ਖੇਤਾਂ ਵਿੱਚ ਪਰਾਲੀ ਸਾੜਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ: ਡੀਸੀ ਆਸ਼ਿਕਾ ਜੈਨ

ਵਾਤਾਵਰਨ ਮੁਆਵਜ਼ੇ ਦੀ ਵਸੂਲੀ ਦੇ ਨਾਲ-ਨਾਲ ਰੈਵੀਨਿਊ ਰਿਕਾਰਡ ’ਚ ਰੈੱਡ ਐਂਟਰੀ ਦੇ ਹੁਕਮ

ਵਾਤਾਵਰਨ ਦੇ ਨੁਕਸਾਨ ਦੇ ਮੁੱਦੇ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 25 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪਿਛਲੇ ਦੋ ਦਿਨਾਂ ਤੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਐਸਡੀਐਮਜ਼, ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਦੇ ਕੰਮ ਦੀ ਸਮੀਖਿਆ ਦੌਰਾਨ ਉਨ੍ਹਾਂ ਨੂੰ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣ ਅਤੇ ਫਾਇਰ ਟੈਂਡਰਾਂ ਜਾਂ ਹੋਰ ਤਰੀਕਿਆਂ ਨਾਲ ਅੱਗ ’ਤੇ ਤੁਰੰਤ ਕਾਬੂ ਪਾਉਣ ਸਮੇਤ ਸਬੰਧਤ ਲੋਕਾਂ ਤੋਂ ਵਾਤਾਵਰਨ ਮੁਆਵਜ਼ਾ ਵਸੂਲੀ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਸਬਸਿਡੀ ’ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਪਰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵਾਧਾ ਸਾਫ਼ ਤੌਰ ’ਤੇ ਵਾਤਾਵਰਨ ਦੇ ਨੁਕਸਾਨਦੇਹ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਸੈਟੇਲਾਈਟ ਦੇ ਹਵਾਲੇ ਨਾਲ ਅੱਗ ਦੀਆਂ ਘਟਨਾਵਾਂ ਦੇ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 79 ਘਟਨਾਵਾਂ ਦੀ ਸੂਚੀ ਮਿਲੀ ਹੈ, ਜਿਨ੍ਹਾਂ ’ਚੋਂ 55 ਥਾਵਾਂ ਦਾ ਦੌਰਾ ਕਰਨ ’ਤੇ 18 ਥਾਵਾਂ ’ਤੇ ਅਜਿਹੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ 47500 ਰੁਪਏ ਦਾ ਵਾਤਾਵਰਨ ਮੁਆਵਜ਼ਾ ਪਾਇਆ ਗਿਆ ਹੈ। ਇਨ੍ਹਾਂ ਕੇਸਾਂ ਵਿੱਚ ਮੁਹਾਲੀ ਸਬ ਡਿਵੀਜ਼ਨ ਵਿੱਚ ਇੱਕ ਜਦਕਿ ਡੇਰਾਬੱਸੀ ਸਬ ਡਿਵੀਜ਼ਨ ਵਿੱਚ 17 ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਪੀਆਰਐਸਸੀ ਨੇ 24 ਘਟਨਾਵਾਂ ਦੀ ਰਿਪੋਰਟ ਕੀਤੀ ਹੈ ਜੋ ਨੋਡਲ ਅਫਸਰਾਂ ਵੱਲੋਂ ਖੇਤਾਂ ਦਾ ਦੌਰਾ ਕਰਕੇ ਦੇਖੀਆਂ ਜਾ ਰਹੀਆਂ ਹਨ।
ਡੀਸੀ ਨੇ ਕਿਹਾ ਕਿ ਜਿਵੇਂ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਵੀ ਸੂਬੇ ਵਿੱਚ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ, ਇਸ ਲਈ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਐਸਡੀਐਮਜ਼ ਨੂੰ ਕਿਹਾ ਗਿਆ ਹੈ ਕਿ ਉਹ ਉਲੰਘਣਾ ਕਰਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਕਰਨ ਤੋਂ ਇਲਾਵਾ ਉਨ੍ਹਾਂ ਤੋਂ ਵਾਤਾਵਰਨ ਮੁਆਵਜ਼ੇ ਦੀ ਵਸੂਲੀ ਕਰਨ। ਉਨ੍ਹਾਂ ਕਿਸਾਨਾਂ ਨੂੰ ਵਾਰ-ਵਾਰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਭਰਪੂਰ ਮਾਤਰਾ ਹੈ ਅਤੇ ਸਾਨੂੰ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਸੰਭਾਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਨੇੜੇ ਸੀਆਰਐਮ ਮਸ਼ੀਨਰੀ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਹੈਲਪਲਾਈਨ ਨੰਬਰ 0172-2219505 ਅਤੇ 2219506 ਵੀ ਜਾਰੀ ਕੀਤੇ ਹਨ।
ਉਨ੍ਹਾਂ ਨੇ ਫੀਲਡ ਵਿੱਚ ਤਾਇਨਾਤ ਐਸਡੀਐਮਜ਼, ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨੂੰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੂੰ ਸਰਕਾਰੀ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ਦੀ ਰੋਜ਼ਾਨਾ ਰਿਪੋਰਟਿੰਗ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…