੇਤਰ ਵਿੱਚ ਪੱਤਰਕਾਰਾਂ ਵੱਲੋਂ ਮੁੱਖ ਮੰਤਰੀ ਨੂੰ ਪੁੱਛਿਆ ਗਿਆ ਕਿ ਕੀ ਕੇਂਦਰ ਸਰਕਾਰ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਭੰਗ ਹੋਣ ਦੀ ਜਾਂਚ ਕਰਵਾਉਣ ਚਾਹੀਦੀ ਹੈ ਤਾਂ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਇਸ ਦੀ ਜਾਂਚ ਕਰਵਾਉਣ ਦਾ ਫੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ ਕਿਉਂਕਿ ਇਸ ਨਾਲ ਪੰਚਕੂਲਾ ਅਤੇ ਹਰਿਆਣਾ ਦੇ ਬਾਕੀ ਹਿੱਸਿਆਂ ਦੇ ਨਾਲ-ਨਾਲ ਪੰਜਾਬ ਤੇ ਦਿੱਲੀ ਵਿੱਚ ਵੱਡੀ ਪੱਧਰ ’ਤੇ ਅਰਾਜਕਤਾ ਅਤੇ ਹਿੰਸਾ ਫੈਲੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਦਾ ਫੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ। ਉਨ੍ਹਾਂ ਨੇ ਮੁੜ ਆਖਿਆ ਕਿ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਪੰਚਕੂਲਾ ਵਿੱਚ ਵੱਡੀ ਭੀੜ ਜੁੜਨ ਦੀ ਇਜਾਜ਼ਤ ਦੇਣ ਨਾਲ ਹੀ ਗੜਬੜ ਪੈਦਾ ਹੋਣ ਦਾ ਮੁੱਖ ਕਾਰਨ ਬਣਿਆ ਹੈ। ਇਸ ਨਾਲ ਖ਼ੂਨ-ਖ਼ਰਾਬਾ ਹੋਇਆ ਜਿਸ ਵਿੱਚ ਹੁਣ ਤੱਕ 24 ਮ੍ਰਿਤਕਾਂ ਦੀ ਸ਼ਨਾਖਤ ਹੋ ਚੁੱਕੀ ਹੈ ਜਿਨ੍ਹਾਂ ਵਿੱਚੋਂ 11-11 ਮ੍ਰਿਤਕ ਪੰਜਾਬ ਤੇ ਹਰਿਆਣਾ ਦੇ ਹਨ ਜਦਕਿ 1-1 ਮ੍ਰਿਤਕ ਰਾਜਸਥਾਨ ਅਤੇ ਉਤਰਾਖੰਡ ਤੋਂ ਹੈ। ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਵੱਲੋਂ ਡੇਰਾ ਹਿੰਸਾ ਦਾ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ ਦਾ ਸਵਾਗਤ ਕਰਦਿਆਂ ਉਮੀਦ ਜ਼ਾਹਰ ਕੀਤੀ ਕਿ ਕੇਂਦਰ ਸਰਕਾਰ ਹਿੰਸਾ ਵਿੱਚ ਸ਼ਾਮਲ ਅਪਰਾਧੀਆਂ ਨਾਲ ਕਰੜੇ ਹੱਥੀਂ ਨਜਿੱਠੇਗੀ।
ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਜਾਂ ਦੇਸ਼ ਦੇ ਕਿਸੇ ਵੀ ਖਿੱਤੇ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਣੀ ਚਾਹੀਦੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਰਾਬਤਾ ਰੱਖਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਭਾਵੇਂ ਕਿ ਪੰਜਾਬ ਦੀਆਂ ਖੁਫ਼ੀਆ ਏਜੰਸੀਆਂ ਵੱਲੋਂ ਗੁਆਂਢੀ ਸੂਬੇ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਲਗਾਤਾਰ ਖੁਫ਼ੀਆ ਜਾਣਕਾਰੀ ਸਾਂਝੀ ਕੀਤੀ ਜਾਂਦੀ ਰਹੀ ਸੀ। ਬਲਾਤਕਾਰ ਦੇ ਦੋਸ਼ੀ ਰਾਮ ਰਹੀਮ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਗੜਬੜ ਕਰਨ ਵਾਲੇ ਸੰਭਾਵੀ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਪੁਲਿਸ ਨੂੰ ਖੁੱਲ੍ਹੀ ਛੁੱਟੀ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਹਰ ਕੀਮਤ ’ਤੇ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਜਨਤਕ ਅਤੇ ਪ੍ਰਾਈਵੇਟ ਜਾਇਦਾਦ ਨੂੰ ਹੋਏ ਨੁਕਸਾਨ ਦੀ ਸੂਚੀ ਤਿਆਰ ਕਰ ਰਹੀ ਹੈ ਪਰ ਉਨ੍ਹਾਂ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ ਜਿਨ੍ਹਾਂ ਨੇ ਕਾਨੂੰਨ ਆਪਣੇ ਹੱਥ ਵਿੱਚ ਲਿਆ ਅਤੇ ਹਿੰਸਕ ਕਾਰਵਾਈਆਂ ਵਿੱਚ ਸ਼ਾਮਲ ਹੋਏ।
ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਜਾਇਦਾਦ ਦੇ ਨੁਕਸਾਨ ਦੀ ਭਰਪਾਈ ਡੇਰੇ ਪਾਸੋਂ ਕਰਨ ਲਈ ਜਾਇਦਾਦਾਂ ਦੀ ਸੂਚੀ ਹਾਈ ਕੋਰਟ ਨੂੰ ਸੌਂਪੀ ਜਾਵੇਗੀ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ ਡੇਰਾ ਸਮਰਥਕਾਂ ਦਾ ਗੜ੍ਹ ਮੰਨੇ ਜਾਂਦੇ ਸੰਵੇਦਨਸ਼ੀਲ ਬਠਿੰਡਾ ਜ਼ੋਨ ਦੇ ਸੱਤ ਜ਼ਿਲ੍ਹਿਆਂ ਵਿੱਚ 107/151 ਦੀਆਂ ਧਾਰਾਵਾਂ ਤਹਿਤ ਇਹਤਿਆਤ ਵਜੋਂ 45 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਨੇ ਇਲਾਕੇ ਵਿੱਚ ਹਾਲਾਤ ’ਤੇ ਤਸੱਲੀ ਪ੍ਰਗਟ ਕਰਦਿਆਂ ਦੱਸਿਆ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਵਿੱਚ ਘਬਰਾਹਟ ਦਾ ਕੋਈ ਸੰਕੇਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 23 ਐਫ.ਆਈ.ਆਰਜ ਦਰਜ ਕੀਤੀਆਂ ਗਈਆਂ ਹਨ ਅਤੇ 30 ਗ੍ਰਿਫਤਾਰੀਆਂ ਕੀਤੀਆ ਗਈਆਂ ਹਨ, ਉਨ੍ਹਾਂ ਨਾਲ ਹੀ ਕਿਹਾ ਕਿ 62 ਪੈਟਰੋਲ ਬੰਬ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦਰਜਨ ਕਾਰਤੂਸਾਂ ਸਮੇਤ ਇਕ 12 ਬੋਰ ਦੀ ਬੰਦੂਕ ਅਤੇ 28 ਕਾਰਤੂਸਾਂ ਨਾਲ ਇਕ 22 ਬੋਰ ਦਾ ਰਿਵਾਲਵਰ ਵੀ ਬਰਾਮਦ ਕੀਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਖੇਤਰ ਵਿੱਚ ਦਿਨ ਦਾ ਕਰਫਿਊ ਹਟਾ ਲਿਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਰਾਤ ਦੇ ਹਾਲਾਤ ਦੀ ਸਮੀਖਿਆ ਕਰੇਗਾ। ਮਾਨਸਾ ਤੋਂ ਇਲਾਵਾ ਮੁੱਖ ਮੰਤਰੀ ਨੇ ਕੋਟਲੀ ਕਲਾਂ ਤੋਂ ਆਪਣਾ ਦੌਰਾ ਸ਼ੁਰੂ ਕੀਤਾ ਅਤੇ ਉਨ੍ਹਾਂ ਨੇ ਮੌੜ, ਬਠਿੰਡਾ, ਬੱਲੂਆਣਾ (ਬਠਿੰਡਾ ਦਿਹਾਤੀ), ਗਿੱਦੜਬਾਹਾ ਅਤੇ ਮਲੋਟ ਦੇ ਖੇਤਰਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਲੋਕਾਂ ਨਾਲ ਮੁਲਾਕਤ ਕੀਤੀ ਅਤੇ ਸੁਰੱਖਿਆ ਦਸਤਿਆਂ ਦਾ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਸੁਰੱਖਿਆ ਕਰਮੀਆਂ ਦਾ ਹਾਲ-ਚਾਲ ਪੱੁਛਿਆ ਅਤੇ ਨਾਲ ਹੀ ਪੱੁਛਿਆ ਕਿ ਕੀ ਮੌਜੂਦਾ ਸਥਿਤੀਆਂ ਕਾਰਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਤਾਂ ਨਹੀਂ ਕਰਨਾ ਪੈ ਰਿਹਾ। ਉਨ੍ਹਾਂ ਨੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਲਈ ਧੰਨਵਾਦ ਕੀਤਾ ਅਤੇ ਚੌਕਸੀ ਰੱਖਣ ਵਾਲੇ ਮਰਦਾਂ ਅਤੇ ਅੌਰਤ ਸੁਰੱਖਿਆ ਮੁਲਾਜ਼ਮਾਂ ਨੂੰ ਫਲ ਵੰਡੇ। ਬਠਿੰਡਾ ਦਿਹਾਤੀ ਵਿਚ ਮੁੱਖ ਮੰਤਰੀ ਨੇ ਹਿੰਸਾ ਵਿੱਚ ਨੁਕਸਾਨੇ ਗਏ ਬੱਲੂਆਣਾ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਸਟਾਫ ਮੈਂਬਰਾਂ ਨਾਲ ਗੱਲ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਸ਼ੁੱਕਰਵਾਰ ਦੇ ਘਟਨਾਕ੍ਰਮ ਦੇ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਕਿ ਕਿਸ ਤਰਾਂ ਹਥਿਆਰਬੰਦ ਵਿਅਕਤੀ ਰੇਲਵੇ ਦਫ਼ਤਰ ਵਿੱਚ ਦਾਖਲ ਹੋਏ ਅਤੇ ਖਿੜਕੀਆਂ, ਕੰਪਿਊਟਰ ਆਦਿ ਦੀ ਭੰਨ-ਤੋੜ ਕੀਤੀ ਅਤੇ ਰੇਲਵੇ ਸਟੇਸ਼ਨ ਨੂੰ ਅੱਗ ਲਾਉਣ ਦਾ ਅਸਫਲ ਯਤਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਡੇਰਾ ਸਮਰਥਕਾਂ ਦੁਆਰਾ ਜਾਇਦਾਦ ਅਤੇ ਵਾਹਨਾਂ ’ਤੇ ਹਮਲੇ ਦੇ ਮਾਮਲਿਆਂ ਤੋਂ ਬਾਅਦ ਪੰਜਾਬ ਵਿੱਚ ਹਿੰਸਾ ਦੀ ਕੋਈ ਤਾਜ਼ਾ ਘਟਨਾ ਨਹੀਂ ਵਾਪਰੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਚਕੂਲਾ ਵਿੱਚ ਹੋਈ ਹਿੰਸਾ ਵਿੱਚ ਪੰਜਾਬ ਦੇ ਅੱਠ ਵਿਅਕਤੀ ਮਾਰੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਹਾਲਾਤ ਪੂਰੀ ਤਰ੍ਹਾਂ ਸਥਿਰ ਹਨ। ਉਨ੍ਹਾਂ ਨੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਖਿੱਤੇ ਵਿੱਚ ਅਮਨ-ਸ਼ਾਂਤੀ ਵਿੱਚ ਵਿਘਨ ਨਾ ਪੈਣ ਦੇਣ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਕਾਇਮੀ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨਾਲ ਵਿੱਤ ਮੰਤਰੀ ਮਨਪ੍ਰੀਤ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡੀਜੀਪੀ ਸੁਰੇਸ਼ ਅਰੋੜਾ, ਡੀਜੀਪੀ ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…